ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਸਾਲਾਨਾ ਯਾਤਰਾ ਦੀ ਸ਼ੁੱਕਰਵਾਰ ਨੂੰ ਹੋਵੇਗੀ ਸਮਾਪਤੀ
ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਲਾਨਾ ਯਾਤਰਾ ਸ਼ੁੱਕਰਵਾਰ 10 ਅਕਤੂਬਰ ਨੂੰ ਸਮਾਪਤ ਹੋ ਰਹੀ ਹੈ ਅਤੇ ਇਸ ਦੇ ਸਮਾਪਤੀ ਸਮਾਗਮ ਸਮੇਂ ਪਹਿਲੀ ਵਾਰ ਗੁਰਦੁਆਰਾ ਸਾਹਿਬ ਨੂੰ ਪੰਜ ਕੁਇੰਟਲ ਫੁੱਲਾਂ ਦੇ ਨਾਲ ਸਜਾਇਆ ਗਿਆ ਹੈ।
ਸ਼ੁੱਕਰਵਾਰ ਨੂੰ ਸਮਾਪਤੀ ਸਮਾਗਮ ਦੀ ਸ਼ੁਰੂਆਤ ਸਵੇਰੇ 10 ਵਜੇ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਵੇਗੀ। ਭੋਗ ਉਪਰੰਤ ਸਵਾ 11 ਤੋਂ ਸਵਾ 12 ਵਜੇ ਤੱਕ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਿੰਦਰ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਦਾ ਕੀਰਤਨ ਕੀਤਾ ਜਾਵੇਗਾ, ਜਿਸ ਉਪਰੰਤ ਇਸ ਸਾਲ ਦੀ ਯਾਤਰਾ ਦੀ ਸੰਪੂਰਨਤਾ ਦੀ ਅਰਦਾਸ ਕੀਤੀ ਜਾਵੇਗੀ।
ਇਸ ਮੌਕੇ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਵੱਲੋਂ ਸਰਕਾਰੀ ਅਤੇ ਗੈਰ ਸਰਕਾਰੀ ਤੰਤਰ ਦਾ ਯਾਤਰਾ ਵਿੱਚ ਸਹਿਯੋਗ ਲਈ ਧੰਨਵਾਦ ਕਰਨਗੇ ਅਤੇ ਸਹਿਯੋਗ ਦੇਣ ਵਾਲਿਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ।
ਗੁਰਦੁਆਰਾ ਗੋਬਿੰਦ ਘਾਟ ਦੇ ਮੈਨੇਜਰ ਭਾਈ ਸੇਵਾ ਸਿੰਘ ਨੇ ਦੱਸਿਆ ਕਿ ਸਾਲਾਨਾ ਯਾਤਰਾ ਦੀ ਸਮਾਪਤੀ ਮੌਕੇ ਇਸ ਵਾਰ ਪਹਿਲੀ ਵਾਰ ਗੁਰਦੁਆਰਾ ਹੇਮਕੁੰਟ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ ਅਤੇ ਇਸ ਸਬੰਧ ਵਿੱਚ ਲਗਪਗ ਪੰਜ ਕੁਇੰਟਲ ਵੱਖ-ਵੱਖ ਕਿਸਮ ਦੇ ਫੁੱਲਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਸਬੰਧ ਵਿੱਚ ਸੰਗਤ ਵੱਲੋਂ ਦੋ ਦਿਨ ਤੋਂ ਫੁੱਲਾਂ ਦੀ ਸਜਾਵਟ ਦਾ ਕਾਰਜ ਕੀਤਾ ਜਾ ਰਿਹਾ।
ਉਨ੍ਹਾਂ ਦੱਸਿਆ ਕਿ ਸਵੇਰੇ ਅਰਦਾਸ ਉਪਰੰਤ ਖਾਲਸਾਈ ਰਵਾਇਤਾਂ ਨਾਲ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਸੁਖ-ਆਸਣ ਵਾਲੇ ਸਥਾਨ ’ਤੇ ਲਿਜਾਇਆ ਜਾਵੇਗਾ। ਇਸ ਮੌਕੇ ਵਾਸਤੇ ਵਿਸ਼ੇਸ਼ ਤੌਰ ’ਤੇ ਸਾਬਕਾ ਫੌਜੀ ਅਤੇ ਗੜਵਾਲ ਬੈਂਡ ਪੁੱਜ ਗਿਆ ਹੈ। ਸਮਾਪਤੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਲਗਪਗ 2000 ਤੋਂ ਵੱਧ ਸ਼ਰਧਾਲੂ ਗੁਰਦੁਆਰਾ ਗੋਬਿੰਦ ਧਾਮ ਪੁੱਜ ਚੁੱਕੇ ਹਨ, ਜੋ ਸਵੇਰੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਪੁੱਜਣਗੇ। ਉਨ੍ਹਾਂ ਦੱਸਿਆ ਕਿ ਲਗਪਗ ਡੇਢ ਵਜੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਵਾਸਤੇ ਇਸ ਸਾਲ ਦੀ ਯਾਤਰਾ ਲਈ ਬੰਦ ਕਰ ਦਿੱਤੇ ਜਾਣਗੇ। ਇਸ ਮਗਰੋਂ ਸੰਗਤ ਜਾਪ ਕਰਦੀ ਹੋਈ ਹੇਠਾਂ ਗੁਰਦੁਆਰਾ ਗੋਬਿੰਦ ਧਾਮ ਪੁੱਜੇਗੀ।
ਲਗਪਗ 15,000 ਫੁੱਟ ਦੀ ਉਚਾਈ ਤੇ ਸਥਾਪਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਇਸ ਸਾਲ ਲਗਪਗ 2 ਲੱਖ 76 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੇ ਦਰਸ਼ਨ ਕੀਤੇ ਹਨ ਜੋ ਕਿ ਪਿਛਲੇ ਸਾਲ ਨਾਲੋਂ ਲਗਪਗ 40 ਹਜਾਰ ਵੱਧ ਹਨ। ਭਾਵੇਂ ਇਸ ਵਾਰ ਸੀਜ਼ਨ ਤੋਂ ਪਹਿਲਾਂ ਹੀ ਬਰਫ ਪੈਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ ਪਰ ਸਮਾਪਤੀ ਸਮਾਗਮ ਵੇਲੇ ਸੰਗਤ ਵੱਡੀ ਗਿਣਤੀ ਵਿੱਚ ਪੁੱਜੀ ਹੈ ਅਤੇ ਸੰਗਤ ਵਿੱਚ ਉਤਸ਼ਾਹ ਬਣਿਆ ਹੋਇਆ ਹੈ।