ਮੁੰਬਈ, 3 ਸਤੰਬਰ
ਬੰਬੇ ਹਾਈ ਕੋਰਟ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਕਿਹਾ ਹੈ ਕਿ ਉਹ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਦੇ ਗ੍ਰਿਫ਼ਤਾਰ ਨਿੱਜੀ ਸਕੱਤਰ ਸੰਜੀਵ ਪਲਾਂਦੇ ਦੀ ਅਰਜ਼ੀ ’ਤੇ ਹਲਫ਼ਨਾਮਾ ਦਾਖ਼ਲ ਕਰੇ। ਇਸ ਮਗਰੋਂ ਅਦਾਲਤ ਨੇ ਕੇਸ ਦੀ ਸੁਣਵਾਈ 28 ਸਤੰਬਰ ਲਈ ਮੁਲਤਵੀ ਕਰ ਦਿੱਤੀ। ਪਲਾਂਦੇ ਨੇ ਮੰਗ ਕੀਤੀ ਹੈ ਕਿ ਈਡੀ ਵੱਲੋਂ ਕਾਲੇ ਧਨ ਨੂੰ ਸਫ਼ੈਦ ਬਣਾਉਣ ਦੇ ਦਰਜ ਕੀਤੇ ਗਏ ਕੇਸ ਨੂੰ ਖਾਰਜ ਕੀਤਾ ਜਾਵੇ। ਪਲਾਂਦੇ ਨੂੰ 26 ਜੂਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਇਸ ਸਮੇਂ ਉਹ ਨਿਆਂਇਕ ਹਿਰਾਸਤ ’ਚ ਹੈ। ਉਸ ਨੇ ਕਾਲੇ ਧਨ ਨੂੰ ਸਫ਼ੈਦ ਬਣਾਉਣ ਤੋਂ ਰੋਕਣ ਸਬੰਧੀ ਐਕਟ ਦੀਆਂ ਕੁਝ ਧਾਰਾਵਾਂ ਦੀ ਸੰਵਿਧਾਨਕ ਵੈਧਤਾ ਨੂੰ ਵੀ ਚੁਣੌਤੀ ਦਿੱਤੀ ਹੈ ਜਿਸ ਤਹਿਤ ਉਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਪਟੀਸ਼ਨ ’ਚ ਕਿਹਾ ਗਿਆ ਹੈ ਕਿ ਈਡੀ ਨੇ ਸਿਆਸਤ ਤੋਂ ਪ੍ਰੇਰਿਤ ਹੋ ਕੇ ਉਸ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਹੈ ਤਾਂ ਜੋ ਅਨਿਲ ਦੇਸ਼ਮੁਖ ਖ਼ਿਲਾਫ਼ ਝੂਠੇ ਸਬੂਤ ਜੁਟਾਏ ਜਾ ਸਕਣ ਅਤੇ ਮਹਾਰਾਸ਼ਟਰ ’ਚ ਅਸਥਿਰਤਾ ਕਾਇਮ ਕੀਤੀ ਜਾ ਸਕੇ। -ਪੀਟੀਆਈ