ਨਵੀਂ ਦਿੱਲੀ, 5 ਅਗਸਤ
ਦਿੱਲੀ ਹਾਈ ਕੋਰਟ ਨੇ ਦਿੱਲੀ ਸਰਕਾਰ ਦੇ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਆਗੂ ਸਤੇਂਦਰ ਜੈਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਦਾਇਰ ਅਪਰਾਧਿਕ ਮਾਣਹਾਨੀ ਮਾਮਲੇ ’ਚ ਹੇਠਲੀ ਅਦਾਲਤ ਦੀ ਕਾਰਵਾਈ ’ਤੇ ਅੱਜ ਰੋਕ ਲਗਾ ਦਿੱਤੀ ਹੈ। ਜਸਟਿਸ ਮੁਕਤਾ ਗੁਪਤਾ ਨੇ ਜੈਨ ਦੀ ਪਟੀਸ਼ਨ ’ਤੇ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਜੈਨ ਨੇ ਆਪਣੀ ਪਟੀਸ਼ਨ ’ਚ ਹੇਠਲੀ ਅਦਾਲਤ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ ਜਿਸ ’ਚ ਉਨ੍ਹਾਂ ਦੀ ਮਾਣਹਾਨੀ ਸ਼ਿਕਾਇਤ ਨਾਲ ਸਬੰਧਤ ਕਾਨੂੰਨੀ ਦਸਤਾਵੇਜ਼ਾਂ ’ਚ ਖਾਮੀਆਂ ਦੂਰ ਕਰਨ ਸਬੰਧੀ ਉਨ੍ਹਾਂ ਦੀ ਅਰਜ਼ੀ ਖਾਰਜ ਕਰ ਦਿੱਤੀ ਗਈ ਸੀ। ਮਾਣਹਾਨੀ ਮਾਮਲੇ ’ਚ ਹਾਈ ਕੋਰਟ ਨੇ ਪੁਲੀਸ ਤੇ ਦੋ ਹੋਰ ਮੁਲਜ਼ਮਾਂ (ਇੱਕ ਮੀਡੀਆ ਅਦਾਰੇ ਦਾ ਸੰਪਾਦਕ ਤੇ ਪ੍ਰਕਾਸ਼ਕ) ਨੂੰ ਵੀ ਨੋਟਿਸ ਜਾਰੀ ਕੀਤਾ ਹੈ ਅਤੇ ਮਾਮਲਾ 13 ਸਤੰਬਰ ਨੂੰ ਸੁਣਵਾਈ ਲਈ ਸੂਚੀਬੱਧ ਕਰ ਦਿੱਤਾ ਹੈ। -ਪੀਟੀਆਈ