ਨਵੀਂ ਦਿੱਲੀ, 22 ਜੂਨ
ਸੁਪਰੀਮ ਕੋਰਟ ਨੇ ਲੋਕ ਸਭਾ ਮੈਂਬਰ ਨਵਨੀਤ ਕੌਰ ਰਾਣਾ ਦਾ ਜਾਤੀ ਸਰਟੀਫਿਕੇਟ ਰੱਦ ਕਰਨ ਦੇ ਬੰਬੇ ਹਾਈ ਕੋਰਟ ਦੇ ਫ਼ੈਸਲੇ ’ਤੇ ਅੱਜ ਰੋਕ ਲਗਾ ਦਿੱਤੀ ਹੈ। ਰਾਣਾ ਮਹਾਰਾਸ਼ਟਰ ’ਚ ਅਨੁਸੂਚਿਤ ਜਾਤੀ ਲਈ ਰਾਖਵੀਂ ਅਮਰਾਵਤੀ ਲੋਕ ਸਭਾ ਸੀਟ ਤੋਂ ਆਜ਼ਾਦ ਸੰਸਦ ਮੈਂਬਰ ਹਨ। ਬੰਬੇ ਹਾਈ ਕੋਰਟ ਨੇ ਨੌਂ ਜੂਨ ਨੂੰ ਰਾਣਾ ਦਾ ਜਾਤੀ ਸਰਟੀਫਿਕੇਟ ਰੱਦ ਕਰ ਦਿੱਤਾ ਸੀ ਤੇ ਕਿਹਾ ਸੀ ਕਿ ਇਹ ਫਰਜ਼ੀ ਦਸਤਾਵੇਜ਼ਾਂ ਦੇ ਆਧਾਰ ’ਤੇ ਧੋਖਾਧੜੀ ਕਰਕੇ ਹਾਸਲ ਕੀਤਾ ਗਿਆ ਹੈ। ਅਦਾਲਤ ਨੇ ਸੰਸਦ ਮੈਂਬਰ ਨੂੰ ਦੋ ਲੱਖ ਰੁਪਏ ਦਾ ਜੁਰਮਾਨਾ ਵੀ ਲਾਇਆ ਸੀ। ਜਸਟਿਸ ਵਿਨੀਤ ਸਰਨ ਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦੇ ਵੈਕੇਸ਼ਨ ਬੈਂਚ ਨੇ ਰਾਣਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਦੀ ਅਰਜ਼ੀ ਦਾ ਨੋਟਿਸ ਲਿਆ ਤੇ ਮਹਾਰਾਸ਼ਟਰ ਸਰਕਾਰ, ਜ਼ਿਲ੍ਹਾ ਜਾਤੀ ਪੜਤਾਲ ਕਮੇਟੀ ਤੇ ਸੰਸਦ ਮੈਂਬਰ ਦੇ ਜਾਤੀ ਸਰਟੀਫਿਕੇਟ ਖ਼ਿਲਾਫ਼ ਸ਼ਿਕਾਇਤ ਕਰਨ ਵਾਲੇ ਆਨੰਦ ਰਾਓ ਵਿਠੋਬਾ ਅਸਦੁਲ ਸਮੇਤ ਹੋਰ ਸਬੰਧਤ ਧਿਰਾਂ ਨੂੰ ਨੋਟਿਸ ਜਾਰੀ ਕੀਤਾ ਹੈ। -ਪੀਟੀਆਈ