ਰਾਂਚੀ, 12 ਮਈ
ਕਾਲੇ ਧਨ ਨੂੰ ਸਫੈਦ ਕਰਨ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਤੇ ਅਦਾਲਤ ਵੱਲੋਂ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਹਿਰਾਸਤ ਵਿੱਚ ਭੇਜੇ ਜਾਣ ਤੋਂ ਇਕ ਦਿਨ ਬਾਅਦ ਅੱਜ ਝਾਰਖੰਡ ਸਰਕਾਰ ਨੇ ਸੂਬੇ ਦੀ ਸੀਨੀਅਰ ਆਈਏਐੱਸ ਅਧਿਕਾਰੀ ਤੇ ਖਣਨ ਸਕੱਤਰ ਪੂਜਾ ਸਿੰਘਲ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇਕ ਅਧਿਕਾਰੀ ਨੇ ਦਿੱਤੀ।
ਦੋ ਦਿਨ ਦੀ ਲਗਾਤਾਰ ਪੁੱਛ-ਪੜਤਾਲ ਮਗਰੋਂ ਕੱਲ੍ਹ ਐਨਫੋਰਸਮੈਂਟ ਡਾਇਰੈਕਟੋਰੇਟ ਨੇ 2000 ਬੈਚ ਦੀ ਆਈਏਐੱਸ ਅਧਿਕਾਰੀ ਪੂਜਾ ਸਿੰਘਲ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਕਾਲੇ ਧਨ ਨੂੰ ਸਫੈਦ ਕਰਨ ਦੀ ਰੋਕਥਾਮ ਸਬੰਧੀ ਐਕਟ ਤਹਿਤ ਸਥਾਪਤ ਪ੍ਰਭਾਤ ਕੁਮਾਰ ਸ਼ਰਮਾ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੋਂ ਉਸ ਨੂੰ ਬਿਰਸਾ ਮੁੰਡਾ ਕੇਂਦਰੀ ਜੇਲ੍ਹ, ਹੋਤਵਾਰ ਭੇਜ ਦਿੱਤਾ ਗਿਆ ਸੀ। ਬੁੱਧਵਾਰ ਰਾਤ ਨੂੰ ਈਡੀ ਨੇ ਉਸ ਦਾ ਪੰਜ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਸੀ। ਅਧਿਕਾਰੀ ਨੇ ਕਿਹਾ ਕਿ ਪੂਜਾ ਸਿੰਘਲ ਨੂੰ ਆਲ ਇੰਡੀਆ ਸਰਵਿਸਿਜ਼ (ਅਨੁਸ਼ਾਸਨ ਤੇ ਅਪੀਲ ਰੂਲਜ਼, 1969) ਦੇ ਪ੍ਰਬੰਧਾਂ ਅਧੀਨ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। -ਪੀਟੀਆਈ