ਜੰਮੂ ਡਵੀਜ਼ਨ ਵਿਚ ਭਾਰੀ ਮੀਂਹ ਕਾਰਨ ਰੇਲ ਸੇਵਾਵਾਂ ਪ੍ਰਭਾਵਿਤ
ਕਈ ਰੇਲਗੱਡੀਆਂ ਰੱਦ, ਪਾਣੀ ਭਰਨ ਕਾਰਨ ਜ਼ਮੀਨ ਖਿਸਕੀ
Advertisement
ਜੰਮੂ ਡਵੀਜ਼ਨ ਵਿੱਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਲਗਾਤਾਰ ਭਾਰੀ ਬਾਰਿਸ਼ ਨੇ ਜਨ-ਜੀਵਨ ਦੇ ਨਾਲ-ਨਾਲ ਰੇਲ ਆਵਾਜਾਈ ਨੂੰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਰੇਲਵੇ ਅਧਿਕਾਰੀਆਂ ਅਨੁਸਾਰ ਪੁਲ ਨੰਬਰ 43 ’ਤੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਪਹੁੰਚ ਗਿਆ ਹੈ, ਜਿਸ ਕਾਰਨ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਈ ਜ਼ਰੂਰੀ ਕਦਮ ਚੁੱਕੇ ਗਏ ਹਨ। ਕਈ ਥਾਵਾਂ ’ਤੇ ਪਾਣੀ ਭਰਨ ਕਾਰਨ ਜ਼ਮੀਨ ਖਿਸਕਣ ਦੀ ਵੀ ਸੂਚਨਾ ਹੈ ਅਤੇ ਇਸ ਸੰਕਟਮਈ ਸਥਿਤੀ ਕਾਰਨ ਕਈ ਲੰਬੀ ਦੂਰੀ ਦੀਆਂ ਰੇਲਗੱਡੀਆਂ ਨੂੰ ਅੱਧ ਵਿਚਕਾਰ ਹੀ ਰੋਕ ਦਿੱਤਾ ਗਿਆ ਹੈ।
ਸੂਚਨਾ ਅਧਿਕਾਰੀ ਹਿਮਾਂਸ਼ੂ ਸ਼ੇਖਰ ਉਪਾਧਿਆਏ ਨੇ ਦੱਸਿਆ ਕਿ ਕਈ ਰੇਲ ਗੱਡੀਆਂ ਦੇ ਚੱਲਣ ਦੇ ਸਥਾਨ ਵਿਚ ਬਦਲਾਅ ਕੀਤਾ ਗਿਆ ਹੈ। ਰੇਲਵੇ ਅਧਿਕਾਰੀਆਂ ਵੱਲੋਂ ਦਿੱਤੀ ਗਈ ਸੂਚਨਾ ਅਨੁਸਾਰ ਕਈ ਮਹੱਤਵਪੂਰਨ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਇਨ੍ਹਾਂ ਵਿੱਚੋਂ ਕੁਝ ਰੇਲਗੱਡੀਆਂ ਨੂੰ ਪਠਾਨਕੋਟ ਕੈਂਟ ਵਿੱਚ ਹੀ ਰੋਕ ਦਿੱਤਾ ਗਿਆ ਹੈ, ਜਦਕਿ ਕੁਝ ਦਾ ਸਫ਼ਰ ਇਸੇ ਸਟੇਸ਼ਨ ਤੋਂ ਸ਼ੁਰੂ ਕੀਤਾ ਗਿਆ ਹੈ। ਇਸ ਦੇ ਨਾਲ ਹੀ, ਕੁਝ ਹੋਰ ਰੇਲਗੱਡੀਆਂ ਦੇ ਰੂਟ ਵਿੱਚ ਵੀ ਬਦਲਾਅ ਕੀਤਾ ਗਿਆ ਹੈ।
Advertisement
ਰੇਲਵੇ ਵਿਭਾਗ ਨੇ ਯਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਯਾਤਰਾ ਤੋਂ ਪਹਿਲਾਂ ਰੇਲਵੇ ਦੀ ਅਧਿਕਾਰਤ ਵੈੱਬਸਾਈਟ ਜਾਂ ਹੈਲਪਲਾਈਨ ਨੰਬਰਾਂ ਤੋਂ ਜਾਣਕਾਰੀ ਜ਼ਰੂਰ ਪ੍ਰਾਪਤ ਕਰ ਲੈਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਤੋਂ ਬਚਿਆ ਜਾ ਸਕੇ। ਇਸ ਸਮੱਸਿਆ ਦੇ ਹੱਲ ਲਈ ਰੇਲਵੇ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ ਅਤੇ ਸਥਿਤੀ ਆਮ ਹੋਣ ਤੋਂ ਬਾਅਦ ਰੇਲ ਸੇਵਾਵਾਂ ਨੂੰ ਮੁੜ ਬਹਾਲ ਕਰ ਦਿੱਤਾ ਜਾਵੇਗਾ।
Advertisement