ਦਵਾਰਕਾ(ਗੁਜਰਾਤ), 2 ਸਤੰਬਰ
ਮੁੱਖ ਅੰਸ਼
- ਚੋਣ ਵਾਅਦਿਆਂ ਦੀ ਝੜੀ ਲਾਈ
- ਐੱਮਐੱਸਪੀ ’ਤੇ ਜਿਣਸਾਂ ਦੀ ਖਰੀਦ, 24 ਘੰਟੇ ਬਿਜਲੀ, ਨਵੇਂ ਸਿਰਿਓਂ ਜ਼ਮੀਨਾਂ ਦੇ ਸਰਵੇਖਣ ਤੇ ਫਸਲਾਂ ਦੇ ਨੁਕਸਾਨ ਲਈ 20,000 ਪ੍ਰਤੀ ਏਕੜ ਮੁਆਵਜ਼ੇ ਦੀ ਵੀ ਦਿੱਤੀ ਗਾਰੰਟੀ
ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੁਜਰਾਤ ਦੇ ਕਿਸਾਨਾਂ ਲਈ ‘ਕਰਜ਼ਾ ਮੁਆਫ਼ੀ’ ਸਣੇ ਛੇ ਗਾਰੰਟੀਆਂ ਦਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਗੁਜਰਾਤ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਇਹ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਜਾਣਗੀਆਂ। ਦੇਵਭੂਮੀ ਦਵਾਰਕਾ ਜ਼ਿਲ੍ਹੇ ਦੇ ਦਵਾਰਕਾ ਕਸਬੇ ਵਿੱਚ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਗੁਜਰਾਤ ਦੀ ਸੱਤਾ ਵਿੱਚ ਆਉਣ ’ਤੇ ਕਿਸਾਨਾਂ ਤੋਂ ਘੱਟੋ-ਘੱਟ ਸਮਰਥਨ ਮੁੱਲ ’ਤੇ ਫਸਲਾਂ ਦੀ ਖਰੀਦ ਲਈ ਇਕ ਢਾਂਚਾ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਸਾਨਾਂ ਨਾਲ ਵਾਅਦਾ ਕੀਤਾ ਕਿ ਨਵੇਂ ਸਿਰੇ ਤੋਂ ਉਨ੍ਹਾਂ ਦੀਆਂ ਜ਼ਮੀਨਾਂ ਦੇ ਸਰਵੇਖਣ ਕਰਵਾਏ ਜਾਣਗੇ। ਆਪ’ ਆਗੂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਪਹਿਲਾਂ ਪੰਜ ਖੇਤੀ ਜਿਣਸਾਂ- ਕਣਕ, ਚਾਵਲ, ਕਪਾਹ, ਛੋਲੇ ਤੇ ਮੂੰਗਫਲੀ ਦੀ ਐੱਮਐੱਸਪੀ ’ਤੇ ਖਰੀਦ ਦੇ ਪ੍ਰੋਗਰਾਮ ਨੂੰ ਯਕੀਨੀ ਬਣਾਏਗੀ। ਮਗਰੋਂ ਹੋਰ ਜ਼ਰੂਰੀ ਵਸਤਾਂ ਨੂੰ ਇਸ ਵਿਚ ਸ਼ਾਮਲ ਕੀਤਾ ਜਾਵੇਗਾ। ਕੇਜਰੀਵਾਲ ਨੇ ਸੂਬੇ ਦੇ ਕਿਸਾਨਾਂ ਨੂੰ 24 ਘੰਟੇ ਲਈ ਬਿਜਲੀ ਦੇਣ ਦਾ ਵਾਅਦਾ ਵੀ ਕੀਤਾ। ਉਨ੍ਹਾਂ ਕਿਹਾ ਕਿ ਗੁਜਰਾਤ ਦੇ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦੇਵਾਂਗੇ। -ਪੀਟੀਆਈ