ਭਾਰਤ ਨੇ ਸ਼ਹੀਦ ਭਗਤ ਸਿੰਘ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਲਈ ਪਾਕਿ ਕੋਲ ਵਿਰੋਧ ਦਰਜ ਕਰਵਾਇਆ
ਨਵੀਂ ਦਿੱਲੀ:
ਭਾਰਤ ਨੇ ਪਾਕਿਸਤਾਨ ਵਿੱਚ ਸ਼ਹੀਦ ਭਗਤ ਸਿੰਘ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਬਾਰੇ ਹਾਲ ਹੀ ਵਿੱਚ ਸਾਹਮਣੇ ਆਈਆਂ ਖ਼ਬਰਾਂ ਦਾ ਨੋਟਿਸ ਲਿਆ ਅਤੇ ਇਸ ਮੁੱਦੇ ’ਤੇ ਇਸਲਾਮਾਬਾਦ ਕੋਲ ਸਖ਼ਤ ਵਿਰੋਧ ਦਰਜ ਕਰਵਾਇਆ ਹੈ। ਸਰਕਾਰ ਨੇ ਅੱਜ ਲੋਕ ਸਭਾ ’ਚ ਇਹ ਜਾਣਕਾਰੀ ਦਿੱਤੀ। ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਕਿਹਾ ਕਿ ਭਾਰਤ ਗੁਆਂਢੀ ਦੇਸ਼ ਵਿੱਚ ‘ਸੱਭਿਆਚਾਰਕ ਵਿਰਾਸਤ ’ਤੇ ਹਮਲੇ, ਵਧ ਰਹੀ ਅਸਹਿਣਸ਼ੀਲਤਾ ਅਤੇ ਘੱਟ ਗਿਣਤੀ ਭਾਈਚਾਰਿਆਂ ਪ੍ਰਤੀ ਸਨਮਾਨ ਦੀ ਕਮੀ’ ਨਾਲ ਸਬੰਧਤ ਮੁੱਦੇ ਉਠਾਉਂਦਾ ਰਿਹਾ ਹੈ। ਮੰਤਰੀ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ, ‘ਭਾਰਤ ਸਰਕਾਰ ਨੇ ਪਾਕਿਸਤਾਨ ਵਿੱਚ ਸ਼ਹੀਦ ਭਗਤ ਸਿੰਘ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਸਬੰਧੀ ਤਾਜ਼ਾ ਰਿਪੋਰਟਾਂ ਦਾ ਨੋਟਿਸ ਲਿਆ ਅਤੇ ਕੂਟਨੀਤਕ ਮਾਧਿਅਮ ਰਾਹੀਂ ਪਾਕਿਸਤਾਨ ਸਰਕਾਰ ਕੋਲ ਸਖ਼ਤ ਵਿਰੋਧ ਦਰਜ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਸ਼ਹੀਦ ਭਗਤ ਸਿੰਘ ਦਾ ਵਡਮੁੱਲਾ ਯੋਗਦਾਨ ਭੁਲਾਇਆ ਨਹੀਂ ਜਾ ਸਕਦਾ। ਪਾਕਿਸਤਾਨ ਦੀ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਅਸਗਰ ਲੇਘਾਰੀ ਨੇ ਪਿਛਲੇ ਮਹੀਨੇ ਲਾਹੌਰ ਹਾਈ ਕੋਰਟ ਵਿੱਚ ਸੁਣਵਾਈ ਦੌਰਾਨ ਕਥਿਤ ਤੌਰ ’ਤੇ ਭਗਤ ਸਿੰਘ ਖ਼ਿਲਾਫ਼ ਕੁਝ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ। ਕੀਰਤੀ ਵਰਧਨ ਸਿੰਘ ਨੇ ਕਿਹਾ, ‘ਭਾਰਤ ਅਤੇ ਵਿਦੇਸ਼ਾਂ ਵਿੱਚ ਹਰ ਸਾਲ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਂਦਾ ਹੈ।’ ਇੱਕ ਵੱਖਰੇ ਸਵਾਲ ਦੇ ਲਿਖਤੀ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਇਤਿਹਾਸ, ਸੱਭਿਆਚਾਰ ਅਤੇ ਭਾਸ਼ਾ ਨਾਲ ਸਬੰਧਤ ਕਈ ਸਮਾਨਤਾਵਾਂ ਹਨ। ਉਨ੍ਹਾਂ ਕਿਹਾ, ‘ਬੰਗਲਾਦੇਸ਼ ਦੇ ਨਾਲ ਭਾਰਤ ਦੇ ਸਬੰਧ ਆਪਣੇ ਆਪ ਵਿੱਚ ਵੱਖਰੇ ਹਨ ਤੇ ਬੰਗਲਾਦੇਸ਼ ਤੀਜੇ ਦੇਸ਼ਾਂ ਨਾਲ ਸਬੰਧਾਂ ਲਈ ਆਜ਼ਾਦ ਹੈ।’ -ਪੀਟੀਆਈ