ਨਵੀਂ ਦਿੱਲੀ, 31 ਅਗਸਤ
ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਐਲਾਨ ਕੀਤਾ ਕਿ ਜੇਕਰ ਆਮ ਆਦਮੀ ਪਾਰਟੀ ਹਿਮਾਚਲ ਪ੍ਰਦੇਸ਼ ਵਿੱਚ ਸੱਤਾ ਹਾਸਲ ਕਰਦੀ ਹੈ ਤਾਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ। ਹਿਮਾਚਲ ਪ੍ਰਦੇਸ਼ ਦੇ ਪਾਲਮਪੁਰ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਨੇਤਾ ਸਿਸੋਦੀਆ ਨੇ ਪਾਰਟੀ ਵੱਲੋਂ ਪ੍ਰਤੀ ਮਹੀਨਾ 1,000 ਰੁਪਏ ਦੀ ‘‘ਗਾਰੰਟੀ’’ ਨੂੰ ‘‘ਇਸਤਰੀ ਸਨਮਾਨ ਰਾਸ਼ੀ’’ ਕਰਾਰ ਦਿੰਦਿਆਂ ਕਿਹਾ ਕਿ ਇਹ ਸਾਰੀਆਂ ਔਰਤਾਂ ਨੂੰ ਮਜ਼ਬੂਤੀ ਦੇਵੇਗੀ। ਸਮਾਗਮ ਵਿੱਚ ਸਿਸੋਦੀਆ ਨੇ ‘‘ਕੇਜਰੀਵਾਲ ਦੀ ਚੌਥੀ ਗਾਰੰਟੀ’ ਦਾ ਐਲਾਨ ਕੀਤਾ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਹੋਰ ਨੇਤਾ ਵੀ ਹਾਜ਼ਰ ਸਨ। ਹਿਮਾਚਲ ਪ੍ਰਦੇਸ਼ ਵਿੱਚ ਇਸ ਸਾਲ ਦੇ ਅਖੀਰ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ‘ਆਪ’ ਵੱਲੋਂ ਹਿਮਾਚਲ ਪ੍ਰਦੇਸ਼ ਵਿੱਚ ਹਰ ਬੱਚੇ ਨੂੰ ਮੁਫ਼ਤ ਤੇ ਮਿਆਰੀ ਸਿੱਖਿਆ, ਸਭ ਨੂੰ ਮੁਫ਼ਤ ਸਿਹਤ ਸਹੂਲਤਾਂ ਅਤੇ ਡਿਊਟ ’ਤੇ ਸ਼ਹੀਦ ਹੋਣ ਵਾਲੇ ਸੈਨਿਕਾਂ ਦੇ ਵਾਰਸਾਂ ਨੂੰ ਇੱਕ ਕਰੋੜ ਰੁਪਏ ਦੇਣ ਦੀ ਗਾਰੰਟੀ ਦਿੱਤੀ ਸੀ। ਔਰਤਾਂ ਦੀ ਬਹੁਗਿਣਤੀ ਵਾਲੇ ਇਕੱਠ ਨੂੰ ਸੰਬੋਧਨ ਕਰਦਿਆਂ ਸਿਸੋਦੀਆ ਨੇ ਕਿਹਾ, ‘‘ਜੇਕਰ ‘ਆਪ’ ਸੂਬੇ ਦੀ ਸੱਤਾ ਵਿੱਚ ਆਈ ਤਾਂ 18 ਸਾਲ ਤੋਂ ਉੱਪਰ ਹਰ ਔਰਤ ਨੂੰ 1000 ਰੁਪਏ ਸਨਮਾਨ ਰਾਸ਼ੀ ਦਿੱਤੀ ਜਾਵੇਗੀ।’’ ਉਨ੍ਹਾਂ ਕਿਹਾ, ‘‘ਕਾਲਜ ਵਿੱਚ ਪੜ੍ਹਦੀਆਂ ਲੜਕੀਆਂ ਇਨ੍ਹਾਂ ਪੈਸਿਆਂ ਨਾਲ ਕਿਤਾਬਾਂ ਖਰੀਦ ਸਕਣਗੀਆਂ। ਕੇਜਰੀਵਾਲ ਦੀ ਗਾਰੰਟੀ ਉਨ੍ਹਾਂ ਲੜਕੀਆਂ ਦੇ ਸੁਪਨੇ ਪੂਰੇ ਕਰਨ ’ਚ ਮਦਦ ਕਰੇਗੀ।’ -ਪੀਟੀਆਈ