ਆਤਿਸ਼ ਗੁਪਤਾ
ਚੰਡੀਗੜ੍ਹ, 24 ਅਕਤੂਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਆਗੂਆਂ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਵਾਪਰੇ ਜਬਰ-ਜਨਾਹ ਤੇ ਕਤਲ ਦੇ ਮਾਮਲੇ ’ਚ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ’ਤੇ ਕੀਤੇ ਗਏ ਹਮਲੇ ਦੀ ਸਖ਼ਤ ਆਲੋਚਨਾ ਕਰਦਿਆਂ ਇਸ ਨੂੰ ਸਿਆਸੀ ਸ਼ੋਸ਼ੇਬਾਜ਼ੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਅਤੇ ਹਾਥਰਸ ਦੀਆਂ ਘਟਨਾਵਾਂ ਦਰਮਿਆਨ ਕੋਈ ਤੁਲਨਾ ਨਹੀਂ ਕੀਤੀ ਜਾ ਸਕਦੀ ਹੈ। ਮੁੱਖ ਮੰਤਰੀ ਨੇ ਡੀਜੀਪੀ ਨੂੰ ਇਹ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ ਕਿ ਅਦਾਲਤ ਵੱਲੋਂ ਫਾਸਟ ਟਰੈਕ ਦੇ ਆਧਾਰ ਉਤੇ ਕੇਸ ਦੀ ਸੁਣਵਾਈ ਕੀਤੀ ਜਾਵੇ ਤਾਂ ਜੋ ਦੋਸ਼ੀਆਂ ਖ਼ਿਲਾਫ਼ ਸਖ਼ਤ ਅਤੇ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਹਾਥਰਸ ਘਟਨਾ ’ਚ ਭਾਜਪਾ ਸਰਕਾਰ ਨੇ ਇਸ ਗੰਭੀਰ ਮਾਮਲੇ ਉਤੇ ਮਿੱਟੀ ਪਾਉਣ ਦੀ ਕੋਸ਼ਿਸ਼ ਕੀਤੀ ਸੀ ਤਾਂ ਜੋ ਉੱਚੀ ਜਾਤ ਨਾਲ ਜੁੜੇ ਦੋਸ਼ੀਆਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਹੁਸ਼ਿਆਰਪੁਰ ਕਾਂਡ ਦੇ ਦੋਸ਼ੀਆਂ ਨੂੰ ਹਿਰਾਸਤ ਵਿੱਚ ਲਿਆ ਅਤੇ ਇਕ ਹਫ਼ਤੇ ਵਿੱਚ ਚਲਾਨ ਪੇਸ਼ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਯੂਪੀ ਵਿੱਚ ਦਲਿਤਾਂ ਅਤੇ ਅਨੁਸੂਚਿਤ ਜਾਤੀਆਂ ਵਿਰੁੱਧ ਅਪਰਾਧ ਲਗਾਤਾਰ ਵਧਦੇ ਜਾ ਰਹੇ ਹਨ ਅਤੇ ਪੀੜਤਾਂ ਦੀ ਬਾਂਹ ਵੀ ਕੋਈ ਨਹੀਂ ਫੜ ਰਿਹਾ ਹੈ।