ਭਾਰਤ ਤੇ ਅਮਰੀਕਾ ‘ਕੁਦਰਤੀ ਭਾਈਵਾਲ’, ਟਰੰਪ ਨਾਲ ਗੱਲਬਾਤ ਦੀ ਬੇਸਬਰੀ ਨਾਲ ਉਡੀਕ: ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਇਸ ਐਲਾਨ ਦਾ ਸਵਾਗਤ ਕੀਤਾ ਹੈ ਕਿ ਦੋਵੇਂ ਦੇਸ਼ ਵਪਾਰਕ ਅੜਿੱਕਿਆਂ ਨੂੰ ਦੂਰ ਕਰਨ ਲਈ ਗੱਲਬਾਤ ਜ਼ਰੀਏ ਅੱਗੇ ਵੱਧ ਰਹੇ ਹਨ। ਸ੍ਰੀ ਮੋਦੀ ਨੇ ਭਾਰਤ ਤੇ ਅਮਰੀਕਾ ਨੂੰ ‘ਨਜ਼ਦੀਕੀ ਦੋਸਤ ਅਤੇ ਕੁਦਰਤੀ ਭਾਈਵਾਲ’ ਦੱਸਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋਵੇਂ ਮੁਲਕ ਵਪਾਰ ਵਾਰਤਾ ਨੂੰ ਛੇਤੀ ਤੋਂ ਛੇਤੀ ਪੂਰਾ ਕਰਨ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ, ‘‘ਮੈਨੂੰ ਰਾਸ਼ਟਰਪਤੀ ਟਰੰਪ ਨਾਲ ਗੱਲਬਾਤ ਦੀ ਬੇਸਬਰੀ ਨਾਲ ਉਡੀਕ ਹੈ। ਅਸੀਂ ਦੋਵਾਂ ਮੁਲਕਾਂ ਦੇ ਲੋਕਾਂ ਲਈ ਉੱਜਲ ਤੇ ਖ਼ੁਸ਼ਹਾਲ ਭਵਿੱਖ ਯਕੀਨੀ ਬਣਾਉਣ ਲਈ ਮਿਲ ਕੇ ਕੰਮ ਕਰਾਂਗੇ।’’ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਇਹ ਗੱਲਬਾਤ ‘ਭਾਰਤ-ਅਮਰੀਕਾ ਭਾਈਵਾਲੀ ਦੀਆਂ ਅਸੀਮ ਸੰਭਾਵਨਾਵਾਂ ਨੂੰ ਖੋਲ੍ਹਣ ਦਾ ਰਾਹ ਪੱਧਰਾ ਕਰੇਗੀ।’
ਇਸ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਭਾਰਤ ਅਤੇ ਅਮਰੀਕਾ ਵਿਚਕਾਰ ਵਪਾਰਕ ਗੱਲਬਾਤ ਦੇ ‘ਸਫਲ ਸਿੱਟਿਆਂ’ ਉੱਤੇ ਪਹੁੰਚਣ ਵਿੱਚ ‘ਕੋਈ ਮੁਸ਼ਕਲ’ ਨਹੀਂ ਆਏਗੀ ਅਤੇ ਉਹ ਜਲਦੀ ਹੀ ‘ਆਪਣੇ ਚੰਗੇ ਦੋਸਤ’ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨਗੇ।
ਅਮਰੀਕੀ ਰਾਸ਼ਟਰਪਤੀ ਨੇ ਮੰਗਲਵਾਰ ਨੂੰ ‘ਟਰੂਥ ਸੋਸ਼ਲ’ ਉੱਤੇ ਇੱਕ ਪੋਸਟ ਵਿੱਚ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਭਾਰਤ ਅਤੇ ਅਮਰੀਕਾ ਵਿਚਕਾਰ ਵਪਾਰ ਸਮਝੌਤੇ ਵਿੱਚ ਅੜਿੱਕਿਆਂ ਨੂੰ ਦੂਰ ਕਰਨ ਲਈ ਗੱਲਬਾਤ ਜਾਰੀ ਹੈ। ਉਨ੍ਹਾਂ ਕਿਹਾ, ‘‘ਮੈਂ ਆਉਣ ਵਾਲੇ ਹਫ਼ਤਿਆਂ ਵਿੱਚ ਆਪਣੇ ਸਭ ਤੋਂ ਚੰਗੇ ਦੋਸਤ, ਪ੍ਰਧਾਨ ਮੰਤਰੀ ਮੋਦੀ ਨਾਲ ਗੱਲ ਕਰਨ ਲਈ ਉਤਸੁਕ ਹਾਂ। ਮੈਨੂੰ ਵਿਸ਼ਵਾਸ ਹੈ ਕਿ ਸਾਡੇ ਦੋਵਾਂ ਮੁਲਕਾਂ ਵਿਚਕਾਰ ਗੱਲਬਾਤ ਸਹੀ ਢੰਗ ਨਾਲ ਪੂਰੀ ਹੋਵੇਗੀ ਤੇ ਕੋਈ ਮੁਸ਼ਕਲ ਨਹੀਂ ਆਏਗੀ।’’
ਟਰੰਪ ਦੀਆਂ ਇਹ ਟਿੱਪਣੀਆਂ ਦੁਵੱਲੇ ਸਬੰਧਾਂ ਵਿੱਚ ਮਹੱਤਵਪੂਰਨ ਸੁਧਾਰ ਦੀ ਨਿਸ਼ਾਨਦੇਹੀ ਕਰਦੀਆਂ ਹਨ। ਅਮਰੀਕੀ ਟੈਰਿਫ ਅਤੇ ਭਾਰਤ ਵੱਲੋਂ ਰੂਸ ਤੋਂ ਤੇਲ ਖਰੀਦਣ ਕਾਰਨ ਦੋਵਾਂ ਦੇਸ਼ਾਂ ਦੇ ਸਬੰਧ ਸ਼ਾਇਦ ਦੋ ਦਹਾਕਿਆਂ ਵਿੱਚ ਸਭ ਤੋਂ ਮਾੜੇ ਦੌਰ ਵਿੱਚੋਂ ਲੰਘ ਰਹੇ ਹਨ। ਟਰੰਪ ਨੇ ਭਾਰਤ ’ਤੇ 25 ਫੀਸਦ ਪਰਸਪਰ ਟੈਕਸ ਅਤੇ ਰੂਸੀ ਤੇਲ ਖਰੀਦਣ ਦੇ ਜੁਰਮਾਨੇ ਵਜੋਂ 25 ਫੀਸਦ ਵਾਧੂ ਟੈਕਸ ਲਗਾਇਆ ਹੈ। ਇਸ ਨਾਲ ਭਾਰਤ ਨੂੰ ਹੁਣ 50 ਫੀਸਦ ਟੈਕਸ ਲੱਗ ਰਿਹਾ ਹੈ, ਜੋ ਕਿ ਵਿਸ਼ਵ ਵਿੱਚ ਸਭ ਤੋਂ ਵੱਧ ਹੈ।
ਭਾਰਤ ਨੇ ਹਾਲਾਂਕਿ ਇਨ੍ਹਾਂ ਟੈਕਸਾਂ ਨੂੰ ‘ਅਣਉਚਿਤ ਅਤੇ ਗੈਰ-ਵਾਜਬ’ ਦੱਸਿਆ ਹੈ। ਰੂਸ ਤੋਂ ਕੱਚੇ ਤੇਲ ਦੀ ਆਪਣੀ ਖਰੀਦ ਦਾ ਬਚਾਅ ਕਰਦੇ ਹੋਏ ਭਾਰਤ ਨੇ ਕਿਹਾ ਕਿ ਇਹ ਫੈਸਲਾ ਕੌਮੀ ਹਿੱਤ ਅਤੇ ਬਾਜ਼ਾਰ ਦੀਆਂ ਲੋੜਾਂ ਮੁਤਾਬਕ ਲਿਆ ਗਿਆ ਹੈ। ਭਾਰਤ ਦੀ ਕਈ ਮਹੀਨਿਆਂ ਦੀ ਆਲੋਚਨਾ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਦੋਵਾਂ ਦੇਸ਼ਾਂ ਦਾ ‘ਖਾਸ ਰਿਸ਼ਤਾ’ ਹੈ ਅਤੇ ਫ਼ਿਕਰ ਵਾਲੀ ਕੋਈ ਗੱਲ ਨਹੀਂ ਹੈ।
ਟਰੰਪ ਨੇ ਸ਼ੁੱਕਰਵਾਰ ਨੂੰ ਵ੍ਹਾਈਟ ਹਾਊਸ ਸਥਿਤ ਆਪਣੇ ਓਵਲ ਦਫ਼ਤਰ ਵਿੱਚ ਕਿਹਾ, ‘‘ਮੈਂ ਹਮੇਸ਼ਾ (ਨਰਿੰਦਰ) ਮੋਦੀ ਦਾ ਦੋਸਤ ਰਹਾਂਗਾ... ਉਹ ਇੱਕ ਸ਼ਾਨਦਾਰ ਪ੍ਰਧਾਨ ਮੰਤਰੀ ਹਨ ਪਰ ਮੈਨੂੰ ਉਹ ਕੰਮ ਪਸੰਦ ਨਹੀਂ ਹੈ ਜੋ ਉਹ ਇਸ ਸਮੇਂ ਕਰ ਰਹੇ ਹਨ। ਭਾਰਤ ਅਤੇ ਅਮਰੀਕਾ ਦਾ ਇੱਕ ਖਾਸ ਰਿਸ਼ਤਾ ਹੈ, ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ। ਕਈ ਵਾਰ ਅਜਿਹੇ ਪਲ ਆਉਂਦੇ ਹਨ।’’