ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਪੈਟਰੋਲ ਤੇ ਡੀਜ਼ਲ ਤੋਂ ਐਕਸਾਈਜ਼ ਡਿਊਟੀ ਘਟਾਉਣ ਮਗਰੋਂ ਭਾਜਪਾ ਸ਼ਾਸਿਤ ਸੂਬਿਆਂ ’ਚ ਵੈਟ ਦੀਆਂ ਦਰਾਂ ਘਟਾ ਦਿੱਤੀਆਂ ਗਈਆਂ ਹਨ। ਇਨ੍ਹਾਂ ਸੂਬਿਆਂ ’ਚ ਪੈਟਰੋਲ ’ਚ 8.7 ਰੁਪਏ ਅਤੇ ਡੀਜ਼ਲ ’ਚ 9.52 ਰੁਪਏ ਪ੍ਰਤੀ ਲਿਟਰ ਦੀ ਕਟੌਤੀ ਕੀਤੀ ਗਈ ਹੈ। ਉਧਰ ਚੰਡੀਗੜ੍ਹ ਪ੍ਰਸ਼ਾਸਨ ਨੇ ਪੈਟਰੋਲ ਅਤੇ ਡੀਜ਼ਲ ਤੋਂ ਵੈਟ 7-7 ਰੁਪਏ ਘਟਾ ਦਿੱਤਾ ਹੈ। ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਪੈਟੋਰਲ ਤੋਂ 5 ਅਤੇ ਡੀਜ਼ਲ ਤੋਂ 10 ਰੁਪਏ ਐਕਸਾਈਜ਼ ਡਿਊਟੀ ਘਟਾ ਦਿੱਤੀ ਸੀ। ਭਾਜਪਾ ਅਤੇ ਉਸ ਦੇ ਭਾਈਵਾਲਾਂ ਵਾਲੇ ਸੂਬਿਆਂ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਵੱਡੀ ਕਟੌਤੀ ਕੀਤੀ ਗਈ ਹੈ। ਇਸ ਦੇ ਮੁਕਾਬਲੇ ’ਚ ਪੰਜਾਬ, ਮਹਾਰਾਸ਼ਟਰ, ਦਿੱਲੀ, ਪੱਛਮੀ ਬੰਗਾਲ ਅਤੇ ਹੋਰ ਸੂਬਿਆਂ ’ਚ ਅਜੇ ਕੋਈ ਕਟੌਤੀ ਨਹੀਂ ਹੋਈ ਹੈ। -ਪੀਟੀਆਈ