ਗੁਜਰਾਤ: ਆਪ ਦੀ ਕਿਸਾਨ ਮਹਾਪੰਚਾਇਤ ਵਿੱਚ ਹਿੰਸਾ; 3 ਪੁਲੀਸ ਕਰਮੀ ਜ਼ਖ਼ਮੀ
ਪੁਲੀਸ ਨੇ 20 ਲੋਕਾਂ ਨੂੰ ਹਿਰਾਸਤ ਵਿੱਚ ਲਿਆ; ਆਪ ਨੇ ਭਾਜਪਾ ਨੂੰ ਦੱਸਿਆ ਜ਼ਿੰਮੇਵਾਰ
ਗੁਜਰਾਤ ਵਿੱਚ ਆਮ ਆਦਮੀ ਪਾਰਟੀ ਵੱਲੋਂ ਕਰਵਾਈ ਗਈ ਕਿਸਾਨ ਮਹਾਂਪੰਚਾਇਤ ਵਿੱਚ ਹਿੰਸਾ ਭੜਕ ਗਈ। ਪੱਥਰਬਾਜ਼ੀ ਵਿੱਚ ਤਿੰਨ ਪੁਲੀਸ ਮੁਲਾਜ਼ਮ ਜ਼ਖਮੀ ਹੋ ਗਏ। ਪੁਲੀਸ ਨੇ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ। ਲਗਭਗ 20 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਇਸ ਦੌਰਾਨ, ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗੁਜਰਾਤ ਵਿੱਚ ਕਿਸਾਨਾਂ ਵਿਰੁੱਧ ਦਮਨ ਦਾ ਇੱਕ ਚੱਕਰ ਚੱਲ ਰਿਹਾ ਹੈ।
ਪੁਲੀਸ ਦੇ ਅਨੁਸਾਰ, ਇਹ ਮਹਾਪੰਚਾਇਤ ਬਿਨਾਂ ਇਜਾਜ਼ਤ ਦੇ ਕੀਤੀ ਗਈ ਸੀ। ਜਦੋਂ ਪੁਲੀਸ ਨੇ ਭੀੜ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਤਾਂ ਪ੍ਰਦਰਸ਼ਨਕਾਰੀਆਂ ਨੇ ਪੱਥਰਬਾਜ਼ੀ ਕੀਤੀ, ਜਿਸ ਨਾਲ ਇੱਕ ਪੁਲੀਸ ਵਾਹਨ ਨੂੰ ਨੁਕਸਾਨ ਪਹੁੰਚਿਆ ਅਤੇ ਤਿੰਨ ਪੁਲਿਸ ਕਰਮਚਾਰੀ ਜ਼ਖਮੀ ਹੋ ਗਏ। ਸਥਿਤੀ ਨੂੰ ਕਾਬੂ ਕਰਨ ਲਈ ਪੁਲੀਸ ਨੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ।
ਪੁਲੀਸ ਸੁਪਰਡੈਂਟ ਧਰਮਿੰਦਰ ਸ਼ਰਮਾ ਨੇ ਦੱਸਿਆ ਕਿ ਸਥਿਤੀ ਹੁਣ ਕਾਬੂ ਹੇਠ ਹੈ ਅਤੇ ਲਗਭਗ 20 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਆਮ ਆਦਮੀ ਪਾਰਟੀ (ਆਪ) ਨੇ ਦਾਅਵਾ ਕੀਤਾ ਕਿ ਇਹ ਮਹਾਪੰਚਾਇਤ ਸਥਾਨਕ ਮਾਰਕੀਟ ਯਾਰਡ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਇੱਕ ਵਿਰੋਧ ਪ੍ਰਦਰਸ਼ਨ ਸੀ, ਜਿੱਥੇ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋਏ ਸਨ।
ਪਾਰਟੀ ਨੇ ਦੋਸ਼ ਲਗਾਇਆ ਕਿ ‘ਆਪ ’ਦੇ ਗੁਜਰਾਤ ਸੂਬਾ ਪ੍ਰਧਾਨ ਗੜ੍ਹਵੀ ਅਤੇ ਹੋਰ ਆਗੂਆਂ ਨੂੰ ਮਹਾਂਪੰਚਾਇਤ ਵਿੱਚ ਪਹੁੰਚਣ ਤੋਂ ਪਹਿਲਾਂ ਹੀ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ।
‘ਆਪ’ ਵਿਧਾਇਕ ਗੋਪਾਲ ਨੇ ਇਸ ਘਟਨਾ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਇਹ ਭਾਜਪਾ ਸਰਕਾਰ ਦੇ ਇਸ਼ਾਰੇ ’ਤੇ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਨੂੰ ਜਾਣਬੁੱਝ ਕੇ ਰੋਕਿਆ ਗਿਆ ਕਿਉਂਕਿ ‘ਆਪ’ ਨੇਤਾ ਰਾਜੂਭਾਈ ਕਰਪੜਾ ਨੇ ਮਾਰਕੀਟ ਯਾਰਡ ਵਿੱਚ ਕਿਸਾਨਾਂ ਦੇ ਸ਼ੋਸ਼ਣ ਵਿਰੁੱਧ ਆਵਾਜ਼ ਚੁੱਕੀ ਸੀ।
ਆਮ ਆਦਮੀ ਪਾਰਟੀ ਦਾ ਦਾਅਵਾ ਹੈ ਕਿ ਕਈ ਆਗੂਆਂ ਨੂੰ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਤੋਂ ਰੋਕਣ ਲਈ ਉਨ੍ਹਾਂ ਨੂੰ ਘਰਾਂ ਵਿੱਚ ਨਜ਼ਰਬੰਦ ਕੀਤਾ ਗਿਆ ਸੀ। ਘਟਨਾ ਦੇ ਸਮੇਂ, ਪਾਰਟੀ ਦੇ ਕਿਸਾਨ ਸੈੱਲ ਦੇ ਗੁਜਰਾਤ ਮੁਖੀ ਰਾਜੂਭਾਈ ਕਰਪੜਾ ਇਕੱਠ ਨੂੰ ਸੰਬੋਧਨ ਕਰ ਰਹੇ ਸਨ ਜਦੋਂ ਪੁਲੀਸ ਪਹੁੰਚੀ ਅਤੇ ਝੜਪਾਂ ਸ਼ੁਰੂ ਹੋ ਗਈਆਂ। ਇਸ ਸਮੇਂ ਇਲਾਕੇ ਵਿੱਚ ਭਾਰੀ ਪੁਲੀਸ ਫੋਰਸ ਤਾਇਨਾਤ ਹੈ, ਅਤੇ ਤਲਾਸ਼ੀ ਮੁਹਿੰਮ ਜਾਰੀ ਹੈ।