ਨਵੀਂ ਦਿੱਲੀ, 24 ਜੂਨ
ਸੁਪਰੀਮ ਕੋਰਟ ਨੇ 2002 ਦੇ ਗੁਜਰਾਤ ਦੰਗਿਆਂ ਦੇ ਮਾਮਲੇ ਵਿਚ ਤੱਤਕਾਲੀ ਮੁੱਖ ਮੰਤਰੀ ਨਰਿੰਦਰ ਮੋਦੀ ਸਮੇਤ 64 ਵਿਅਕਤੀਆਂ ਨੂੰ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਵੱਲੋਂ ਦਿੱਤੀ ਗਈ ਕਲੀਨ ਚਿੱਟ ਨੂੰ ਚੁਣੌਤੀ ਦੇਣ ਵਾਲੀ ਜ਼ਕੀਆ ਜਾਫ਼ਰੀ ਦੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਜ਼ਕੀਆ ਕਾਂਗਰਸ ਦੇ ਸੰਸਦ ਮੈਂਬਰ ਅਹਿਸਾਨ ਜਾਫਰੀ ਦੀ ਪਤਨੀ ਹੈ, ਜੋ 2002 ਦੇ ਗੁਜਰਾਤ ਦੰਗਿਆਂ ਵਿੱਚ ਮਾਰਿਆ ਗਿਆ ਸੀ। ਜਸਟਿਸ ਏਐੱਮ ਖਾਨਵਿਲਕਰ ਦੀ ਅਗਵਾਈ ਵਾਲੇ ਬੈਂਚ ਨੇ ਵਿਸ਼ੇਸ਼ ਮੈਟਰੋਪੋਲੀਟਨ ਮੈਜਿਸਟਰੇਟ ਦੇ ਉਨ੍ਹਾਂ ਹੁਕਮਾਂ ਨੂੰ ਬਰਕਰਾਰ ਰੱਖਿਆ, ਜਿਸ ਵਿੱਚ ਐੱਸਆਈਟੀ ਦੀ ਕਲੋਜ਼ਰ ਰਿਪੋਰਟ ਵਿਰੁੱਧ ਜ਼ਕੀਆ ਜਾਫਰੀ ਦੀ ਪਟੀਸ਼ਨ ਖਾਰਜ ਕੀਤੀ ਗਈ ਸੀ।