ਭਾਰਤ ਨੇ ਮਨੁੱਖੀ ਆਧਾਰ ’ਤੇ ਪਾਕਿ ਨੂੰ ਸੰਭਾਵੀ ਹੜ੍ਹਾਂ ਦੇ ਖਤਰੇ ਬਾਰੇ ਦੱਸਿਆ
India alerts Pakistan about potential flood in Tawi river: Report ਭਾਰਤ ਨੇ ਮਨੁੱਖੀ ਆਧਾਰ ’ਤੇ ਪਾਕਿਸਤਾਨ ਨੂੰ ਸੰਭਾਵੀ ਹੜ੍ਹਾਂ ਦੇ ਖਤਰੇ ਬਾਰੇ ਜਾਣੂ ਕਰਵਾਇਆ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਪਹਿਲਗਾਮ ਹਮਲੇ ਤੋਂ ਬਾਅਦ ਸਿੰਧੂ ਜਲ ਸੰਧੀ ਮੁਅੱਤਲ ਕਰਨ ਦੇ ਬਾਵਜੂਦ ਭਾਰਤ ਨੇ ਮਨੁੱਖੀ ਆਧਾਰ ’ਤੇ ਤਵੀ ਨਦੀ ਵਿੱਚ ਹੜ੍ਹ ਦੀ ਚਿਤਾਵਨੀ ਬਾਰੇ ਪਾਕਿਸਤਾਨ ਨੂੰ ਸੂਚਿਤ ਕੀਤਾ ਹੈ।
ਇੱਕ ਸੂਤਰ ਨੇ ਕਿਹਾ, ‘ਭਾਰਤ ਸੰਧੀ ਨੂੰ ਮੁਅੱਤਲ ਕਰਨ ਤੋਂ ਪਹਿਲਾਂ ਪਾਕਿਸਤਾਨ ਨਾਲ ਅੰਕੜਿਆਂ ਦਾ ਆਦਾਨ-ਪ੍ਰਦਾਨ ਕਰਦਾ ਸੀ ਪਰ ਹੁਣ ਵਾਲਾ ਕਦਮ ਪੂਰੀ ਤਰ੍ਹਾਂ ਮਨੁੱਖੀ ਆਧਾਰ ’ਤੇ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਤਵੀ ਨਦੀ ਹਿਮਾਲਿਆ ਤੋਂ ਨਿਕਲਦੀ ਹੈ ਅਤੇ ਪਾਕਿਸਤਾਨ ਦੇ ਚਨਾਬ ਵਿੱਚ ਇਕੱਠੇ ਹੋਣ ਤੋਂ ਪਹਿਲਾਂ ਜੰਮੂ ਡਿਵੀਜ਼ਨ ਵਿੱਚੋਂ ਲੰਘਦੀ ਹੈ।
ਇਸ ਤੋਂ ਪਹਿਲਾਂ ਇੱਕ ਮੀਡੀਆ ਰਿਪੋਰਟ ਵਿੱਚ ਅੱਜ ਖੁਲਾਸਾ ਕੀਤਾ ਗਿਆ ਸੀ ਕਿ ਭਾਰਤ ਨੇ ਸੰਭਾਵੀ ਹੜ੍ਹਾਂ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਪਾਕਿਸਤਾਨ ਨਾਲ ਸੰਪਰਕ ਕੀਤਾ ਹੈ। ਦੱਸਣਾ ਬਣਦਾ ਹੈ ਕਿ ਆਮ ਤੌਰ ’ਤੇ ਅਜਿਹੀ ਜਾਣਕਾਰੀ ਸਿੰਧੂ ਜਲ ਕਮਿਸ਼ਨਰ ਵਲੋਂ ਸਾਂਝੀ ਕੀਤੀ ਜਾਂਦੀ ਹੈ। ਸੂਤਰਾਂ ਦੇ ਹਵਾਲੇ ਨਾਲ ਅਖਬਾਰ ਨੇ ਦਾਅਵਾ ਕੀਤਾ ਸੀ ਕਿ ਭਾਰਤ ਨੇ ਪਾਕਿਸਤਾਨ ਨੂੰ ਜੰਮੂ ਵਿੱਚ ਤਵੀ ਨਦੀ ਵਿੱਚ ਸੰਭਾਵਿਤ ਹੜ੍ਹਾਂ ਬਾਰੇ ਚਿਤਾਵਨੀ ਦਿੱਤੀ ਹੈ।