ਨਵੀਂ ਦਿੱਲੀ: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਡਾਇਰੈਕਟਰ ਦੇ ਕਾਰਜਕਾਲ ਵਿਚ ਵਾਧੇ ਨੂੰ ਚੁਣੌਤੀ ਦਿੰਦੀਆਂ ਪਟੀਸ਼ਨਾਂ ’ਤੇ ਸੁਣਵਾਈ ਸੁਪਰੀਮ ਕੋਰਟ ਭਲਕੇ ਕਰੇਗਾ। ਜ਼ਿਕਰਯੋਗ ਹੈ ਕਿ ਇਸ ਸਬੰਧੀ ਕਾਨੂੰਨ ਵਿਚ ਸੋਧ ਕੀਤੀ ਗਈ ਸੀ ਤੇ ਅਜਿਹਾ ਵਾਧਾ ਪੰਜ ਸਾਲ ਤੱਕ ਕੀਤਾ ਜਾ ਸਕਦਾ ਹੈ। ਇਸ ਖ਼ਿਲਾਫ਼ ਅੱਠ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ ਜਿਨ੍ਹਾਂ ਵਿਚ ਕਾਂਗਰਸ ਆਗੂ ਰਣਦੀਪ ਸੁਰਜੇਵਾਲਾ ਤੇ ਟੀਐਮਸੀ ਆਗੂ ਮਹੂਆ ਮੋਇਤਰਾ ਦੀ ਪਟੀਸ਼ਨ ਵੀ ਸ਼ਾਮਲ ਹੈ। ਸੁਪਰੀਮ ਕੋਰਟ ਦੀ ਵੈੱਬਸਾਈਟ ਉਤੇ ਅਪਲੋਡ ਕੀਤੀ ਗਈ ਜਾਣਕਾਰੀ ਮੁਤਾਬਕ ਭਲਕੇ ਸੁਣਵਾਈ ਵਾਲੇ ਕੇਸਾਂ ਵਿਚ ਇਹ ਕੇਸ ਵੀ ਸ਼ਾਮਲ ਹੈ। ਇਨ੍ਹਾਂ ਪਟੀਸ਼ਨਾਂ ਉਤੇ ਸੁਣਵਾਈ ਚੀਫ ਜਸਟਿਸ ਉਦੈ ਉਮੇਸ਼ ਲਲਿਤ ਦੀ ਅਗਵਾਈ ਵਾਲਾ ਬੈਂਚ ਕਰੇਗਾ। ਇਸ ਸਬੰਧੀ ਕੇਂਦਰ ਸਰਕਾਰ ਤੇ ਕੇਂਦਰੀ ਵਿਜੀਲੈਂਸ ਕਮਿਸ਼ਨ ਨੂੰ ਨੋਟਿਸ ਭੇਜੇ ਜਾ ਚੁੱਕੇ ਹਨ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਨਵੰਬਰ, 2021 ਵਿਚ ਈਡੀ ਮੁਖੀ ਸੰਜੈ ਮਿਸ਼ਰਾ ਦਾ ਕਾਰਜਕਾਲ ਇਕ ਸਾਲ ਲਈ ਵਧਾ ਦਿੱਤਾ ਸੀ। ਕੇਂਦਰ ਸਰਕਾਰ ਨੇ ਈਡੀ ਤੇ ਸੀਬੀਆਈ ਡਾਇਰੈਕਟਰਾਂ ਦਾ ਕਾਰਜਕਾਲ ਪੰਜ ਸਾਲ ਤੱਕ ਵਧਾਏ ਜਾਣ ਬਾਰੇ ਆਰਡੀਨੈਂਸ ਲਿਆਂਦਾ ਸੀ। ਦੱਸਣਯੋਗ ਹੈ ਕਿ ਸੁਪਰੀਮ ਕੋਰਟ ਨੇ ਪਿਛਲੇ ਸਾਲ 8 ਸਤੰਬਰ ਦੇ ਆਪਣੇ ਇਕ ਫ਼ੈਸਲੇ ਵਿਚ ਕਿਹਾ ਸੀ ਕਿ ਚੱਲ ਰਹੀਆਂ ਜਾਂਚਾਂ ਮੁਕੰਮਲ ਕਰਨ ਲਈ ਕਾਰਜਕਾਲ ਵਿਚ ਵਾਜਬ ਵਾਧਾ ਕੀਤਾ ਜਾ ਸਕਦਾ ਹੈ। ਪਰ ਅਜਿਹਾ ਸਿਰਫ਼ ਸੀਵੀਸੀ ਐਕਟ ਤਹਿਤ ਬਣੀ ਕਮੇਟੀ ਨੂੰ ਢੁੱਕਵੇਂ ਕਾਰਨ ਦੱਸ ਕੇ ਕੀਤਾ ਜਾ ਸਕਦਾ ਹੈ। -ਪੀਟੀਆਈ