ਮੁੰਬਈ ’ਚ ਭਾਰੀ ਮੀਂਹ; ਸੜਕੀ ਤੇ ਰੇਲ ਆਵਾਜਾਈ ਪ੍ਰਭਾਵਿਤ, ਸਰਕਾਰੀ ਦਫ਼ਤਰ ਬੰਦ
ਮੁੰਬਈ ਵਿੱਚ ਮੰਗਲਵਾਰ ਨੂੰ ਪਏ ਮੋਹਲੇਧਾਰ ਮੀਂਹ ਕਾਰਨ ਕਈ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ। ਮੀਂਹ ਕਰਕੇ ਸੜਕੀ ਆਵਾਜਾਈ ਅਤੇ ਸਥਾਨਕ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ, ਜਿਸ ਨਾਲ ਮਹਾਂਨਗਰ ਅਤੇ ਨੇੜਲੇ ਖੇਤਰਾਂ ਵਿੱਚ ਆਮ ਜਨਜੀਵਨ ਲੀਹੋਂ ਲੱਥ ਗਿਆ। ਮੁੰਬਈ ਨਗਰ ਨਿਗਮ ਨੇ ਕਿਹਾ ਕਿ ਇੱਥੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰ ਮੰਗਲਵਾਰ ਨੂੰ ਬੰਦ ਰਹਿਣਗੇ ਅਤੇ ਨਿੱਜੀ ਅਦਾਰਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਰਮਚਾਰੀਆਂ ਨੂੰ ਘਰੋਂ ਕੰਮ ਕਰਨ ਅਤੇ ਬੇਲੋੜੀ ਯਾਤਰਾ ਤੋਂ ਬਚਣ।
ਬ੍ਰਿਹਨਮੁੰਬਈ ਨਗਰ ਨਿਗਮ (BMC) ਨੇ ਮੰਗਲਵਾਰ ਸਵੇਰੇ ਇੱਕ ਬਿਆਨ ਵਿੱਚ ਕਿਹਾ ਕਿ ਸ਼ਹਿਰ ਅਤੇ ਉਪਨਗਰਾਂ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਅਤੇ IMD ਵੱਲੋਂ ਜਾਰੀ 'ਰੈੱਡ ਅਲਰਟ' ਚੇਤਾਵਨੀ ਦੇ ਮੱਦੇਨਜ਼ਰ ਸਾਵਧਾਨੀ ਵਜੋਂ ਸਰਕਾਰੀ ਤੇ ਨੀਮ ਸਰਕਾਰੀ ਦਫ਼ਤਰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਫੈਸਲਾ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਸਾਰੇ ਬੀਐੱਮਸੀ ਦਫਤਰਾਂ ਅਤੇ ਸਰਕਾਰੀ ਅਦਾਰਿਆਂ ’ਤੇ ਲਾਗੂ ਹੁੰਦਾ ਹੈ।
ਲਗਾਤਾਰ ਪੈ ਰਹੇ ਮੀਂਹ ਅਤੇ ਆਈਐਮਡੀ ਵੱਲੋਂ ਜਾਰੀ 'ਰੈੱਡ ਅਲਰਟ' ਚੇਤਾਵਨੀ ਦੇ ਮੱਦੇਨਜ਼ਰ ਸਕੂਲ ਅਤੇ ਕਾਲਜ ਵੀ ਬੰਦ ਕਰ ਦਿੱਤੇ ਗਏ ਸਨ, ਜਿਸ ਵਿੱਚ ਮੰਗਲਵਾਰ ਨੂੰ ਮੁੰਬਈ ਅਤੇ ਗੁਆਂਢੀ ਜ਼ਿਲ੍ਹਿਆਂ ਵਿੱਚ ਵੱਖੋ ਵੱਖਰੀਆਂ ਥਾਵਾਂ ’ਤੇ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਸੀ। ਮੁੰਬਈ ਪੁਲੀਸ ਨੇ ਸਥਾਨਕ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਿਰਫ਼ ਜ਼ਰੂਰੀ ਹੋਣ ’ਤੇ ਹੀ ਘਰਾਂ ਤੋਂ ਬਾਹਰ ਨਿਕਲਣ ਅਤੇ ਨਿੱਜੀ ਖੇਤਰ ਨੂੰ ਘਰੋਂ ਕੰਮ ਕਰਨ ਦੀ ਆਗਿਆ ਦੇਣ ਦੀ ਬੇਨਤੀ ਵੀ ਕੀਤੀ।
ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਮੁੰਬਈ ਦੇ ਕਈ ਹਿੱਸਿਆਂ ਵਿੱਚ 200 ਮਿਲੀਮੀਟਰ ਤੋਂ ਵੱਧ ਮੀਂਹ ਪਿਆ ਹੈ, ਜਿਸ ਵਿੱਚ ਪੂਰਬੀ ਉਪਨਗਰਾਂ ਦੇ ਵਿਖਰੋਲੀ ਵਿੱਚ 255.5 ਮਿਲੀਮੀਟਰ ਸਭ ਤੋਂ ਵੱਧ ਮੀਂਹ ਦਰਜ ਕੀਤਾ ਗਿਆ ਹੈ।