ਮੁੱਖ ਮੰਤਰੀ ਦੀ ਸਿਹਤ ’ਚ ਸੁਧਾਰ
ਇਥੋਂ ਨਿੱਜੀ ਫੋਰਟਿਸ ਹਸਪਤਾਲ ਵਿਚ ਜ਼ੇਰੇ ਇਲਾਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਹਤ ’ਚ ਹੁਣ ਸੁਧਾਰ ਹੈ। ਹਸਪਤਾਲ ਵੱਲੋਂ ਜਾਰੀ ਬੁਲੇਟਿਨ ਅਨੁਸਾਰ ਮੁੱਖ ਮੰਤਰੀ ਦੀ ਨਬਜ਼ ਅਤੇ ਧੜਕਣ ਸਥਿਰ ਹਨ। ਉਨ੍ਹਾਂ ਦੇ ਖੂਨ ਦੀਆਂ ਰਿਪੋਰਟਾਂ ਵਿਚ ਵੀ ਪਹਿਲਾਂ ਨਾਲੋਂ ਸੁਧਾਰ ਹੋਇਆ ਹੈ ਅਤੇ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਪੂਰੀ ਨਿਗਰਾਨੀ ਰੱਖ ਰਹੀ ਹੈ ਅਤੇ ਉਨ੍ਹਾਂ ਦੀ ਸਿਹਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ। ਮੁੱਖ ਮੰਤਰੀ ਪਿਛਲੇ ਚਾਰ ਦਿਨਾਂ ਤੋਂ ਬੁਖ਼ਾਰ, ਥਕਾਵਟ ਤੋਂ ਪੀੜਤ ਸਨ ਅਤੇ ਪਹਿਲੇ ਦੋ ਦਿਨ ਉਨ੍ਹਾਂ ਦਾ ਮੁੱਖ ਮੰਤਰੀ ਨਿਵਾਸ ਉੱਤੇ ਹੀ ਡਾਕਟਰਾਂ ਵੱਲੋਂ ਇਲਾਜ ਕੀਤਾ ਜਾ ਰਿਹਾ ਸੀ ਪਰ ਸਿਹਤ ’ਚ ਸੁਧਾਰ ਨਾ ਹੋਣ ਕਾਰਨ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਲਿਆਂਦਾ ਗਿਆ ਸੀ। ਹਸਪਤਾਲ ਵਿੱਚ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ, ਉਨ੍ਹਾਂ ਦੀ ਮਾਤਾ ਅਤੇ ਹੋਰ ਪਰਿਵਾਰਕ ਮੈਂਬਰ ਮੌਜੂਦ ਹਨ।
ਆਮ ਆਦਮੀ ਪਾਰਟੀ ਦੇ ਪੰਜਾਬ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਸਵੇਰੇ ਸਭ ਤੋਂ ਪਹਿਲਾਂ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੂੰ ਮਿਲਣ ਮਗਰੋਂ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਚੜ੍ਹਦੀ ਕਲਾ ਵਿਚ ਹਨ। ਉਨ੍ਹਾਂ ਦੀ ਹਾਲਤ ’ਚ ਲਗਾਤਾਰ ਸੁਧਾਰ ਹੋ ਰਿਹਾ ਹੈ। ਉਨ੍ਹਾਂ ਨੂੰ ਹੋਰ ਦੋ ਦਿਨ ਹਸਪਤਾਲ ਵਿਚ ਰੱਖਿਆ ਜਾ ਸਕਦਾ ਹੈ। ਉਨ੍ਹਾਂ ਦੇ ਟੈਸਟ ਹੋ ਰਹੇ ਹਨ। ਸਿਸੋਦੀਆ ਨੇ ਕਿਹਾ ਕਿ ਉਹ ਹਸਪਤਾਲ ਵਿਚ ਵੀ ਪੰਜਾਬ ਬਾਰੇ ਸੋਚ ਰਹੇ ਹਨ। ਉਹ ਠੀਕ ਹੋ ਕੇ ਪੰਜਾਬ ਦੇ ਹੜ੍ਹ ਪੀੜਤਾਂ ਕੋਲ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਹੱਲ ਕਰਨਗੇ। ਇਸੇ ਤਰ੍ਹਾਂ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਖੁੱਡੀਆਂ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਵੀ ਮੁੱਖ ਮੰਤਰੀ ਦਾ ਹਾਲ ਪੁੱਛਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਹਸਪਤਾਲ ਵਿਚੋਂ ਵੀ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਪੰਜਾਬ ਵਿਚ ਆਏ ਹੜ੍ਹਾਂ ਬਾਰੇ ਜਾਣਕਾਰੀ ਲੈ ਰਹੇ ਹਨ ਅਤੇ ਰਾਹਤ ਕਾਰਜ ਤੇਜ਼ ਕਰਨ ਦੇ ਨਿਰਦੇਸ਼ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਇਹ ਸੰਦੇਸ਼ ਦੇਣ ਲਈ ਵੀ ਕਿਹਾ ਗਿਆ ਹੈ ਕਿ 2-3 ਦਿਨਾਂ ਬਾਅਦ ਹਸਪਤਾਲ ਵਿਚੋਂ ਛੁੱਟੀ ਹੋਣ ਮਗਰੋਂ ਉਹ ਲੋਕਾਂ ਵਿਚ ਜਾਣਗੇ ਅਤੇ ਹੜ੍ਹਾਂ ਨਾਲ ਜਿਸ ਕਿਸੇ ਦਾ ਵੀ ਘਰ, ਫ਼ਸਲਾਂ ਅਤੇ ਪਸ਼ੂਆਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਵੀ ਹਸਪਤਾਲ ਪਹੁੰਚ ਕੇ ਮੁੱਖ ਮੰਤਰੀ ਦਾ ਹਾਲ ਪੁੱਛਿਆ। ਰੂਪਨਗਰ ਰੇਂਜ ਦੇ ਡੀ ਆਈ ਜੀ ਹਰਚਰਨ ਸਿੰਘ ਭੁੱਲਰ ਅਤੇ ਜ਼ਿਲ੍ਹਾ ਪੁਲੀਸ ਮੁਖੀ ਹਰਮਨਦੀਪ ਸਿੰਘ ਹਾਂਸ ਨੇ ਹਸਪਤਾਲ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੁਹਾਲੀ ਦੇ ਐੱਸ ਪੀ (ਐੱਚ) ਰਮਨਦੀਪ ਸਿੰਘ, ਡੀ ਐੱਸ ਪੀ ਹਰਸਿਮਰਨ ਸਿੰਘ ਬੱਲ ਸਮੇਤ ਵੱਡੀ ਗਿਣਤੀ ਵਿਚ ਸੁਰੱਖਿਆ ਮੁਲਾਜ਼ਮ ਇੱਥੇ ਪੱਕੇ ਤੌਰ ਤੇ ਤਾਇਨਾਤ ਹਨ। ਮੁਹਾਲੀ ਦੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਵੀ ਹਸਪਤਾਲ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ।