ਜੰਮੂ ਕਸ਼ਮੀਰ: Punjabi ਨੂੰ Official Language ਵਜੋਂ ਬਹਾਲ ਕਰਨ ਲਈ Protest
ਮੰਗਾਂ ਨਾ ਮੰਨੇ ਜਾਣ ’ਤੇ ਸੰਘਰਸ਼ ਹੋਰ ਤੇਜ਼ ਕਰਨ ਦੀ ਚਿਤਾਵਨੀ
ਸਿੱਖਾਂ ਨੇ ਜੰਮੂ ਪੰਜਾਬੀ ਮੋਰਚੇ ਦੇ ਬੈਨਰ ਹੇਠ ਇੱਥੇ ਸ਼ਾਂਤਮਈ ਰੋਸ ਰੈਲੀ ਕਰ ਕੇ ਜੰਮੂ ਕਸ਼ਮੀਰ ’ਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਵਜੋਂ ਪ੍ਰਫੁੱਲਤ ਅਤੇ ਬਹਾਲ ਕਰਨ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਨੇ ਲੈਫ਼ਟੀਨੈਂਟ ਗਵਰਨਰ ਦੀ ਅਗਵਾਈ ਹੇਠਲੇ ਪ੍ਰਸ਼ਾਸਨ ਅਤੇ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬੀ ਨੂੰ ਸਕੂਲੀ ਪਾਠਕ੍ਰਮ ’ਚ ਸ਼ਾਮਲ ਕੀਤਾ ਜਾਵੇ ਅਤੇ ਇਸ ਨੂੰ ਫਿਰਕੇ ਦੀ ਭਾਸ਼ਾ ਵਜੋਂ ਪ੍ਰਫੁੱਲਤ ਕੀਤਾ ਜਾਵੇ।
ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸੁਰਜਨ ਸਿੰਘ ਨੇ ਕਿਹਾ ਕਿ ਇਹ ਪ੍ਰਦਰਸ਼ਨ ਸਕੂਲਾਂ ’ਚ ਪੰਜਾਬੀ ਬਹਾਲ ਕਰਨ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਕਾਰਨ ਕੀਤਾ ਗਿਆ ਹੈ। ਉਨ੍ਹਾਂ ਕਿਹਾ, ‘‘1947 ਤੋਂ ਬਹੁਤ ਪਹਿਲਾਂ ਸਕੂਲਾਂ ’ਚ ਪੰਜਾਬੀ ਪੜ੍ਹਾਈ ਜਾਂਦੀ ਸੀ ਪਰ ਬਾਅਦ ’ਚ ਇਸ ਨੂੰ ਪੰਜਾਬ ਤੋਂ ਬਾਹਰ ਪਾਠਕ੍ਰਮ ਵਿੱਚੋਂ ਹਟਾ ਦਿੱਤਾ ਗਿਆ। ਅਸੀਂ ਲੈਫ਼ਟੀਨੈਂਟ ਗਵਰਨਰ ਦੇ ਪ੍ਰਸ਼ਾਸਨ ਨੂੰ ਲੰਮੇ ਸਮੇਂ ਤੋਂ ਇਸ ਨੂੰ ਲਾਗੂ ਕਰਨ ਦੀ ਅਪੀਲ ਕਰ ਰਹੇ ਹਾਂ ਪਰ ਕਿਸੇ ਵੀ ਸਰਕਾਰ ਨੇ ਧਿਆਨ ਨਹੀਂ ਦਿੱਤਾ। ਪੰਜਾਬੀ ਸਾਡੀ ਮਾਂ ਬੋਲੀ ਹੈ।’’ ਉਨ੍ਹਾਂ ਕਿਹਾ ਕਿ ਉਪ ਰਾਜਪਾਲ ਨੇ ਇਸ ਤੋਂ ਪਹਿਲਾਂ ਨੌਜਵਾਨਾਂ ਦੀਆਂ ਚਿੰਤਾਵਾਂ ਨੂੰ ਸਵੀਕਾਰ ਕੀਤਾ ਸੀ। ਸੁਰਜਨ ਸਿੰਘ ਨੇ ਚਿਤਾਵਨੀ ਦਿੱਤੀ ਕਿ ਜੇ ਸਿੱਖਾਂ ਦੀਆਂ ਚਿੰਤਾਵਾਂ ਦਾ ਸ਼ਾਂਤੀਪੂਰਵਕ ਢੰਗ ਨਾਲ ਹੱਲ ਨਹੀਂ ਕੀਤਾ ਗਿਆ ਤਾਂ ਉਹ ਪ੍ਰਦਰਸ਼ਨਾਂ ਅਤੇ ਧਰਨਿਆਂ ਰਾਹੀਂ ਹੋਰ ਦਬਾਅ ਪਾਉਣਗੇ।

