ਮੁੰਬਈ, 3 ਮਾਰਚ
ਟੈਕਸ ਚੋਰੀ ਦੇ ਮਾਮਲੇ ਵਿੱਚ ਆਮਦਨ ਕਰ ਵਿਭਾਗ ਨੇ ਅੱਜ ਬੌਲੀਵੁੱਡ ਦੀਆਂ ਹਸਤੀਆਂ ਤਾਪਸੀ ਪੰਨੂ, ਅਨੁਰਾਗ ਕਸ਼ਯਪ ਤੇ ਵਿਕਾਸ ਬਹਿਲ ਦੇ ਟਿਕਾਣਿਆਂ ‘ਤੇ ਛਾਪੇ ਮਾਰੇ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਤਿੰਨੇ ਸੋਸ਼ਲ ਮੀਡੀਆ ’ਤੇ ਸਰਕਾਰ ਖ਼ਿਲਾਫ਼ ਖੁੱਲ੍ਹ ਕੇ ਬੋਲਦੇ ਹਨ ਤੇ ਕਿਸਾਨ ਅੰਦੋਲਨ ਦੇ ਮਾਮਲੇ ਵਿੱਚ ਇਨ੍ਹਾਂ ਨੇ ਸਰਕਾਰ ਨੂੰ ਰੱਜ ਕੇ ਕੋਸਿਆ। ਛਾਪਿਆਂ ਦਾ ਵਿਰੋਧ ਕਰਦਿਆਂ ਮਹਾਰਾਸ਼ਟਰ ਦੇ ਮੰਤਰੀ ਅਤੇ ਰਾਸ਼ਟਰੀ ਕਾਂਗਰਸ ਪਾਰਟੀ ਦੇ ਮੁੱਖ ਬੁਲਾਰੇ ਨਵਾਬ ਮਲਿਕ ਨੇ ਕਿਹਾ, ‘‘ਸਰਕਾਰ ਵਿਰੋਧੀ ਰੁਖ਼ ਅਪਣਾਉਣ ਅਤੇ ਸ਼ਾਸਨ ਦੀਆਂ ਨੀਤੀਆਂ ਵਿਰੁੱਧ ਬੋਲਣ ਵਾਲਿਆਂ ਖ਼ਿਲਾਫ਼ ਈਡੀ, ਸੀਬੀਆਈ ਅਤੇ ਆਮਦਨ ਕਰ ਵਿਭਾਗ ਵਰਗੀਆਂ ਕੇਂਦਰੀ ਏਜੰਸੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ।’’
ਸੰਯੁਕਤ ਕਿਸਾਨ ਮੋਰਚੇ ਵਲੋਂ ਛਾਪਿਆਂ ਦੀ ਨਿਖੇਧੀ
ਨਵੀਂ ਦਿੱਲੀ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਨੇ ਬੌਲੀਵੁੱਡ ਅਦਾਕਾਰ ਤਾਪਸੀ ਪੰਨੂ ਦੇ ਹਵਾਲੇ ਨਾਲ ਮੁੰਬਈ ਤੇ ਹੋਰਨਾਂ ਥਾਵਾਂ ਉਪਰ ਕੇਂਦਰੀ ਏਜੰਸੀਆਂ ਜਾਂ ਵਿਭਾਗਾਂ ਵੱਲੋਂ ਆਏ ਦਿਨ ਕਿਸਾਨ ਹਮਾਇਤੀਆਂ ਨੂੰ ਨਿਸ਼ਾਨਾ ਬਣਾਉਣ ਦਾ ਦੋਸ਼ ਲਾਉਂਦੇ ਹੋਏ ਕੇਂਦਰ ਸਰਕਾਰ ਦੀ ਮੋਰਚੇ ਪ੍ਰਤੀ ਨਰਾਜ਼ਗੀ ਨੂੰ ਗ਼ਲਤ ਤਰੀਕੇ ਨਾਲ ਜ਼ਾਹਿਰ ਕਰਨ ਦਾ ਜ਼ਰੀਆ ਕਰਾਰ ਦਿੱਤਾ ਹੈ। ਇਸ ਤੋਂ ਪਹਿਲਾਂ ਕਿਸਾਨਾਂ ਦੇ ਹਮਾਇਤੀ ਆੜ੍ਹਤੀਆਂ ਉਪਰ ਛਾਪੇਮਾਰੀ ਦੀ ਸਖ਼ਤ ਨਿਖੇਧੀ ਕੀਤੀ ਗਈ ਸੀ। ਮੋਰਚੇ ਨੇ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਲਈ ਕੌਮੀ ਤੇ ਕੌਮਾਂਤਰੀ ਹਸਤੀਆਂ ਦਾ ਵੀ ਧੰਨਵਾਦ ਕੀਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਆਪਣੇ ਟੀਚੇ ਲਈ ਦ੍ਰਿੜ ਹਨ। ਮੋਰਚੇ ਦੇ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਵੀ ਬਜਾਏ ਕਿਸਾਨਾਂ ਤੇ ਉਨ੍ਹਾਂ ਦੇ ਹਮਾਇਤੀਆਂ ਨੂੰ ਲਗਾਤਾਰ ਛਾਪੇ ਮਾਰ ਕੇ ਤੰਗ ਪ੍ਰੇਸ਼ਾਨ ਕਰ ਰਹੀ ਹੈ।