ਨਵੀਂ ਦਿੱਲੀ, 30 ਜੂਨ
ਭਾਰਤ ਅਤੇ ਜਾਪਾਨ ਨੇ ਅੱਜ ਇੱਥੇ ਵਰਚੁਅਲੀ ਗੱਲਬਾਤ ਦੌਰਾਨ 5ਜੀ ਤਕਨਾਲੋਜੀ ਵਿੱਚ ਸਹਿਯੋਗ ਬਾਰੇ ਚਰਚਾ ਕੀਤੀ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਦੁਵੱਲੀ ਗੱਲਬਾਤ ਦੌਰਾਨ ਸਾਈਬਰ ਖੇਤਰ ਦੇ ਮਹੱਤਵਪੂਰਨ ਪਹਿਲੂਆਂ ’ਤੇ ਚਰਚਾ ਹੋਈ ਅਤੇ ਸਾਈਬਰ ਸੁਰੱਖਿਆ ਅਤੇ ਸੂਚਨਾ ਅਤੇ ਸੰਚਾਰ ਤਕਨਾਲੋਜੀ ਦੇ ਖੇਤਰਾਂ ਵਿੱਚ ਪ੍ਰਾਪਤੀਆਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਕਿਹਾ ਕਿ ਸੰਯੁਕਤ ਰਾਸ਼ਟਰ ਤੇ ਹੋਰ ਜਥੇਬੰਦੀਆਂ ਦੀਆਂ ਮੀਟਿੰਗਾਂ ਦੌਰਾਨ ਸਾਈਬਰ ਅਤੇ ਆਪਸੀ ਸਹਿਯੋਗ ਦੇ ਖੇਤਰਾਂ ਵਿੱਚ ਹੋਏ ਵਿਚਾਰ-ਵਟਾਂਦਰੇ ਬਾਰੇ ਵੀ ਚਰਚਾ ਹੋਈ। ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ, ‘‘ਦੋਵਾਂ ਧਿਰਾਂ ਨੇ ਦੁਵੱਲੇ ਸਾਈਬਰ ਸਹਿਯੋਗ ਦੇ ਮਹੱਤਵਪੂਰਨ ਪਹਿਲੂਆਂ ਬਾਰੇ ਚਰਚਾ ਕੀਤੀ ਅਤੇ ਸਾਈਬਰ ਸੁਰੱਖਿਆ ਦੇ ਖੇਤਰ ਵਿੱਚ ਕੀਤੀਆਂ ਪ੍ਰਾਪਤੀਆਂ ਦੀ ਸਮੀਖਿਆ ਕੀਤੀ ਅਤੇ 5ਜੀ ਤਕਨਾਲੋਜੀ ਸਮੇਤ ਸੂਚਨਾ ਅਤੇ ਸੰਚਾਰ ਤਕਨਾਲੋਜੀਆਂ ਬਾਰੇ ਵੀ ਗੱਲਬਾਤ ਕੀਤੀ।’’ ਭਾਰਤ-ਜਾਪਾਨ ਸਾਈਬਰ ਸੰਵਾਦ ਦੌਰਾਨ ਭਾਰਤੀ ਵਫ਼ਦ ਦੀ ਅਗਵਾਈ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਸੰਯੁਕਤ ਸਕੱਤਰ ਐੱਮ ਸਾਇਵੀ ਨੇ ਕੀਤੀ, ਜਦਕਿ ਜਾਪਾਨੀ ਵਫ਼ਦ ਦੀ ਅਗਵਾਈ ਜਾਪਾਨ ਦੇ ਵਿਦੇਸ਼ ਮਾਮਲਿਆਂ ਦੀ ਸਾਈਬਰ ਨੀਤੀ ਦੇ ਮੁਖੀ ਯੁਤਾਕਾ ਅਰੀਮਾ ਨੇ ਕੀਤੀ। ਭਾਰਤੀ ਵਫ਼ਦ ਵਿੱਚ ਵਿਦੇਸ਼ ਮੰਤਰਾਲੇ, ਗ੍ਰਹਿ ਮੰਤਰਾਲੇ, ਰੱਖਿਆ ਮੰਤਰਾਲੇ, ਕੌਮੀ ਸੁਰੱਖਿਆ ਕੌਂਸਲ ਸਕੱਤਰੇਤ, ਇਲੈੱਕਟ੍ਰਾਨਿਕਸ ਤੇ ਸੂਚਨਾ ਤਕਨਾਲੋਜੀ ਮੰਤਰਾਲੇ, ਦੂਰਸੰਚਾਰ ਵਿਭਾਗ, ਭਾਰਤੀ ਕੰਪਿਊਟਰ ਐਮਰਜੈਂਸੀ ਰਿਸਪਾਂਸ ਟੀਮ ਅਤੇ ਕੌਮੀ ਗੰਭੀਰ ਸੂਚਨਾ ਬੁਨਿਆਦੀ ਢਾਂਚਾ ਸੁਰੱਖਿਆ ਕੇਂਦਰ ਦੇ ਸੀਨੀਅਰ ਅਧਿਕਾਰੀ ਸ਼ਾਮਲ ਸਨ। -ਪੀਟੀਆਈ