ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ’ਚ ਹੜ੍ਹਾਂ ਲਈ ਗ਼ੈਰਕਾਨੂੰਨੀ ਮਾਈਨਿੰਗ ਜ਼ਿੰਮੇਵਾਰ: ਚੌਹਾਨ

ਕੇਂਦਰੀ ਖੇਤੀਬਾਡ਼ੀ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨੂੰ ਛੇਤੀ ਸੌਂਪੀ ਜਾਵੇਗੀ ਰਿਪੋਰਟ
Advertisement

ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਸਤਲੁਜ, ਬਿਆਸ, ਰਾਵੀ ਅਤੇ ਘੱਗਰ ਦਰਿਆਵਾਂ ’ਚੋਂ ਗ਼ੈਰਕਾਨੂੰਨੀ ਮਾਈਨਿੰਗ ਕਾਰਨ ਉਨ੍ਹਾਂ ਦੇ ਕੰਢੇ ਕਮਜ਼ੋਰ ਹੋ ਗਏ, ਜਿਸ ਕਾਰਨ ਪੰਜਾਬ ’ਚ ਹੜ੍ਹਾਂ ਦੀ ਸਥਿਤੀ ਜ਼ਿਆਦਾ ਗੰਭੀਰ ਬਣੀ। ਉਨ੍ਹਾਂ ਕਿਹਾ ਕਿ ਦਰਿਆਵਾਂ ਦੇ ਕੰਢਿਆਂ ਅਤੇ ਬੰਨ੍ਹਾਂ ਨੂੰ ਮੁੜ ਮਜ਼ਬੂਤ ਕਰਨਾ ਪਵੇਗਾ ਤਾਂ ਜੋ ਭਵਿੱਖ ਵਿੱਚ ਅਜਿਹੀ ਕੁਦਰਤੀ ਆਫ਼ਤ ਤੋਂ ਪੰਜਾਬ ਨੂੰ ਬਚਾਇਆ ਜਾ ਸਕੇ। ਚੌਹਾਨ ਨੇ ਆਖਿਆ ਕਿ ਜਦੋਂ ਮਰਹੂਮ ਅਟਲ ਬਿਹਾਰੀ ਵਾਜਪਾਈ ਪ੍ਰਧਾਨ ਮੰਤਰੀ ਸਨ ਅਤੇ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਸਨ ਤਾਂ ਫ਼ਸਲਾਂ ਨੂੰ ਹੜ੍ਹ ਤੋਂ ਬਚਾਉਣ ਵਾਸਤੇ ਸਤਲੁਜ, ਬਿਆਸ, ਰਾਵੀ ਅਤੇ ਘੱਗਰ ਦਰਿਆਵਾਂ ਦੇ ਕੰਢੇ ਅਤੇ ਬੰਨ੍ਹ ਮਜ਼ਬੂਤ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਉਸ ਸਮੇਂ ਦਰਿਆਵਾਂ ਦੇ ਕੰਢੇ ਉੱਚੇ ਕੀਤੇ ਗਏ ਸਨ ਪਰ ਹੁਣ ਦਰਿਆਵਾਂ ਵਿੱਚ ਗ਼ੈਰਕਾਨੂੰਨੀ ਖਣਨ ਕਾਰਨ ਇਹ ਕਮਜ਼ੋਰ ਹੋ ਗਏ ਹਨ ਅਤੇ ਪਿੰਡਾਂ ਵਿੱਚ ਪਾਣੀ ਆਇਆ ਹੈ। ਪੰਜਾਬ ’ਚ ਹੜ੍ਹਾਂ ਨੂੰ ਵੱਡੀ ਆਫ਼ਤ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੂਬੇ ਨੂੰ ਸੰਕਟ ’ਚੋਂ ਕੱਢਣ ਲਈ ਕੋਈ ਕਸਰ ਨਹੀਂ ਛੱਡੇਗੀ। ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਮਗਰੋਂ ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਹੜ੍ਹਾਂ ਬਾਰੇ ਵਿਸਥਾਰਤ ਰਿਪੋਰਟ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੌਂਪਣਗੇ। ਚੌਹਾਨ ਨੇ ‘ਐਕਸ’ ’ਤੇ ਕਿਹਾ, ‘‘ਪੂਰੇ ਪੰਜਾਬ ’ਚ ਫ਼ਸਲਾਂ ਤਬਾਹ ਹੋ ਗਈਆਂ ਹਨ ਅਤੇ ਕੇਂਦਰ ਸਰਕਾਰ ਸੰਕਟ ਦੀ ਇਸ ਘੜੀ ’ਚ ਕਿਸਾਨਾਂ ਨਾਲ ਡਟ ਕੇ ਖੜ੍ਹੀ ਹੈ।’’ ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਯੋਜਨਾਬੱਧ ਉਸਾਰੀ ਦੀ ਲੋੜ ਹੈ ਅਤੇ ਸੂਬੇ ਨੂੰ ਪੈਰਾ ਸਿਰ ਕਰਨ ਲਈ ਛੋਟੀ ਅਤੇ ਲੰਬੇ ਸਮੇਂ ਦੀਆਂ ਰਣਨੀਤੀਆਂ ਬਣਾਉਣੀਆਂ ਪੈਣਗੀਆਂ। ਚੌਹਾਨ ਨੇ ਪਾਣੀ ਘਟਣ ਮਗਰੋਂ ਬਿਮਾਰੀਆਂ ਫੈਲਣ ਦਾ ਵੀ ਖ਼ਦਸ਼ਾ ਜਤਾਇਆ। ਉਨ੍ਹਾਂ ਕਿਹਾ, ‘‘ਮਰੇ ਪਸ਼ੂਆਂ ਦਾ ਸੁਰੱਖਿਅਤ ਢੰਗ ਨਾਲ ਨਿਬੇੜਾ ਕਰਨਾ ਹੋਵੇਗਾ ਤਾਂ ਜੋ ਬਿਮਾਰੀਆਂ ਨਾ ਫੈਲਣ। ਖੇਤਾਂ ’ਚ ਮਿੱਟੀ ਇਕੱਠੀ ਹੋ ਗਈ ਹੈ ਜਿਸ ਨੂੰ ਹਟਾਉਣ ਲਈ ਯੋਜਨਾ ਘੜਨੀ ਪਵੇਗੀ ਤਾਂ ਜੋ ਅਗਲੀ ਫ਼ਸਲ ਨੂੰ ਕੋਈ ਖ਼ਤਰਾ ਪੈਦਾ ਨਾ ਹੋਵੇ।’’ ਚੌਹਾਨ ਨੇ ਸਮਾਜ ਸੇਵਕਾਂ ਵੱਲੋਂ ਨਿਭਾਈ ਜਾ ਰਹੀ ਸੇਵਾ ਭਾਵਨਾ ਦੀ ਸ਼ਲਾਘਾ ਕੀਤੀ ਜਿਹੜੇ ਹੜ੍ਹ ਮਾਰੇ ਲੋਕਾਂ ਨੂੰ ਭੋਜਨ, ਕੱਪੜੇ ਅਤੇ ਦਵਾਈਆਂ ਯਕੀਨੀ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਗੁਆਂਢੀ ਸੂਬਿਆਂ ਦੇ ਲੋਕ ਵੀ ਸਹਾਇਤਾ ’ਚ ਆਪਣਾ ਯੋਗਦਾਨ ਪਾ ਰਹੇ ਹਨ।

Advertisement
Advertisement
Show comments