ਨਵੀਂ ਦਿੱਲੀ: ਆਈਐਨਐਕਸ ਮੀਡੀਆ ਭ੍ਰਿਸ਼ਟਾਚਾਰ ਕੇਸ ਦੀ ਹੇਠਲੀ ਅਦਾਲਤ ਵਿਚ ਚੱਲ ਰਹੀ ਸੁਣਵਾਈ ’ਤੇ ਦਿੱਲੀ ਹਾਈ ਕੋਰਟ ਨੇ ਰੋਕ ਲਾ ਦਿੱਤੀ ਹੈ। ਇਸ ਕੇਸ ਦੀ ਜਾਂਚ ਸੀਬੀਆਈ ਕਰ ਰਹੀ ਹੈ। ਕਾਂਗਰਸ ਆਗੂ ਪੀ. ਚਿਦੰਬਰਮ ਤੇ ਉਨ੍ਹਾਂ ਦੇ ਪੁੱਤਰ ਕਾਰਤੀ ਦਾ ਨਾਂ ਵੀ ਇਸ ਕੇਸ ਵਿਚ ਹੈ। ਅਦਾਲਤ ਨੇ ਸੀਬੀਆਈ ਦੀ ਅਰਜ਼ੀ ’ਤੇ ਚਿਦੰਬਰਮ ਤੇ ਹੋਰਾਂ ਕੋਲੋਂ ਜਵਾਬ ਮੰਗਿਆ ਹੈ। ਸੀਬੀਆਈ ਨੇ ਹੇਠਲੀ ਅਦਾਲਤ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਸੀ ਜਿਸ ਵਿਚ ਏਜੰਸੀ ਨੂੰ ਹੁਕਮ ਦਿੱਤਾ ਗਿਆ ਸੀ ਉਹ ਮੁਲਜ਼ਮਾਂ ਤੇ ਉਨ੍ਹਾਂ ਦੇ ਵਕੀਲਾਂ ਨੂੰ ‘ਮਾਲਖਾਨੇ’ ਵਿਚ ਰੱਖੇ ਦਸਤਾਵੇਜ਼ ਦੇਖਣ ਦੇਣ। ਸੀਬੀਆਈ ਨੇ ਵਿਸ਼ੇਸ਼ ਜੱਜ ਦੇ ਇਸ 5 ਮਾਰਚ ਦੇ ਹੁਕਮ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਏਜੰਸੀ ਨੇ ਕਿਹਾ ਸੀ ਕਿ ਇਹ ਹੁਕਮ ਸੀਬੀਆਈ ਦੀ ਜਾਂਚ ਪ੍ਰਕਿਰਿਆ ਵਿਚ ਘੁਸਪੈਠ ਕਰਨ ਦੇ ਬਰਾਬਰ ਹੈ। ਏਜੰਸੀ ਨੇ ਕਿਹਾ ਸੀ ਕਿ ਇਸ ਨਾਲ ਜਾਂਚ ਪ੍ਰਭਾਵਿਤ ਹੋ ਸਕਦੀ ਹੈ ਤੇ ਸਬੂਤਾਂ ਨਾਲ ਛੇੜਛਾੜ ਹੋ ਸਕਦੀ ਹੈ। -ਪੀਟੀਆਈ