ਜੰਮੂ ਕਸ਼ਮੀਰ: ਇੰਜਨੀਅਰ ਰਾਸ਼ਿਦ ਦੀ ਰਿਹਾਈ ਲਈ ਪ੍ਰਦਰਸ਼ਨ
ਅਵਾਮੀ ਇਤੇਹਾਦ ਪਾਰਟੀ Awami Ittehad Party (AIP) ਨੇ ਪਾਰਟੀ ਮੁਖੀ ਤੇ ਸੰਸਦ ਮੈਂਬਰ ਸ਼ੇਖ ਅਬਦੁਲ ਰਾਸ਼ਿਦ ਦੀ ਰਿਹਾਈ ਦੀ ਮੰਗ ਕਰਦਿਆਂ ਅੱਜ ਇੱਥੇ ਰੋਸ ਪ੍ਰਦਰਸ਼ਨ ਕੀਤਾ। ਅਵਾਮੀ ਇਤੇਹਾਦ ਦੇ ਵਿਧਾਇਕ ਸ਼ੇਖ ਖੁਰਸ਼ੀਦ ਅਹਿਮਦ ਦੀ ਅਗਵਾਈ ਹੇਠ ਇੱਥੇ ਸੰਗਰਮਲ ਕੰਪਲੈਕਸ ਨੇੜੇ ਇਕੱਠੇ ਹੋਏ ਪਾਰਟੀ ਆਗੂਆਂ ਅਤੇ ਕਾਰਕੁਨਾਂ ਨੇ ਉੱਤਰੀ ਕਸ਼ਮੀਰ ਦੇ ਬਾਰਮੁਲਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਇੰਜਨੀਅਰ ਰਾਸ਼ਿਦ ਦੀ ਫੌਰੀ ਰਿਹਾਈ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਨੇ ਰਾਸ਼ਿਦ ਦੀ ਰਿਹਾਈ ਸਬੰਧੀ ਹੱਥਾਂ ਵਿੱਚ ਤਖ਼ਤੀਆਂ ਅਤੇ ਬੈਨਰ ਫੜੇ ਹੋਏ ਸਨ। ਉਨ੍ਹਾਂ ਨੇ ਹੋਰ ਸਿਆਸੀ ਕੈਦੀਆਂ ਨੂੰ ਵੀ ਰਿਹਾਅ ਕਰਨ ਦੀ ਮੰਗ ਕੀਤੀ। ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅਤਿਵਾਦ ਫੰਡਿੰਗ ਨਾਲ ਸਬੰਧਤ ਮਾਮਲੇ ਵਿੱਚ ਰਾਸ਼ਿਦ ਨੂੰ 2019 ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਹ ਇਸ ਸਮੇਂ ਨਵੀਂ ਦਿੱਲੀ ਸਥਿਤ ਤਿਹਾੜ ਜੇਲ੍ਹ ਵਿੱਚ ਬੰਦ ਹਨ। ਪ੍ਰਦਰਸ਼ਨਕਾਰੀਆਂ ਨੇ ਲਾਲ ਚੌਕ ਸ਼ਹਿਰ ਦੇ ਕੇਂਦਰ ਵੱਲ ਵਧਣ ਦੀ ਕੋਸ਼ਿਸ਼ ਕੀਤੀ, ਪਰ ਪੁਲੀਸ ਦੀ ਇੱਕ ਟੀਮ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਅੱਗੇ ਵਧਣ ਦੀ ਇਜਾਜ਼ਤ ਨਹੀਂ ਦਿੱਤੀ। ਉੱਤਰੀ ਕਸ਼ਮੀਰ ਦੇ ਲੰਗੇਟ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਹਿਮਦ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਿਆਸੀ ਕੈਦੀਆਂ ਦੀ ਰਿਹਾਈ ਦੀ ਮੰਗ ਲਈ ਆਵਾਜ਼ ਬੁਲੰਦ ਕਰਨ।