ਸ੍ਰੀਨਗਰ, 26 ਸਤੰਬਰ
ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਅੱਜ ਅਤਿਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਇੱਕ ਮੁਕਾਬਲੇ ਵਿੱਚ ਜੈਸ਼-ਮੁਹੰਮਦ ਦਾ ਇੱਕ ਅਤਿਵਾਦੀ ਮਾਰਿਆ ਗਿਆ, ਜਦ ਕਿ ਇਕ ਫ਼ੌਜੀ ਜਵਾਨ ਤੇ ਦੋ ਨਾਗਰਿਕ ਜ਼ਖ਼ਮੀ ਹੋ ਗਏ। ਖ਼ਬਰ ਲਿਖੇ ਜਾਣ ਤੱਕ ਅਤਿਵਾਦੀ ਦੀ ਪਛਾਣ ਨਹੀਂ ਹੋ ਸਕੀ ਸੀ। ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਵੱਲੋਂ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਜਾਣਕਾਰੀ ਮਿਲਣ ’ਤੇ ਕੁਲਗਾਮ ਦੇ ਬਤਪੋਰਾ ਪਿੰਡ ਦੀ ਘੇਰਾਬੰਦੀ ਕੀਤੀ ਗਈ। ਤਲਾਸ਼ੀ ਮੁਹਿੰਮ ਦੌਰਾਨ ਅਤਿਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਜਵਾਬ ’ਚ ਸੁਰੱਖਿਆ ਬਲਾਂ ਨੇ ਵੀ ਗੋਲੀਆਂ ਚਲਾਈਆਂ। ਪੁਲੀਸ ਦੇ ਇਕ ਬੁਲਾਰੇ ਨੇ ਟਵੀਟ ਕਰ ਕੇ ਦੱਸਿਆ, ‘‘ਚੱਲ ਰਹੇ ਮੁਕਾਬਲੇ ਵਿੱਚ ਜੈਸ਼-ਏ-ਮੁਹੰਮਦ ਦਾ ਇਕ ਅਤਿਵਾਦੀ ਮਾਰਿਆ ਗਿਆ, ਜਦਕਿ ਇਕ ਫ਼ੌਜੀ ਤੇ ਦੋ ਨਾਗਰਿਕ ਜ਼ਖ਼ਮੀ ਹੋ ਗਏ ਹਨ। ਤਿੰਨੋਂ ਜ਼ਖ਼ਮੀਆਂ ਨੂੰ ਹਸਪਤਾਲ ਭੇਜ ਦਿੱਤਾ ਹੈ।’’ -ਪੀਟੀਆਈ