ਅੰਮ੍ਰਿਤਪਾਲ ਮਾਮਲੇ ’ਚ ਸੁਣਵਾਈ 8 ਨੂੰ
ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ 8 ਦਸੰਬਰ ਨੂੰ ਹੋਵੇਗੀ। ਅੰਮ੍ਰਿਤਪਾਲ ਸਿੰਘ ਇਸ ਵੇਲੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਹਨ। 17 ਅਪਰੈਲ ਨੂੰ ਕੌਮੀ ਸੁਰੱਖਿਆ ਐਕਟ ਤਹਿਤ ਤੀਸਰੀ ਵਾਰ ਉਨ੍ਹਾਂ ਦੀ ਹਿਰਾਸਤ ’ਚ ਵਾਧਾ ਕੀਤਾ ਗਿਆ ਹੈ।
ਹਾਈ ਕੋਰਟ ’ਚ ਅੰਮ੍ਰਿਤਪਾਲ ਸਿੰਘ ਦੀ ਹਿਰਾਸਤ ’ਚ 17 ਅਪਰੈਲ ਨੂੰ ਕੀਤੇ ਵਾਧੇ ਨੂੰ ਚੁਣੌਤੀ ਦਿੱਤੀ ਗਈ ਹੈ, ਜਿਸ ’ਚ ਹਿਰਾਸਤੀ ਵਾਧੇ ਦੀ ਕਾਨੂੰਨੀ ਵਾਜਬੀਅਤ ਦੇਖੀ ਜਾਣੀ ਹੈ। ਇਹ ਪਟੀਸ਼ਨ ਐਡਵੋਕੇਟ ਅਰਸ਼ਦੀਪ ਸਿੰਘ ਚੀਮਾ ਨੇ ਦਾਇਰ ਕੀਤੀ ਹੈ। ਐਡਵੋਕੇਟ ਚੀਮਾ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਇਹ ਹਿਰਾਸਤ ਸੰਵਿਧਾਨ ਦੀ ਧਾਰਾ 21 ਤੇ 22 ਤਹਿਤ ਮਿਲੇ ਅਧਿਕਾਰਾਂ ਦੀ ਉਲੰਘਣਾ ਹੈ। ਚੇਤੇ ਰਹੇ ਕਿ ਇਸ ਤੋਂ ਪਹਿਲਾਂ ਪਾਰਲੀਮੈਂਟ ਦੇ ਸਰਦ ਰੁੱਤ ਸੈਸ਼ਨ ’ਚ ਹਿੱਸਾ ਲੈਣ ਲਈ ਅੰਮ੍ਰਿਤਪਾਲ ਸਿੰਘ ਨੇ ਪੈਰੋਲ ਦੀ ਮੰਗ ਕੀਤੀ ਸੀ, ਜਿਸ ਨੂੰ ਪੰਜਾਬ ਸਰਕਾਰ ਨੇ ਰੱਦ ਕਰ ਦਿੱਤਾ ਸੀ; ਹਾਲਾਂਕਿ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਅਤੇ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਪਾਲ ਸਿੰਘ ਨੂੰ ਸੈਸ਼ਨ ’ਚ ਹਿੱਸਾ ਲੈਣ ਲਈ ਪੈਰੋਲ ਦੇਣ ਦੀ ਵਕਾਲਤ ਕੀਤੀ ਹੈ।
