ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਮਈ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਿਰ ਚੜ੍ਹੇ ਕਰਜ਼ੇ ਦੀ ਜਾਂਚ ਦੇ ਹੁਕਮ ਦੇਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਸਰਕਾਰ ਦੇ 40 ਦਿਨਾਂ ਵਿੱਚ ਲਏ 7 ਹਜ਼ਾਰ ਕਰੋੜ ਦੇ ਕਰਜ਼ੇ ਦੀ ਜਾਂਚ ਦੇ ਹੁਕਮ ਜ਼ਰੂਰ ਦੇਣ। ਉਨ੍ਹਾਂ ਕਿਹਾ ਕਿ ਜੋ ਹੋਰ ਪਾਰਟੀਆਂ ਪਿਛਲੇ 50 ਸਾਲਾਂ ਵਿੱਚ ਨਹੀਂ ਕਰ ਸਕੀਆਂ, ਉਹ ‘ਆਪ’ ਸਰਕਾਰ ਨੇ 40 ਦਿਨਾਂ ਵਿੱਚ ਕਰ ਦਿੱਤਾ ਹੈ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਰੋਜ਼ਾਨਾ 175 ਕਰੋੜ ਰੁਪਏ (40 ਦਿਨਾਂ ਵਿੱਚ 7,000 ਕਰੋੜ ਰੁਪਏ) ਨਾਲ ਜੇਕਰ ‘ਆਪ’ ਸਰਕਾਰ 5 ਸਾਲ ਹੋਰ ਸੱਤਾ ’ਚ ਰਹਿੰਦੀ ਹੈ ਤਾਂ ਸੂਬੇ ’ਤੇ 3.2 ਲੱਖ ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ। ਇਸ ਦੌਰਾਨ ਉਨ੍ਹਾਂ ਕਿਹਾ ਕਿ 40 ਦਿਨਾਂ ਵਿੱਚ ‘ਆਪ’ ਸਰਕਾਰ ਨੇ 7 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਇਸ ਦਰ ਨਾਲ ਸੂਬੇ ’ਤੇ 3.2 ਲੱਖ ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ, ਜੋ ਪਿਛਲੇ 50 ਸਾਲਾਂ ’ਚ ਵੀ ਨਹੀਂ ਵਧਿਆ ਸੀ।