ਨਵੀਂ ਦਿੱਲੀ, 30 ਨਵੰਬਰ
ਕੇਂਦਰ ਸਰਕਾਰ ਵੱਲੋਂ ਅੱਜ ਸਾਰੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹਸਪਤਾਲਾਂ ਤੇ ਨਰਸਿੰਗ ਹੋਮਾਂ ਵਿੱਚ ਅੱਗ ਸਬੰਧੀ ਸੁਰੱਖਿਆ ਮਾਪਦੰਡ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਅਜਿਹੇ ਸਮੇਂ ਵਿੱਚ ਜਦੋਂ ਦੇਸ਼ ਕਰੋਨਾਵਾਇਰਸ ਮਹਾਮਾਰੀ ਨਾਲ ਲੜ ਰਿਹਾ ਹੈ ਤਾਂ ਸਰਕਾਰ ਨੇ ਵੱਧ ਤੋਂ ਵੱਧ ਸਾਵਧਾਨੀ ਵਰਤਣ ਲਈ ਕਿਹਾ ਹੈ।
ਗੁਜਰਾਤ ਵਿੱਚ ਹਾਲ ਹੀ ’ਚ ਦੋ ਹਸਪਤਾਲਾਂ ਵਿਚ ਵਾਪਰੀਆਂ ਘਟਨਾਵਾਂ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਸਕੱਤਰ ਅਜੈ ਕੁਮਾਰ ਭੱਲਾ ਨੇ ਸਾਰੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ ਇਕ ਪੱਤਰ ਲਿਖਿਆ ਹੈ। ਇਨ੍ਹਾਂ ਘਟਨਾਵਾਂ ’ਚ 14 ਲੋਕ ਮਾਰੇ ਗਏ ਸਨ।
ਗ੍ਰਹਿ ਸਕੱਤਰ ਨੇ ਕਿਹਾ ਕਿ ਹਾਲ ਹੀ ਵਿੱਚ ਵੱਖ-ਵੱਖ ਹਸਪਤਾਲਾਂ ਤੇ ਨਰਸਿੰਗ ਹੋਮਾਂ ਵਿੱਚ ਵਾਪਰੀਆਂ ਅੱਗ ਸਬੰਧੀ ਘਟਨਾਵਾਂ ਅਤੇ ਵੱਖ-ਵੱਖ ਅਥਾਰਟੀਆਂ ਵੱਲੋਂ ਆਪੋ-ਆਪਣੇ ਅਧਿਕਾਰ ਖੇਤਰ ਅਧੀਨ ਅੱਗ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਯਕੀਨੀ ਨਾ ਬਣਾਇਆ ਜਾਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਰਾਜਕੋਟ ਦੇ ਇਕ ਹਸਪਤਾਲ ਦੇ ਆਈਸੀਯੂ ਵਿੱਚ ਅੱਗ ਲੱਗਣ ਦੀ ਘਟਨਾ ’ਚ ਕੋਵਿਡ-19 ਦੇ ਛੇ ਮਰੀਜ਼ਾਂ ਦੀਆਂ ਜਾਨਾਂ ਚਲੀਆਂ ਗਈਆਂ ਸਨ ਅਤੇ ਅਹਿਮਦਾਬਾਦ ਦੇ ਇਕ ਹਸਪਤਾਲ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਉਨ੍ਹਾਂ ਪੱਤਰ ’ਚ ਕਿਹਾ, ‘‘ਅਜਿਹੇ ਮੁਸ਼ਕਿਲ ਸਮੇਂ ਵਿੱਚ ਜਦੋਂ ਦੇਸ਼ ਕੋਵਿਡ-19 ਮਹਾਮਾਰੀ ਨਾਲ ਲੜ ਰਿਹਾ ਹੈ, ਤਾਂ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਆਦਾ ਤੋਂ ਜ਼ਿਆਦਾ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਕਤ ਐਡਵਾਈਜ਼ਰੀ ਦੀ ਪਾਲਣਾ ਕੀਤੀ ਜਾਵੇ ਅਤੇ ਤੁਰੰਤ ਪ੍ਰਭਾਵ ਤੋਂ ਸਾਰੇ ਹਸਪਤਾਲਾਂ ਤੇ ਨਰਸਿੰਗ ਹੋਮਾਂ ਵਿੱਚ ਨਿਰੀਖਣ ਤੇ ਚੈਕਿੰਗ ਯਕੀਨੀ ਬਣਾਈ ਜਾਵੇ। -ਪੀਟੀਆਈ