ਲਖਨਊ, 20 ਮਾਰਚ
ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ ਹਾਥਰਸ ਮਾਮਲੇ ਸਬੰਧੀ ਸੁਣਵਾਈ ਦੌਰਾਨ ਗਵਾਹਾਂ ਤੇ ਪੀੜਿਤਾ ਦੇ ਵਕੀਲ ਨੂੰ ਕਥਿਤ ਤੌਰ ’ਤੇ ਧਮਕਾਉਣ ਤੇ ਅਦਾਲਤ ਵਿੱਚ ਹੋ-ਹੱਲਾ ਕਰਨ ਦੇ ਦੋਸ਼ਾਂ ਸਬੰਧੀ ਹਾਥਰਸ ਜ਼ਿਲ੍ਹਾ ਜੱਜ ਅਤੇ ਸੀਆਰਪੀਐੱਫ ਦੇ ਆਈਜੀ ਨੂੰ 15 ਦਿਨ ਦੇ ਅੰਦਰ ਜਾਂਚ ਕਰ ਕੇ ਰਿਪੋਰਟ ਦਾਖ਼ਲ ਕਰਨ ਦਾ ਆਦੇਸ਼ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਰਿਪੋਰਟ ਆਉਣ ਮਗਰੋਂ ਸੁਣਵਾਈ ਕਿਸੇ ਹੋਰ ਅਦਾਲਤ ਵਿੱਚ ਤਬਦੀਲ ਕਰਨ ਬਾਰੇ ਸੋਚਿਆ ਜਾਵੇਗਾ। ਇਸ ਦੌਰਾਨ ਅਦਾਲਤ ਨੇ ਸੂਬਾ ਸਰਕਾਰ ਤੇ ਹਾਥਰਸ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਦੇਸ਼ ਦਿੱਤਾ ਹੈ ਕਿ ਸੁਣਵਾਈ ਨੂੰ ਸੁਖਾਵਾਂ ਬਣਾਉਣ ਲਈ ਢੁਕਵੀਂ ਸੁਰੱਖਿਆ ਦਿੱਤੀ ਜਾਵੇ। ਅਦਾਲਤ ਨੇ ਸੀਆਰਪੀਐੱਫ ਨੂੰ ਪੀੜਿਤਾ ਦੇ ਪਰਿਵਾਰਕ ਮੈਂਬਰਾਂ ਤੇ ਗਵਾਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੇ ਆਦੇਸ਼ ਵੀ ਦਿੱਤੇ ਹਨ। -ਪੀਟੀਆਈ