ਟੋਰਾਂਟੋ, 19 ਸਤੰਬਰ
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸਿੱਖ ਵੱਖਵਾਦੀ ਆਗੂ ਦੇ ਕਤਲ ਵਿੱਚ ‘ਭਾਰਤੀ ਸਰਕਾਰ ਦੇ ਏਜੰਟਾਂ ਦੀ ਸ਼ਮੂਲੀਅਤ’ ਦੇ ‘ਇਲਜ਼ਾਮਾਂ’ ਦੀ ਜਾਂਚ ਦੌਰਾਨ ਕੈਨੇਡਾ ਸਰਕਾਰ ਨੇ ਸਿਖਰਲੇ ਭਾਰਤੀ ਡਿਪਲੋਮੈਟ ਨੂੰ ਕੱਢ ਦਿੱਤਾ ਹੈ। ਪਾਬੰਦੀਸ਼ੁਦਾ ਖਾਲਿਸਤਾਨ ਟਾਈਗਰ ਫੋਰਸ (ਕੇਟੀਐੱਫ) ਦੇ ਮੁਖੀ ਅਤੇ ਭਾਰਤ ਦੇ ਸਭ ਤੋਂ ਵੱਧ ਲੋੜੀਂਦੇ ਅਤਿਵਾਦੀ ਹਰਦੀਪ ਸਿੰਘ ਨਿੱਝਰ (45) ਦੀ 18 ਜੂਨ ਨੂੰ ਪੱਛਮੀ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਵਿੱਚ ਗੁਰਦੁਆਰੇ ਦੇ ਬਾਹਰ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਸ੍ਰੀ ਟਰੂਡੋ ਨੇ ਸੰਸਦ ਦੇ ਹੇਠਲੇ ਸਦਨ ਹਾਊਸ ਆਫ ਕਾਮਨਜ਼ ’ਚ ਆਪਣੇ ਸੰਬੋਧਨ ਵਿਚ ਕਿਹਾ, ‘ਕੈਨੇਡੀਅਨ ਸੁਰੱਖਿਆ ਏਜੰਸੀਆਂ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦੇ ਕਤਲ ਵਿਚ ਭਾਰਤ ਸਰਕਾਰ ਦੇ ਏਜੰਟ ਦੀ ਸ਼ਮੂਲੀਅਤ ਦੇ ਗੰਭੀਰ ਦੋਸ਼ਾਂ ਦੀ ਸਰਗਰਮੀ ਨਾਲ ਜਾਂਚ ਕਰ ਰਹੀਆਂ ਹਨ।’