ਨਵੀਂ ਦਿੱਲੀ, 29 ਜੁਲਾਈ
ਜੰਮੂ ਕਸ਼ਮੀਰ ਪ੍ਰਸ਼ਾਸਨ ਨੇ ਅੱਜ ਸੁਪਰੀਮ ਕੋਰਟ ਨੂੰ ਜਾਣੂ ਕਰਵਾਇਆ ਕਿ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਆਗੂ ਮੀਆਂ ਅਬਦੁੱਲ ਕਯੂਮ ਨੂੰ ਤੁਰੰਤ ਰਿਹਾਅ ਕਰਨ ਦਾ ਫ਼ੈਸਲਾ ਲੈ ਲਿਆ ਗਿਆ ਹੈ। ਕਯੂਮ ਜੇ-ਕੇ ਲੋਕ ਸੁਰੱਖਿਆ ਐਕਟ ਤਹਿਤ ਹਿਰਾਸਤ ਵਿਚ ਹਨ। ਪ੍ਰਸ਼ਾਸਨ ਨੇ ਸਿਖ਼ਰਲੀ ਅਦਾਲਤ ਨੂੰ ਦੱਸਿਆ ਕਿ ਬਾਰ ਆਗੂ ਨੂੰ ਇਸ ਸ਼ਰਤ ਉਤੇ ਰਿਹਾਅ ਕੀਤਾ ਜਾ ਰਿਹਾ ਹੈ ਕਿ ਉਹ ਸੱਤ ਅਗਸਤ ਤੱਕ ਕਸ਼ਮੀਰ ਨਹੀਂ ਜਾਣਗੇ। ਸੱਤ ਨੂੰ ਕਯੂਮ ਦੀ ਹਿਰਾਸਤ ਦੀ ਮਿਆਦ ਖ਼ਤਮ ਹੋ ਰਹੀ ਹੈ। ਇਸ ਤੋਂ ਇਲਾਵਾ ਕਯੂਮ ਉਤੇ ਕੋਈ ਬਿਆਨਬਾਜ਼ੀ ਨਾ ਕਰਨ ਦੀ ਸ਼ਰਤ ਵੀ ਲਾਈ ਗਈ ਹੈ। ਜ਼ਿਕਰਯੋਗ ਹੈ ਕਿ ਉਹ ਪਿਛਲੇ ਸਾਲ ਅਗਸਤ ’ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਪੀਐੱਸਏ ਤਹਿਤ ਹਿਰਾਸਤ ਵਿਚ ਹਨ। ਸੁਪਰੀਮ ਕੋਰਟ ਦੇ ਬੈਂਚ ਨੇ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਦੇ ਬਿਆਨ ਦਰਜ ਕਰਨ ਤੋਂ ਬਾਅਦ ਬਾਰ ਆਗੂ ਦੀ ਰਿਹਾਈ ਦੇ ਹੁਕਮ ਜਾਰੀ ਕਰ ਦਿੱਤੇ ਹਨ। ਸੱਤ ਅਗਸਤ ਤੱਕ ਕਯੂਮ ਦਿੱਲੀ ਵਿਚ ਹੀ ਰਹਿਣਗੇ। ਉਨ੍ਹਾਂ ਨੂੰ ਭਲਕੇ ਪਰਿਵਾਰਕ ਮੈਂਬਰਾਂ ਦੇ ਪਹੁੰਚਣ ’ਤੇ ਰਿਹਾਅ ਕੀਤੇ ਜਾਣ ਦੀ ਪੂਰੀ ਸੰਭਾਵਨਾ ਹੈ।
ਜ਼ਿਕਰਯੋਗ ਹੈ ਕਿ 27 ਜੁਲਾਈ ਨੂੰ ਪ੍ਰਸ਼ਾਸਨ ਨੇ ਅਦਾਲਤ ਨੂੰ ਦੱਸਿਆ ਸੀ ਕਿ ਕਯੂਮ ਦੀ ਹਿਰਾਸਤ ਸੱਤ ਤੋਂ ਅੱਗੇ ਨਹੀਂ ਵਧਾਈ ਜਾਵੇਗੀ। -ਪੀਟੀਆਈ