ਨਵੀਂ ਦਿੱਲੀ, 11 ਅਗਸਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉਦਯੋਗ ਜਗਤ ਨੂੰ ਦੇਸ਼ ਵਿੱਚ ਮੈਨੂਫੈਕਚਰਿੰਗ ਵਿੱਚ ਤੇਜ਼ੀ ਲਿਆਉਣ ਅਤੇ ‘ਬਰਾਂਡ ਇੰਡੀਆ’ ਨੂੰ ਅੱਗੇ ਵਧਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਹਰੇਕ ਤਰ੍ਹਾਂ ਦੇ ਅੜਿੱਕਿਆਂ ਨੂੰ ਦੂਰ ਕਰਨ ਲਈ ਸਰਕਾਰ ਹਮੇਸ਼ਾ ਉਨ੍ਹਾਂ ਨਾਲ ਖੜ੍ਹੀ ਹੈ। ਕਨਫੈਡਰੇਸ਼ਨ ਆਫ ਇੰਡੀਆ (ਸੀਆਈਆਈ) ਦੀ ਸਾਲਾਨਾ ਮੀਟੰਗ ਨੂੰ ਵਰਚੁਅਲੀ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤੀ ਅਰਥਵਿਵਸਥਾ ਮੁੜ ਤੋਂ ਤੇਜ਼ੀ ਨਾਲ ਅੱਗੇ ਵਧ ਰਹੀ ਹੈ ਅਤੇ ਵੱਖ-ਵੱਖ ਖੇਤਰਾਂ ਵਿੱਚ ਨਵੇਂ ਮੌਕੇ ਪੈਦਾ ਹੋ ਰਹੇ ਹਨ। ਉਨ੍ਹਾਂ ਉਦਯੋਗ ਜਗਤ ਨੂੰ ਮੈਨੂਫੈਕਚਰਿੰਗ ਵਿੱਚ ਤੇਜ਼ੀ ਲਿਆਉਣ ਦਾ ਸੱਦਾ ਦਿੰਦਿਆਂ ਕਿਹਾ, ‘‘ਅਸੀਂ ਤੁਹਾਡੀ (ਉਦਯੋਗ) ਭਾਈਵਾਲੀ ਨਾਲ ਬਰਾਂਡ ਇੰਡੀਆ ਨੂੰ ਅੱਗੇ ਵਧਾਉਣਾ ਹੈ। ਮੈਂ ਤੁਹਾਡੇ ਲਈ ਹਮੇਸ਼ਾ ਖੜ੍ਹਾ ਰਿਹਾ ਹਾਂ ਅਤੇ ਖੜ੍ਹਾ ਰਹਾਂਗਾ।’’ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਕਾਰੋਬਾਰ ਸੁਖਾਲਾ ਬਣਾਉਣ ਲਈ ਸੁਧਾਰਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ ਅਤੇ ਮਹਾਮਾਰੀ ਦੌਰਾਨ ਵੀ ਅਸੀਂ ਇਸ ਦਿਸ਼ਾ ਵਿੱਚ ਕਈ ਅਹਿਮ ਕਦਮ ਚੁੱਕੇ ਹਨ। ਉਨ੍ਹਾਂ ਕਿਹਾ, ‘‘ਅਸੀਂ ਹਾਲ ਹੀ ਵਿੱਚ ਕੰਪਨੀ ਕਾਨੂੰਨ ਵਿੱਚ ਬਦਲਾਅ ਕਰਕੇ ਕਈ ਤਜਵੀਜ਼ਾਂ ਨੂੰ ਅਪਰਾਧ ਦੀ ਸ਼੍ਰੇਣੀ ’ਚੋਂ ਹਟਾਇਆ ਹੈ… ਕਿਰਤ ਸੁਧਾਰਾਂ ’ਤੇ ਧਿਆਨ ਦਿੱਤਾ ਜਾ ਰਿਹਾ ਹੈ।’’
ਉਨ੍ਹਾਂ ਕਿਹਾ ਕਿ ਸੁਧਾਰਾਂ ਦਾ ਹੀ ਨਤੀਜਾ ਹੈ ਕਿ ਅੱਜ ਦੇਸ਼ ਵਿੱਚ ਰਿਕਾਰਡ ਸਿੱਧਾ ਵਿਦੇਸ਼ੀ ਨਿਵੇਸ਼ (ਐੱਫਡੀਆਈ) ਆ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ, ‘‘ਅਸੀਂ ਸੁਧਾਰਾਂ ਨੂੰ ਅੜਿੱਕੇ ਵਜੋਂ ਨਹੀਂ, ਸਗੋਂ ਇੱਕ ਭਰੋਸੇ ਅਤੇ ਮਜ਼ਬੂਤੀ ਨਾਲ ਅੱਗੇ ਵਧਾ ਰਹੇ ਹਾਂ।’’ ਮੋਦੀ ਨੇ ਕਿਹਾ ਕਿ ਭਾਰਤ ਵਿੱਚ ਆਰਥਿਕ ਵਾਧਾ ਦਰ ਨੂੰ ਗਤੀ ਦੇਣ ਦੇ ਸ਼ਾਨਦਾਰ ਮੌਕੇ ਹਨ ਅਤੇ ਉਦਯੋਗ ਜਗਤ ਨੂੰ ਇਸ ਫ਼ਾਇਦਾ ਲੈਣਾ ਚਾਹੀਦਾ ਹੈ। -ਪੀਟੀਆਈ
ਮੋਦੀ ਨੇ ਵਾਰਾਨਸੀ ’ਚ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਸੰਸਦੀ ਖੇਤਰ ਵਾਰਾਨਸੀ ਵਿੱਚ ਹੜ੍ਹਾਂ ਨਾਲ ਪੈਦਾ ਹੋਈ ਸਥਿਤੀ ਬਾਰੇ ਸਥਾਨਕ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ ਤੇ ਹਾਲਾਤ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਪ੍ਰਸ਼ਾਸਨ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਨਸੀ ਪ੍ਰਸ਼ਾਸਨ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ ਤੇ ਹੜ੍ਹਾਂ ਨਾਲ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਵੀ ਦਿੱਤਾ। ਦੱਸਣਯੋਗ ਹੈ ਕਿ ਵਾਰਾਨਸੀ ਵਿੱਚ ਗੰਗਾ ਤੇ ਵਰੁਣਾ ਨਦੀਆਂ ਦੇ ਓਵਰਫਲੋਅ ਹੋਣ ਕਾਰਨ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਹੜ੍ਹ ਆ ਗਿਆ ਹੈ। -ਪੀਟੀਆਈ