ਆਤਿਸ਼ ਗੁਪਤਾ
ਚੰਡੀਗੜ੍ਹ, 28 ਜਨਵਰੀ
ਦਿੱਲੀ ਟਰੈਕਟਰ ਪਰੇਡ ਦੌਰਾਨ ਵਾਪਰੀ ਘਟਨਾ ਤੋਂ ਬਾਅਦ ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਹਰਿਆਣਾ ਪੁਲੀਸ ਨੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਸੂਬੇ ਵਿੱਚ ਹਾਈ ਅਲਰਟ ਤੋਂ ਬਾਅਦ ਹਰਿਆਣਾ ਦੇ ਸੋਨੀਪਤ, ਪਲਵਲ ਅਤੇ ਝੱਜਰ ਜ਼ਿਲ੍ਹੇ ਵਿੱਚ ਇੰਟਰਨੈਟ ਸੇਵਾ ਅਗਲੇ 24 ਘੰਟਿਆਂ ਲਈ ਬੰਦ ਕਰ ਦਿੱਤੀ ਗਈ ਹੈ।
ਦੂਜੇ ਪਾਸੇ ਪੁਲੀਸ ਨੇ ਹਰਿਆਣਾ ਵਿਚਲੇ ਟੌਲ ਪਲਾਜ਼ਿਆਂ ’ਤੇ ਸਖਤੀ ਕਰ ਦਿੱਤੀ ਹੈ। ਪੁਲੀਸ ਵੱਲੋਂ ਟੌਲ ਪਲਾਜ਼ਿਆਂ ਤੋਂ ਧਰਨੇ ਖਤਮ ਕਰਕੇ ਮੁੜ ਬਹਾਲ ਕਰਵਾਇਆ ਜਾ ਰਿਹਾ ਹੈ।
ਪੁਲੀਸ ਨੇ ਪਾਣੀਪਤ ਟੌਲ ਪਲਾਜ਼ਾ ’ਤੇ ਲੱਗਿਆ ਧਰਨਾ ਚੁਕਵਾਉਣ ਦੀ ਕੋਸ਼ਿਸ਼ ਕੀਤੀ ਜਿਸ ਦਾ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਵਿਰੋਧ ਕੀਤਾ। ਇਸ ਦੌਰਾਨ ਟੌਲ ਪਲਾਜ਼ਾ ’ਤੇ ਟਕਰਾਅ ਵਾਲੀ ਸਥਿਤੀ ਬਣ ਗਈ ਸੀ ਪਰ ਕਿਸਾਨ ਜਥੇਬੰਦੀਆਂ ਨੇ ਆਪਣਾ ਧਰਨਾ ਜਾਰੀ ਰੱਖਿਆ ਹੈ। ਪੁਲੀਸ ਦੀ ਕਾਰਵਾਈ ਤੋਂ ਬਾਅਦ ਵੱਡੀ ਗਿਣਤੀ ਵਿੱਚ ਕਿਸਾਨ ਜਥੇਬੰਦੀਆਂ ਦੇ ਆਗੂ ਟੌਲ ਪਲਾਜ਼ਿਆ ’ਤੇ ਪਹੁੰਚ ਗਏ ਜਿਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਰਨੇ ਖੇਤੀ ਕਾਨੂੰਨ ਰੱਦ ਹੋਣ ਤੱਕ ਜਾਰੀ ਰਹਿਣਗੇ। ਲੰਘੇ ਦਿਨ ਵੀ ਪੁਲੀਸ ਨੇ ਕਰਨਾਲ ਟੌਲ ਪਲਾਜ਼ਾ ’ਤੇ ਧਰਨਾ ਦੇ ਰਹੇ ਕਿਸਾਨਾਂ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਗਈ ਸੀ।
ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਹਰਿਆਣਾ ਵਿੱਚ ਜਿਨ੍ਹਾਂ ਥਾਵਾਂ ’ਤੇ ਰੋਸ ਪ੍ਰਦਰਸ਼ਨ ਚੱਲ ਰਹੇ ਸੀ ਉਹ ਪਹਿਲਾਂ ਵਾਂਗ ਜਾਰੀ ਰਹਿਣਗੇ। ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਉਹ ਧਰਨੇ ਵਾਲੀਆਂ ਥਾਵਾਂ ਤੋਂ ਨਾ ਉੱਠਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਵੱਲੋਂ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ ਪਰ ਇਹ ਸੰਘਰਸ਼ ਸ਼ਾਂਤਮਈ ਢੰਗ ਨਾਲ ਜਾਰੀ ਰੱਖਿਆ ਜਾਵੇਗਾ। ਸ੍ਰੀ ਚੜੂਨੀ ਨੇ ਪੁਲੀਸ ਅਧਿਕਾਰੀਆਂ ਨੂੰ ਵੀ ਸਪੱਸ਼ਟ ਕੀਤਾ ਕਿ ਕਿਸਾਨ ਜਥੇਬੰਦੀਆਂ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਨੂੰ ਤੰਗ ਨਾ ਕੀਤਾ ਜਾਵੇ।
ਖਾਪ ਪੰਚਾਇਤਾਂ ਨੇ ਮੀਟਿੰਗ ਸੱਦੀ
ਹਰਿਆਣਾ ਦੀਆਂ ਖਾਪ ਪੰਚਾਇਤਾਂ ਨੇ ਰੋਹਤਕ ਦੀ ਜਾਟ ਧਰਮਸ਼ਾਲਾ ਵਿੱਚ ਮੀਟਿੰਗ ਸੱਦੀ ਹੈ ਜਿਸ ਦੌਰਾਨ ਗਣਤੰਤਰ ਦਿਵਸ ਵਾਲੇ ਦਿਨ ਵਾਪਰੀ ਘਟਨਾ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ। ਇਸ ਬਾਰੇ ਸਾਂਗਵਾਨ ਖਾਪ ਦੇ ਪ੍ਰਧਾਨ ਸੋਮਵੀਰ ਸਾਂਗਵਾਨ ਨੇ ਦੱਸਿਆ ਕਿ ਮੀਟਿੰਗ ਦੌਰਾਨ ਖਾਪ ਪੰਚਾਇਤਾਂ ਵੱਲੋਂ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।