ਬਰਫਬਾਰੀ ਮਗਰੋਂ ਜੰਮੂ-ਸ੍ਰੀਨਗਰ ਕੌਮੀ ਮਾਰਗ ਆਵਾਜਾਈ ਲਈ ਬੰਦ
ਜੰਮੂ, 10 ਨਵੰਬਰ
ਭਾਰੀ ਬਰਫ਼ਬਾਰੀ ਅਤੇ ਢਿੱਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਕੌਮੀ ਮਾਰਗ ਅਤੇ ਮੁਗਲ ਰੋਡ ’ਤੇ ਆਵਜਾਈ ਬੰਦ ਕਰ ਦਿੱਤੀ ਗਈ ਹੈ। ਜੰਮੂ ਕਸ਼ਮੀਰ ਦੇ ਉੱਪਰੀ ਇਲਾਕਿਆਂ ਵਿੱਚ ਤਾਜ਼ਾ ਬਰਫ਼ਬਾਰੀ ਅਤੇ ਹੇਠਲੇ ਇਲਾਕਿਆਂ ਵਿੱਚ ਮੀਂਹ ਕਾਰਨ ਠੰਢ ਨੇ ਲੋਕਾਂ ਨੂੰ ਆਪਣੀ ਬੁੱਕਲ ਵਿੱਚ ਲੈ ਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਰਾਮਬਨ ਦੇ ਮੇਹਰ ਇਲਾਕੇ ਵਿੱਚ ਢਿੱਗਾਂ ਡਿੱਗਣ ਕਾਰਨ ਕੌਮੀ ਮਾਰਗ ’ਤੇ ਆਵਾਜਾਈ ਠੱਪ ਹੋ ਗਈ ਹੈ ਅਤੇ ਕਸ਼ਮੀਰ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੋੜਨ ਵਾਲਾ ਮੁਗਲ ਮਾਰਗ ਭਾਰੀ ਬਰਫ਼ਬਾਰੀ ਕਾਰਨ ਬੰਦ ਹੋ ਗਿਆ ਹੈ। ਇੱਕ ਟਰੈਫਿਕ ਪੁਲੀਸ ਅਧਿਕਾਰੀ ਨੇ ਦੱਸਿਆ, ‘‘ਰਾਮਬਨ ਦੇ ਮੇਹਰ ਵਿੱਚ ਹਾਈਵੇਅ ਨੂੰ ਵਾਹਨਾਂ ਦੀ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਹਰ ਤਰ੍ਹਾਂ ਦੇ ਵਾਹਨਾਂ ਦੀ ਆਵਾਜਾਈ ਬੰਦ ਹੈ।।’’ ਉਨ੍ਹਾਂ ਦੱਸਿਆ ਕਿ ਮਾਰਗ ’ਤੇ ਵੱਖ ਵੱਖ ਥਾਈਂ 200 ਤੋਂ ਵੱਧ ਵਾਹਨ ਫਸੇ ਹੋਏ ਹਨ, ਜਿਨ੍ਹਾਂ ਨੂੰ ਸੁਰੱਖਿਅਤ ਥਾਵਾਂ ’ਤੇ ਜਾਣ ਲਈ ਕਿਹਾ ਗਿਆ ਹੈ। ਜੰਮੂ ਦੇ ਪੁਣਛ ਅਤੇ ਰਾਜੌਰੀ ਜ਼ਿਲ੍ਹਿਆਂ ਨੂੰ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਨਾਲ ਜੋੜਨ ਵਾਲੀ ਮੁਗਲ ਸੜਕ ਪੋਸ਼ਾਨਾ ਅਤੇ ਪੀਰ ਕੀ ਗਲੀ ਵਿਚਕਾਰ ਬਰਫ਼ਬਾਰੀ ਦੇ ਮੱਦੇਨਜ਼ਰ ਲਗਾਤਾਰ ਦੂਜੇ ਦਿਨ ਵਾਹਨਾਂ ਦੀ ਆਵਾਜਾਈ ਲਈ ਬੰਦ ਹੈ। -ਪੀਟੀਆਈ