ਹਰਿਆਣਾ ਕੁਝ ਹਫ਼ਤੇ ਪਹਿਲਾਂ ਤੱਕ ਤਾਂ ਪੰਜਾਬ ਤੋਂ ਵਾਧੂ ਪਾਣੀ ਲੈਣ ਲਈ ਲੜਾਈ ਲੜ ਰਿਹਾ ਸੀ ਪਰ ਹੁਣ ਜਦੋਂ ਪੰਜਾਬ ’ਚ ਹੜ੍ਹ ਆ ਗਏ ਹਨ ਤਾਂ ਗੁਆਂਢੀ ਸੂਬੇ ਨੇ ਅੱਜ ਹੋਰ ਪਾਣੀ ਲੈਣ ਤੋਂ ਤੌਬਾ ਕਰ ਲਈ ਹੈ। ਪੰਜਾਬ ’ਚ ਕੁਦਰਤੀ ਆਫ਼ਤ ਦੀ ਬਣੀ ਸਥਿਤੀ ਮੌਕੇ ਹੁਣ ਹਰਿਆਣਾ ਆਖ ਰਿਹਾ ਕਿ ਸਾਡਾ ਪਾਣੀ ਘਟਾ ਦਿਓ।
ਪੰਜਾਬ ਸਰਕਾਰ ਨੇ ਹੜ੍ਹਾਂ ਦੀ ਸਥਿਤੀ ਦੌਰਾਨ 22 ਅਗਸਤ ਨੂੰ ਹਰਿਆਣਾ ਨੂੰ ਪੱਤਰ ਲਿਖ ਕੇ ਦਰਿਆਈ ਪਾਣੀਆਂ ’ਚੋਂ ਹੋਰ ਪਾਣੀ ਦੇਣ ਦੀ ਪੇਸ਼ਕਸ਼ ਕੀਤੀ ਸੀ। ਹਰਿਆਣਾ ਨੇ ਪੰਜਾਬ ਦੀ ਅਪੀਲ ’ਤੇ ਹੋਰ ਵਾਧੂ ਦਰਿਆਈ ਪਾਣੀ ਲੈਣ ਤੋਂ ਹਫ਼ਤਾ ਭਰ ਚੁੱਪ ਵੱਟੀ ਰੱਖੀ ਅਤੇ ਹੁਣ ਅੱਜ ਪੱਤਰ ਲਿਖ ਕੇ ਹਰਿਆਣਾ ਭਾਖੜਾ ਨਹਿਰ ’ਚ ਪਾਣੀ ਘੱਟ ਕਰਨ ਵਾਸਤੇ ਆਖਿਆ ਹੈ। ਹਰਿਆਣਾ ਸਰਕਾਰ ਨੇ ਸੂਬੇ ’ਚ ਹੜ੍ਹਾਂ ਦੀ ਸਥਿਤੀ ਬਣਨ ਦਾ ਹਵਾਲਾ ਦਿੱਤਾ ਹੈ। ਹਰਿਆਣਾ ਨੇ ਪਹਿਲਾਂ 7900 ਕਿਊਸਿਕ ਪਾਣੀ ਦਾ ਇਨਡੈਂਟ ਦਿੱਤਾ ਸੀ ਅਤੇ ਅੱਜ ਉਸ ਨੇ ਪੰਜਾਬ ਇਹ ਇਨਡੈਂਟ ਘਟਾ ਕੇ 6250 ਕਿਊਸਿਕ ਕਰਨ ਲਈ ਕਿਹਾ ਹੈ। ਭਾਖੜਾ ਨਹਿਰ ’ਚ ਇਸ ਵੇਲੇ 8894 ਕਿਊਸਕ ਪਾਣੀ ਚੱਲ ਰਿਹਾ ਸੀ। ਭਾਖੜਾ ਨਹਿਰ ’ਚੋਂ ਜੋ ਪੰਜਾਬ ਪਾਣੀ ਵਰਤਦਾ ਹੈ, ਉਸ ਦੀ ਖੇਤਾਂ ਲਈ ਹੁਣ ਕੋਈ ਮੰਗ ਨਾ ਰਹਿਣ ਕਰਕੇ ਮੋਘੇ ਬੰਦ ਹੋ ਗਏ ਹਨ ਤੇ ਇਹ ਪਾਣੀ ਵੀ ਹਰਿਆਣਾ ਵੱਲ ਜਾ ਰਿਹਾ ਸੀ। ਪੰਜਾਬ ਸਰਕਾਰ ਨੇ ਹਫ਼ਤਾ ਪਹਿਲਾਂ ਹਰਿਆਣਾ ਨੂੰ ਬਕਾਇਦਾ ਲਿਖਤੀ ਪੱਤਰ ਭੇਜ ਕੇ ਪੰਜਾਬ ’ਚ ਹੜ੍ਹਾਂ ਨਾਲ ਹੋ ਰਹੀ ਤਬਾਹੀ ਤੋਂ ਜਾਣੂ ਕਰਾਇਆ ਸੀ। ਪੰਜਾਬ ਸਰਕਾਰ ਨੇ ਡੈਮਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਹਰਿਆਣਾ ਨੂੰ ਆਪਣੀ ਨਹਿਰ ਜ਼ਰੀਏ ਹੋਰ ਪਾਣੀ ਲੈਣ ਲਈ ਇਨਡੈਂਟ ਦੇਣ ਦੀ ਅਪੀਲ ਕੀਤੀ ਸੀ। ਬੀਬੀਐੱਮਬੀ ਵੱਲੋਂ ਡੈਮਾਂ ’ਚ ਪਾਣੀ ਦੇ ਵਧੇ ਪੱਧਰ ਨੂੰ ਦੇਖਦਿਆਂ ਮਸ਼ਵਰੇ ਵੀ ਦਿੱਤੇ ਗਏ ਸਨ ਪਰ ਹਰਿਆਣਾ ਨੇ ਪੰਜਾਬ ਸਰਕਾਰ ਦੇ ਪੱਤਰ ਦਾ ਜਵਾਬ ਦੇਣ ’ਤੇ ਚੁੱਪ ਵੱਟੀ ਹੋਈ ਸੀ। ਪੰਜਾਬ ਸਰਕਾਰ ਨੇ ਕਿਹਾ ਸੀ ਕਿ ਪਾਕਿਸਤਾਨ ਵੱਲ ਜਾ ਰਿਹਾ ਪਾਣੀ ਨੂੰ ਰੋਕਣ ਲਈ ਹਰਿਆਣਾ ਸਰਕਾਰ ਆਪਣੀ ਨਹਿਰ ’ਚ ਹੋਰ ਪਾਣੀ ਲੈਣ ਲਈ ਇਨਡੈਂਟ ਦੇਵੇ। ਪੰਜਾਬ ਸਰਕਾਰ ਨੇ ਹਰਿਆਣਾ ਨੂੰ ਲਿਖੇ ਪੱਤਰ ’ਚ ਕਿਹਾ ਸੀ ਕਿ ਡੈਮਾਂ ’ਚ ਲਗਾਤਾਰ ਪਾਣੀ ਵਧ ਰਿਹਾ ਹੈ ਅਤੇ ਡੈਮਾਂ ਦੀ ਸੁਰੱਖਿਆ ਲਈ ਪਾਣੀ ਛੱਡਣਾ ਮਜਬੂਰੀ ਬਣ ਗਿਆ ਹੈ। ਇਸ ਪੱਤਰ ’ਤੇ ਹਰਿਆਣਾ ਨੇ ਚੁੱਪ ਵੱਟੀ ਹੋਈ ਸੀ ਪਰ ਸੂੂਬੇ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੱਤਰ ਲਿਖ ਕੇ ਆਪਣੇ ਹਮਰੁਤਬਾ ਭਗਵੰਤ ਮਾਨ ਨੂੰ ਹੜ੍ਹਾਂ ਕਾਰਨ ਤਬਾਹੀ ਤੋਂ ਉਭਰਨ ਲਈ ਮਦਦ ਦਾ ਭਰੋਸਾ ਜ਼ਰੂਰ ਦਿੱਤਾ ਹੈ।