ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 22 ਅਪਰੈਲ
ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਾਲ ਕਿਲੇ ਵਿੱਚ ਗੁਰੂ ਤੇਗ ਬਹਾਦਰ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਸਮਾਗਮ ਵਿੱਚ ਹਾਜ਼ਰੀ ਭਰੀ।
ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਵੱਲੋਂ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸੰਗਤ ਨੂੰ ਗੁਰੂ ਤੇਗ ਬਹਾਦਰ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਧਰਮ ਅਤੇ ਮਨੁੱਖੀ ਕਦਰਾਂ-ਕੀਮਤਾਂ, ਆਦਰਸ਼ਾਂ ਅਤੇ ਆਲਮੀ ਇਤਿਹਾਸ ਦੇ ਸਿਧਾਂਤਾਂ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕੀਤਾ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਤੇ ਫੁਲਕਾਰੀ ਦੇ ਕੇ ਸਨਮਾਨਿਤ ਕੀਤਾ। ਬੈਂਸ ਨੇ ਯਾਦਗਾਰੀ ਸਿੱਕਾ ਤੇ ਡਾਕ ਟਿਕਟ ਜਾਰੀ ਕਰਨ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਜ਼ਰੀਏ ਪੀੜ੍ਹੀ ਦਰ ਪੀੜ੍ਹੀ ਇਸ ਪਵਿੱਤਰ ਦਿਹਾੜੇ ਦੀਆਂ ਯਾਦਾਂ ਨੂੰ ਸੰਭਾਲਿਆ ਜਾਵੇਗਾ।