ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਜੰਮੂ ਕਸ਼ਮੀਰ ਵਿੱਚ ਹੱਦਬੰਦੀ ਪ੍ਰਕਿਰਿਆ ਤੋਂ ਬਾਅਦ ਵੋਟਰ ਸੂਚੀਆਂ ਵਿੱਚ ਸੁਧਾਈ ਦਾ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਮਸੌਦਾ ਸੂਚੀ 31 ਅਗਸਤ ਤੱਕ ਤਿਆਰ ਹੋ ਜਾਵੇਗੀ। ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਅਨੂਪ ਚੰਦਰ ਪਾਂਡੇ ਨੇ ਸਮੀਖਿਆ ਕਰਨ ਮਗਰੋਂ ਜੰਮੂ ਕਸ਼ਮੀਰ ਦੇ ਮੁੱਖ ਚੋਣ ਅਫਸਰ ਨੂੰ ਦੁਬਾਰਾ ਬਣਾਏ ਗਏ ਵਿਧਾਨ ਸਭਾ ਹਲਕਿਆਂ ਦਾ ਨਕਸ਼ਾ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਜੰਮੂ ਕਸ਼ਮੀਰ ਦੇ ਕੇਂਦਰੀ ਸ਼ਾਸਿਤ ਪ੍ਰਦੇਸ਼ ਬਣਨ ਮਗਰੋਂ ਪਹਿਲੀ ਵਾਰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੋਟਰ ਸੂਚੀ ਵਿੱਚ ਸੋਧ ਕੀਤੇ ਜਾਣ ਦੀ ਜ਼ਰੂਰਤ ਹੈ। ਵੋਟਰ ਸੂਚੀਆਂ ਨੂੰ ਅਪਡੇਟ ਕਰਨ ਦੇ ਕਾਰਜਾਂ ਲਈ ਅਧਿਕਾਰੀਆਂ ਦੀ ਨਿਯੁਕਤੀ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਹੱਦਬੰਦੀ ਤੋਂ ਬਾਅਦ ਪੋਲਿੰਗ ਸਟੇਸ਼ਨਾਂ ਨੂੰ ਸੂਚੀਬੱਧ ਕਰਨ, ਮੈਪਿੰਗ ਅਤੇ ਨਾਮ ਬਦਲਣ ਦਾ ਕੰਮ 30 ਜੂਨ ਤੱਕ ਪੂਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਪਿੰਡਾਂ ਲਈ ਪੋਲਿੰਗ ਸਟੇਸ਼ਨਾਂ ਦੀ ਪਛਾਣ ਕੀਤੀ ਜਾਵੇਗੀ, ਜਿੱਥੇ ਨਵੇਂ ਬੂਥ ਬਣਾਉਣ ਦੀ ਲੋੜ ਹੈ। ਹੱਦਬੰਦੀ ਮਗਰੋਂ, ਕੁੱਝ ਪੁਰਾਣੇ ਪੋਲਿੰਗ ਸਟੇਸ਼ਨ ਨਵੇਂ ਵਿਧਾਨ ਸਭਾ ਹਲਕੇ ਵਿੱਚ ਆ ਸਕਦੇ ਹਨ ਜਾਂ ਕਿਸੇ ਹੋਰ ਹਲਕੇ ਵਿੱਚ ਤਬਦੀਲ ਹੋ ਸਕਦੇ ਹਨ। ਇਸੇ ਮੁਤਾਬਕ ਪੋਲਿੰਗ ਸਟੇਸ਼ਨ ਦੀ ਮੈਪਿੰਗ ਕੀਤੀ ਜਾਵੇਗੀ। ਬੂਥ ਪੱਧਰ ਦੇ ਅਫ਼ਸਰਾਂ ਦੀ ਨਿਯੁਕਤੀ ਅਤੇ ਉਨ੍ਹਾਂ ਦੀ ਸਿਖਲਾਈ 5 ਜੁਲਾਈ ਤੱਕ ਮੁਕੰਮਲ ਹੋ ਜਾਵੇਗੀ। ਪੋਲਿੰਗ ਬੂਥਾਂ ਦੀ ਵੈਰੀਫਿਕੇਸ਼ਨ ਅਤੇ ਰੈਸ਼ਨੇਲਾਈਜੇਸ਼ਨ 25 ਜੁਲਾਈ ਤੱਕ ਕੀਤੀ ਜਾਵੇਗੀ। -ਪੀਟੀਆਈ