ਨਵੀਂ ਦਿੱਲੀ, 19 ਦਸੰਬਰ
ਰਾਸ਼ਟਰੀ ਸਵੈਮਸੇਵਕ ਸੰਘ (ਆਰਐੱਸਐੱਸ) ਨੇ ਦਰਬਾਰ ਸਾਹਿਬ ਅੰਮ੍ਰਿਤਸਰ ’ਚ ਬੇਅਦਬੀ ਦੀ ਘਟਨਾ ਨੂੰ ਸਮਾਜ ’ਚ ਅਸ਼ਾਂਤੀ ਫੈਲਾਉਣ ਦੀ ਸਾਜ਼ਿਸ਼ ਕਰਾਰ ਦਿੱਤਾ ਹੈ। ਆਰਐੱਸਐੱਸ ਦੇ ਜਨਰਲ ਸਕੱਤਰ ਦੱਤਾਤ੍ਰੇਅ ਹੋਸਬੋਲੇ ਨੇ ਕਿਹਾ,‘‘ਗੁਰੂ ਗ੍ਰੰਥ ਸਾਹਿਬ ਅਤੇ ਗੁਰੂ ਪਰੰਪਰਾ ਦਾ ਸਾਡੇ ਸਾਰਿਆਂ ਵੱਲੋਂ ਸਤਿਕਾਰ ਕੀਤਾ ਜਾਂਦਾ ਹੈ ਅਤੇ ਇਹ ਭਾਰਤ ਦੇ ਗਿਆਨ ਦਾ ਭੰਡਾਰ ਹਨ।’’ ਗੁਰੂ ਗ੍ਰੰਥ ਸਾਹਿਬ ਅਤੇ ਸਿੱਖ ਗੁਰੂਆਂ ਨੂੰ ਸਾਂਝੀ ਵਿਰਾਸਤ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਮਾਜ ’ਚ ਅਸ਼ਾਂਤੀ ਫੈਲਾਉਣ ਦੀ ਸਾਜ਼ਿਸ਼ ਘੜੀ ਜਾ ਰਹੀ ਹੈ। ਹੋਸਬੋਲੇ ਨੇ ਕਿਹਾ ਕਿ ਬੇਅਦਬੀ ਦੇ ਸਾਜ਼ਿਸ਼ਘਾੜਿਆਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਫਿਰਕੂ ਸਦਭਾਵਨਾ ’ਚ ਗੜਬੜੀ ਫੈਲਾਉਣ ਦੀਆਂ ਹੋ ਰਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਲੋਕਾਂ ਨੂੰ ਸੁਚੇਤ ਰਹਿਣਾ ਚਾਹੀਦਾ ਹੈ। -ਪੀਟੀਆਈ