ਮੁੱਖ ਅੰਸ਼
- ਸੁਪਰੀਮ ਕੋਰਟ ਬੈਂਚ ਦਾ ਮੁੜ ਗਠਨ ਕਰੇਗਾ
- ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕਰਨ ਨੂੰ ਦਿੱਤੀ ਗਈ ਹੈ ਚੁਣੌਤੀ
ਨਵੀਂ ਦਿੱਲੀ, 25 ਅਪਰੈਲ
ਜੰਮੂ ਕਸ਼ਮੀਰ ’ਚੋਂ ਧਾਰਾ 370 ਹਟਾਉਣ ਦੇ ਫ਼ੈਸਲੇ ਖ਼ਿਲਾਫ਼ ਪਾਈਆਂ ਗਈਆਂ ਪਟੀਸ਼ਨਾਂ ਉਤੇ ਸੁਪਰੀਮ ਕੋਰਟ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸੁਣਵਾਈ ਕਰੇਗਾ। ਸਿਖ਼ਰਲੀ ਅਦਾਲਤ ਨੇ ਕਿਹਾ ਕਿ ਕੇਂਦਰ ਦੇ ਫ਼ੈਸਲੇ ਨੂੰ ਚੁਣੌਤੀ ਦਿੰਦੀਆਂ ਪਟੀਸ਼ਨਾਂ ਨੂੰ ਗਰਮੀਆਂ ਦੀਆਂ ਛੁੱਟੀਆਂ ਮਗਰੋਂ ਸੁਣਵਾਈ ਲਈ ਸੂਚੀਬੱਧ ਕੀਤਾ ਜਾਵੇਗਾ। ਚੀਫ ਜਸਟਿਸ ਐਨ.ਵੀ. ਰਾਮੰਨਾ ਦੇ ਬੈਂਚ ਨੇ ਅੱਜ ਇਕ ਪਟੀਸ਼ਨਕਰਤਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਸ਼ੇਖਰ ਨਾਫੜੇ ਦੀ ਦਲੀਲ ਦਾ ਨੋਟਿਸ ਲਿਆ। ਵਕੀਲ ਨੇ ਕਿਹਾ ਕਿ ਜੰਮੂ ਕਸ਼ਮੀਰ ਵਿਚ ਹਲਕਿਆਂ ਦੀ ਮੁੜ ਹੱਦਬੰਦੀ ਕੀਤੀ ਜਾ ਰਹੀ ਹੈ। ਇਸ ਲਈ ਤੁਰੰਤ ਸੁਣਵਾਈ ਕੀਤੀ ਜਾਵੇ। ਚੀਫ਼ ਜਸਟਿਸ ਨੇ ਕਿਹਾ ਕਿ ਇਹ ਪੰਜ ਜੱਜਾਂ ਦੇ ਸੁਣਨ ਵਾਲਾ ਮਾਮਲਾ ਹੈ। ਅਦਾਲਤ ਨੂੰ ਬੈਂਚ ਦਾ ਮੁੜ ਤੋਂ ਗਠਨ ਕਰਨਾ ਪਵੇਗਾ। ਸਿਖ਼ਰਲੀ ਅਦਾਲਤ ਨੇ ਮਗਰੋਂ ਬੈਂਚ ਗਠਿਤ ਕਰਨ ਤੇ ਸੁਣਵਾਈ ਲਈ ਸਹਿਮਤੀ ਦੇ ਦਿੱਤੀ। ਜ਼ਿਕਰਯੋਗ ਹੈ ਕਿ ਧਾਰਾ 370 ਤਹਿਤ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਮਿਲਿਆ ਹੋਇਆ ਸੀ। 2019 ਵਿਚ ਕੇਂਦਰ ਸਰਕਾਰ ਨੇ ਧਾਰਾ 370 ਹਟਾ ਕੇ ਸੂਬੇ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾ ਦਿੱਤਾ ਸੀ। ਸੁਪਰੀਮ ਕੋਰਟ ਵਿਚ ਇਸ ਮਾਮਲੇ ਦੀ ਸੁਣਵਾਈ ਸੱਤ ਜੱਜਾਂ ਦੇ ਬੈਂਚ ਹਵਾਲੇ ਕਰਨ ਦੀ ਮੰਗ ਵੀ ਰੱਖੀ ਗਈ ਸੀ ਜਿਸ ਨੂੰ ਪੰਜ ਜੱਜਾਂ ਦੇ ਬੈਂਚ ਨੇ ਠੁਕਰਾ ਦਿੱਤਾ ਸੀ। -ਪੀਟੀਆਈ