DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਾਰਤ ਤੇ ਕੈਨੇਡਾ ਵੱਲੋਂ ਦੁਵੱਲੇ ਸਬੰਧ ਮਜ਼ਬੂਤ ਕਰਨ ’ਤੇ ਜ਼ੋਰ

ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ; ਵਪਾਰ, ਊਰਜਾ ਤੇ ਤਕਨਾਲੋਜੀ ਵਰਗੇ ਖੇਤਰਾਂ ’ਚ ਸਹਿਯੋਗ ਵਧਾਉਣ ਦੀ ਮਹੱਤਤਾ ’ਤੇ ਹੋਈ ਵਿਚਾਰ-ਚਰਚਾ

  • fb
  • twitter
  • whatsapp
  • whatsapp
featured-img featured-img
ਨਵੀਂ ਦਿੱਲੀ ਵਿੱਚ ਮੁਲਾਕਾਤ ਦੌਰਾਨ ਆਪਣੇ ਕੈਨੇਡਿਆਈ ਹਮਰੁਤਬਾ ਅਨੀਤਾ ਆਨੰਦ ਨਾਲ ਵਿਦੇਸ਼ ਮੰਤਰੀ ਐੱਸ ਜੈਸ਼ੰਕਰ। -ਫੋਟੋ: ਪੀਟੀਆਈ
Advertisement

ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਅੱਜ ਇੱਥੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੋਦੀ ਨੇ ਵਪਾਰ, ਊਰਜਾ, ਤਕਨਾਲੋਜੀ ਅਤੇ ਲੋਕਾਂ ਵਿਚਾਲੇ ਸਬੰਧਾਂ ਵਰਗੇ ਖੇਤਰਾਂ ਵਿੱਚ ਭਾਰਤ-ਕੈਨੇਡਾ ਸਬੰਧਾਂ ਦੀ ਮਹੱਤਤਾ ਨੂੰ ਉਭਾਰਿਆ। ਅਧਿਕਾਰਤ ਬਿਆਨ ਅਨੁਸਾਰ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਇਸ ਸਾਲ ਜੂਨ ਵਿੱਚ ਜੀ-7 ਸਿਖਰ ਸੰਮੇਲਨ ਲਈ ਆਪਣੀ ਕੈਨੇਡਾ ਫੇਰੀ ਨੂੰ ਯਾਦ ਕੀਤਾ, ਜਿਸ ਦੌਰਾਨ ਉਨ੍ਹਾਂ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ‘ਬੇਹੱਦ ਲਾਹੇਵੰਦ’ ਮੀਟਿੰਗ ਕੀਤੀ ਸੀ। ਬਿਆਨ ਅਨੁਸਾਰ, ‘ਪ੍ਰਧਾਨ ਮੰਤਰੀ ਨੇ ਦੋਵਾਂ ਦੇਸ਼ਾਂ ਵਿਚਾਲੇ ਵਪਾਰ, ਊਰਜਾ, ਤਕਨਾਲੋਜੀ, ਖੇਤੀਬਾੜੀ ਅਤੇ ਲੋਕਾਂ ਦੇ ਆਪਸੀ ਸਬੰਧਾਂ ਵਿੱਚ ਵਧੇ ਹੋਏ ਸਹਿਯੋਗ ਦੀ ਮਹੱਤਤਾ ’ਤੇ ਜ਼ੋਰ ਦਿੱਤਾ।’

ਮੋਦੀ ਨੇ ਕਾਰਨੀ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਵੀ ਦਿੱਤੀਆਂ ਅਤੇ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਨਾਲ ਹੋਣ ਵਾਲੀ ਮੁਲਾਕਾਤ ਦੀ ਉਡੀਕ ਕਰ ਰਹੇ ਹਨ। ਆਨੰਦ ਬੀਤੀ ਸ਼ਾਮ ਨਵੀਂ ਦਿੱਲੀ ਪਹੁੰਚੇ ਸਨ। ਇਸ ਤਿੰਨ-ਦੇਸ਼ੀ ਦੌਰੇ ਤਹਿਤ ਉਹ ਚੀਨ ਅਤੇ ਸਿੰਗਾਪੁਰ ਵੀ ਜਾਣਗੇ। ਦੱਸਣਯੋਗ ਹੈ ਕਿ ਸਾਲ 2023 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਸੰਭਾਵੀ ਭਾਰਤੀ ਹੱਥ ਹੋਣ ਦੇ ਦੋਸ਼ਾਂ ਤੋਂ ਬਾਅਦ ਭਾਰਤ-ਕੈਨੇਡਾ ਸਬੰਧ ਬਹੁਤ ਜ਼ਿਆਦਾ ਵਿਗੜ ਗਏ ਸਨ।

Advertisement

ਭਾਰਤ ਤੇ ਕੈਨੇਡਾ ਨੇ ਸਬੰਧ ਮਜ਼ਬੂਤ ਕਰਨ ਲਈ ਕਾਰਜ ਯੋਜਨਾ ਤਿਆਰ ਕੀਤੀ: ਜੈਸ਼ੰਕਰ

Advertisement

ਨਵੀਂ ਦਿੱਲੀ: ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਕਿ ਭਾਰਤ ਅਤੇ ਕੈਨੇਡਾ ਨੇ ਵਪਾਰ, ਨਿਵੇਸ਼, ਅਹਿਮ ਖਣਿਜਾਂ, ਊਰਜਾ ਅਤੇ ਸਿਵਲ ਪਰਮਾਣੂ ਸਹਿਯੋਗ ਦੇ ਖੇਤਰਾਂ ਵਿੱਚ ਸਬੰਧਾਂ ਨੂੰ ਅੱਗੇ ਵਧਾਉਣ ਲਈ ਕਾਰਜ ਯੋਜਨਾ ਤਿਆਰ ਕੀਤੀ ਹੈ। ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਦੇ ਨਾਲ ਗੱਲਬਾਤ ਦੌਰਾਨ ਜੈਸ਼ੰਕਰ ਨੇ ਇਹ ਟਿੱਪਣੀ ਕੀਤੀ। ਮੀਟਿੰਗ ਵਿੱਚ ਆਪਣੇ ਸ਼ੁਰੂਆਤੀ ਸੰਬੋਧਨ ਵਿੱਚ ਜੈਸ਼ੰਕਰ ਨੇ ਕਿਹਾ, ‘‘ਪਿਛਲੇ ਕੁਝ ਮਹੀਨਿਆਂ ਵਿੱਚ ਭਾਰਤ ਤੇ ਕੈਨੇਡਾ ਦੁਵੱਲੇ ਸਬੰਧਾਂ ਵਿੱਚ ਲਗਾਤਾਰ ਤਰੱਕੀ ਹੋਈ ਹੈ। ਅਸੀਂ ਆਪਣੀ ਭਾਈਵਾਲੀ ਨੂੰ ਅੱਗੇ ਵਧਾਉਣ ਲਈ ਲੋੜੀਂਦੀਆਂ ਵਿਧੀਆਂ ਨੂੰ ਪੁਨਰਸਥਾਪਤ ਤੇ ਪੁਨਰਜੀਵਤ ਕਰਨ ਲਈ ਕੰਮ ਕਰ ਰਹੇ ਹਾਂ। ਜਿਵੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਨਾਨਸਕਿਸ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਆਪਣੀ ਮੀਟਿੰਗ ਦੌਰਾਨ ਕਿਹਾ ਹੈ ਕਿ ਭਾਰਤ ਦਾ ਦ੍ਰਿਸ਼ਟੀਕੋਣ ਸਕਾਰਾਤਮਕ ਮਾਨਸਿਕਤਾ ਦੇ ਨਾਲ ਅੱਗੇ ਵਧਣਾ ਹੈ।’’ -ਪੀਟੀਆਈ

Advertisement
×