ਭਾਵਨਗਰ, 16 ਅਕਤੂਬਰ
ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ‘ਆਪ’ ਆਗੂ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਗੁਜਰਾਤ ‘ਡਬਲ ਇੰਜਣ’ ਨਹੀਂ ਬਲਕਿ ‘ਨਵੇਂ ਇੰਜਣ’ ਵਾਲੀ ਸਰਕਾਰ ਚਾਹੁੰਦਾ ਹੈ। ਭਾਵਨਗਰ ਵਿਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਜੇਕਰ ਗੁਜਰਾਤ ਵਿਚ ‘ਆਪ’ ਸੱਤਾ ’ਚ ਆਉਂਦੀ ਹੈ ਤਾਂ ਤਰਜੀਹੀ ਅਧਾਰ ’ਤੇ ਵੱਖ-ਵੱਖ ਭਾਈਚਾਰਿਆਂ ਦੇ ਲੋਕਾਂ, ਗਰੁੱਪਾਂ ਤੇ ਸਰਕਾਰੀ ਮੁਲਾਜ਼ਮਾਂ ਖ਼ਿਲਾਫ਼ ਭਾਜਪਾ ਸਰਕਾਰ ਦੇ ਰਾਜ ਦੌਰਾਨ ਦਰਜ ਹੋਏ ‘ਝੂਠੇ ਕੇਸ’ ਵਾਪਸ ਲਏਗੀ। ਗੁਜਰਾਤ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਜਾ ਰਹੇ ਸਮਾਗਮਾਂ ’ਤੇ ਲੁਕਵੇਂ ਰੂਪ ’ਚ ਵਿਅੰਗ ਕਸਦਿਆਂ ਕੇਜਰੀਵਾਲ ਨੇ ਕਿਹਾ ਕਿ ਉਹ ਕਰੋੜਾਂ ਰੁਪਏ ਦੇ ਪ੍ਰਾਜੈਕਟ ਤਾਂ ਨਹੀਂ ਲਾਂਚ ਕਰ ਸਕਦੇ ਪਰ ਆਪਣੀਆਂ ਗਾਰੰਟੀਆਂ ਰਾਹੀਂ 30 ਹਜ਼ਾਰ ਰੁਪਏ ਦੇ ਲਾਭ ਲੋਕਾਂ ਨੂੰ ਦੇਣੇ ਯਕੀਨੀ ਬਣਾਉਣਗੇ। ‘ਆਪ’ ਆਗੂ ਨੇ ਕਿਹਾ ਕਿ ਗੁਜਰਾਤ ਦੇ ਲੋਕ ਨਵੀਂ ਪਾਰਟੀ, ਨਵੇਂ ਚਿਹਰੇ, ਨਵੀਂ ਵਿਚਾਰਧਾਰਾ, ਨਵੀਂ ਊਰਜਾ ਤੇ ਨਵਾਂ ਸਵੇਰਾ ਚਾਹੁੰਦੇ ਹਨ। ਪਾਰਟੀ ਕਨਵੀਨਰ ਨੇ ਇਸ ਮੌਕੇ ਲੋਕਾਂ ਤੋਂ ਇਕ ਮੌਕਾ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਕੰਮ ਕਰੇਗੀ। ਜ਼ਿਕਰਯੋਗ ਹੈ ਕਿ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਤੋਂ ਗੁਜਰਾਤ ਵਿਚ ਦੋ ਦਿਨ ਦਾ ਪ੍ਰਚਾਰ ਸ਼ੁਰੂ ਕੀਤਾ ਹੈ। ਚੋਣ ਕਮਿਸ਼ਨ ਨੇ ਹਾਲੇ ਤੱਕ ਗੁਜਰਾਤ ਚੋਣਾਂ ਦਾ ਐਲਾਨ ਨਹੀਂ ਕੀਤਾ ਹੈ। -ਪੀਟੀਆਈ
ਗੁਜਰਾਤ ਚੋਣਾਂ: ‘ਆਪ’ ਵੱਲੋਂ 12 ਉਮੀਦਵਾਰਾਂ ਦੀ ਪੰਜਵੀਂ ਸੂਚੀ ਜਾਰੀ
ਅਹਿਮਦਾਬਾਦ: ਆਮ ਆਦਮੀ ਪਾਰਟੀ ਨੇ ਆਗਾਮੀ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਅੱਜ 12 ਉਮੀਦਵਾਰਾਂ ਦੀ ਆਪਣੀ ਪੰਜਵੀਂ ਸੂਚੀ ਜਾਰੀ ਕੀਤੀ ਹੈ। ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ‘ਆਪ’ ਇਸ ਨਵੀਂ ਸੂਚੀ ਸਣੇ ਹੁਣ ਤੱਕ 53 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਚੁੱਕੀ ਹੈ। ਭਾਜਪਾ ਸਰਕਾਰ ਦੇ ਸ਼ਾਸਨ ਵਾਲੇ ਇਸ ਸੂਬੇ ਵਿਚ ਵਿਧਾਨ ਸਭਾ ਦੀਆਂ 182 ਸੀਟਾਂ ’ਤੇ ਚੋਣ ਹੋਣੀ ਹੈ। ਹਾਲਾਂਕਿ ਸੱਤਾਧਾਰੀ ਭਾਜਪਾ ਅਤੇ ਵਿਰੋਧੀ ਧਿਰ ਕਾਂਗਰਸ ਨੇ ਹਾਲੇ ਤੱਕ ਕਿਸੇ ਵੀ ਉਮੀਦਵਾਰ ਦੇ ਨਾਂ ਦਾ ਐਲਾਨ ਨਹੀਂ ਕੀਤਾ। ਗੁਜਰਾਤ ਵਿੱਚ ਭਾਜਪਾ ਦੀ ਮੁੱਖ ਵਿਰੋਧੀ ਵਜੋਂ ਜਗ੍ਹਾ ਬਣਾਉਣ ਦੀ ਕੋਸ਼ਿਸ਼ ਕਰ ਰਹੀ ‘ਆਪ’ ਨੇ ਲੰਘੀ 6 ਅਕਤੂਬਰ ਨੂੰ 12 ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ ਕਰਦਿਆਂ ਸੂਬੇ ਵਿੱਚ ਸਾਰੀਆਂ 182 ਸੀਟਾਂ ’ਤੇ ਚੋਣ ਲੜਨ ਦਾ ਐਲਾਨ ਕੀਤਾ ਸੀ। ਅੱਜ ਜਿਹੜੀਆਂ 12 ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ ਉਨ੍ਹਾਂ ਵਿਚੋਂ ਚਾਰ ਅਨੁਸੂਚਿਤ ਕਬੀਲਿਆਂ (ਐੱਸਟੀ) ਅਤੇ ਦੋ ਅਨੁਸੂੁਚਿਤ ਜਾਤਾਂ (ਐੱਸਸੀ) ਲਈ ਰਾਖਵੀਂਆਂ ਹਨ। ਦੂਜੇ ਪਾਸੇ ਅਸਦੂਦੀਨ ਓਵਾਇਸੀ ਦੀ ਅਗਵਾਈ ਵਾਲੀ ਆਲ ਇੰਡੀਆ ਮਜਲਿਸ-ਏ-ਇਤਹਾਦੁਲ ਮੁਸਲਮੀਨ ਵੀ ਹੁਣ ਤੱਕ ਤਿੰਨ ਸੀਟਾਂ ਤੋਂ ਆਪਣੇ ਉਮੀਦਵਾਰ ਐਲਾਨ ਚੁੱਕੀ ਹੈ। -ਪੀਟੀਆਈ