Himachal: ਬਿਲਾਸਪੁਰ ਵਿੱਚ ਬੱਸ ’ਤੇ ਢਿੱਗ ਡਿੱਗਣ ਕਾਰਨ 18 ਹਲਾਕ
ਉਨ੍ਹਾਂ ਦੱਸਿਆ ਕਿ ਇਹ ਹਾਦਸਾ ਝੰਡੂਤਾ ਵਿਧਾਨ ਸਭਾ ਹਲਕੇ ਦੇ ਭਲੂਘਾਟ ਇਲਾਕੇ ਵਿੱਚ ਵਾਪਰਿਆ। ਹਾਦਸੇ ਸਮੇਂ ਬੱਸ ਵਿੱਚ 30-35 ਯਾਤਰੀ ਸਵਾਰ ਸਨ ਅਤੇ ਇਹ ਬੱਸ ਮਰੋਟਾਂ ਤੋਂ ਘੁਮਾਰਵੀ ਜਾ ਰਹੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ’ਤੇ ਮੌਜੂਦ ਹਨ ਅਤੇ ਬਚਾਅ ਕਾਰਜ ਤੇਜ਼ੀ ਨਾਲ ਜਾਰੀ ਹਨ। ਉਨ੍ਹਾਂ ਅੱਗੇ ਕਿਹਾ ਕਿ ਹੁਣ ਤੱਕ ਮਲਬੇ ਵਿੱਚੋਂ 18 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਬਚਾਅ ਕਾਰਜਾਂ ਵਿੱਚ ਲੱਗੇ ਇੱਕ ਪੁਲੀਸ ਕਰਮਚਾਰੀ ਨੇ ਦੱਸਿਆ, "ਪੂਰਾ ਪਹਾੜ ਬੱਸ 'ਤੇ ਡਿੱਗ ਪਿਆ ਹੈ ਅਤੇ ਯਾਤਰੀਆਂ ਦੇ ਬਚਣ ਦੀਆਂ ਸੰਭਾਵਨਾਵਾਂ ਬਹੁਤ ਘੱਟ ਹਨ।" ਮਲਬੇ ਹੇਠੋਂ ਬਚਾਏ ਗਏ ਤਿੰਨ ਵਿਅਕਤੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਵੀ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਇਸ ਹਾਦਸੇ ’ਤੇ ਦੁੱਖ ਪ੍ਰਗਟਾਇਆ ਹੈ ਅਤੇ ਅਧਿਕਾਰੀਆਂ ਨੂੰ ਬਚਾਅ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। -ਪੀਟੀਆਈ
ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ’ਚ ਵਾਪਰੇ ਹਾਦਸੇ ’ਚ ਹੋਈਆਂ ਮੌਤਾਂ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਮ੍ਰਿਤਕਾਂ ਦੇ ਵਾਰਸਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। -ਪੀਟੀਆਈ