ਸ੍ਰੀਨਗਰ: ਜੰਮੂ-ਕਸ਼ਮੀਰ ਪੁਲੀਸ ਨੇ ਪਾਬੰਦੀਸ਼ੁਦਾ ਦਹਿਸ਼ਤੀ ਗੁਟ ਲਸ਼ਕਰ-ਏ-ਤੋਇਬਾ ਦੇ ਇੱਕ ਦਹਿਸ਼ਤਗਰਦ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਕੋਲੋਂ ਹਥਿਆਰ, ਗੋਲੀਸਿੱਕਾ ਅਤੇ ਹੋਰ ਇਤਰਾਜ਼ਯੋਗ ਸਾਮਾਨ ਬਰਾਮਦ ਹੋਇਆ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰੀ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਚਦੂਰਾ ਇਲਾਕੇ ਵਿੱਚ ਦਹਿਸ਼ਤਗਰਦ ਦੇ ਮੌਜੂਦ ਹੋਣ ਦੀ ਇਤਲਾਹ ਦੇ ਆਧਾਰ ’ਤੇ ਪੁਲੀਸ ਨੇ ਸੀਆਰਪੀਐੱਫ ਤੇ ਫੌਜ ਦੀ 53 ਆਰਆਰ ਅਤੇ 181 ਬਟਾਲੀਅਨ ਨਾਲ ਮਿਲ ਕੇ ਤਲਾਸ਼ੀ ਮੁਹਿੰਮ ਚਲਾਈ ਸੀ। ਉਨ੍ਹਾਂ ਦੱਸਿਆ ਕਿ ਅਪਰੇਸ਼ਨ ਦੌਰਾਨ ਲਸ਼ਕਰ-ਏ-ਤੋਇਬਾ ਨਾਲ ਸਬੰਧਿਤ ਇੱਕ ਗ਼ੈਰ-ਸਰਗਰਮ ਦਹਿਸ਼ਤਗਰਦ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਮੁਤਾਬਕ ਫੜੇ ਗਏ ਦਹਿਸ਼ਤਗਰਦ ਦੀ ਪਛਾਣ ਜਹਾਂਗੀਰ ਅਹਿਮਦ ਨਾਇਕੂ ਵਾਸੀ ਮੇਮਾਂਦਰ ਸ਼ੋਪੀਆਂ ਵਜੋਂ ਹੋਈ ਹੈ ਅਤੇ ਉਸ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ, ਦੋ ਮੈਗਜ਼ੀਨ ਅਤੇ 16 ਕਾਰਤੂਸ ਬਰਾਮਦ ਹੋਏ ਹਨ। ਪੁਲੀਸ ਵੱਲੋਂ ਇਸ ਸਬੰਧੀ ਐੱਫਆਈਆਰ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। -ਆਈਏਐੱਨਐੱਸ