ਪੱਤਰ ਪ੍ਰੇਰਕ
ਨਵੀਂ ਦਿੱਲੀ, 7 ਜੂਨ
ਪਟਨਾ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਬਾਰੇ ਸੁਣਵਾਈ ਹੁਣ ਪਟਨਾ ਸ਼ਹਿਰ ਦੀ ਹੇਠਲੀ ਅਦਾਲਤ ’ਚ 30 ਜੂਨ ਨੂੰ ਕੀਤੀ ਜਾਵੇਗੀ। ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸੀਨੀਅਰ ਮੈਂਬਰ ਸੁਖਬੀਰ ਸਿੰਘ ਕਾਲੜਾ ਨੇ ਦੱਸਿਆ ਕਿ ਤਖ਼ਤ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੌਜੂਦਾ ਅਹੁਦੇਦਾਰ ਦੀ ਨਿਯੁਕਤੀ ਨੂੰ ਚੁਣੌਤੀ ਦਿੱਤੀ ਗਈ ਹੈ। ਸ੍ਰੀ ਕਾਲੜਾ ਦਿੱਲੀ ਕਮੇਟੀ ਵੱਲੋਂ ਨਾਮਜ਼ਦ ਮੈਂਬਰ ਵਜੋਂ ਸ਼ਾਮਲ ਹੋਣ ਦੇ ਚਾਹਵਾਨ ਹਨ। ਸ੍ਰੀ ਕਾਲੜਾ ਨੂੰ ਦਿੱਲੀ ਕਮੇਟੀ ਦੇ ਜਿੱਤੇ ਹੋਏ ਮੈਂਬਰਾਂ ਵੱਲੋਂ ਬਣਾਏ ਗਏ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ ਹਾਸਲ ਹੋਣ ਕਰ ਕੇ ਦਿੱਲੀ ਸੂਬੇ ਦੇ ਸਿੱਖਾਂ ਵੱਲੋਂ ਨੁਮਾਇੰਦਗੀ ਦਿੱਤੀ ਗਈ ਹੈ। ਸ੍ਰੀ ਕਾਲੜਾ, ਸਰਨਾ ਭਰਾਵਾਂ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਟਿਕਟ ਤੋਂ ਜਿੱਤੇ ਪਰ ਫਿਰ ਮੌਜੂਦਾ ਪ੍ਰਬੰਧਕਾਂ ਵਿੱਚ ਸ਼ਾਮਲ ਹੋ ਗਏ ਸਨ। ਜੱਜ ਦੇ ਤਬਾਦਲੇ ਕਾਰਨ ਮਾਮਲੇ ’ਤੇ ਸੁਣਵਾਈ ਨਹੀਂ ਸੀ ਹੋ ਸਕੀ।