ਜਥੇਦਾਰ ਵੱਲੋਂ ਕਰਤਾਰਪੁਰ ਲਾਂਘੇ ਨੜੇ ਸਿੱਖ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨਾਂ ਲਈ ਅਰਦਾਸ
ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਕਰਤਾਰਪੁਰ ਸਾਹਿਬ ਲਾਂਘੇ ਨੇੜੇ ਜਾ ਕੇ ਲਾਂਘਾ ਛੇਤੀ ਖੁੱਲ੍ਹਣ, ਸਿੱਖ ਜਥਿਆਂ ਦੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਅਤੇ ਪੰਜਾਬ ਨੂੰ ਹੜ੍ਹਾਂ ਦੀ ਸਥਿਤੀ ’ਚੋਂ ਉਭਰਨ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ। ਇਸ ਤੋਂ ਪਹਿਲਾਂ ਜਥੇਦਾਰ ਗੜਗੱਜ ਨੇ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸ਼ਮੂਲੀਅਤ ਕੀਤੀ।
ਮਗਰੋਂ ਜਥੇਦਾਰ ਨੇ ਕਰਤਾਰਪੁਰ ਸਾਹਿਬ ਲਾਂਘੇ ਦੇ ਮੌਜੂਦਾ ਹਾਲਾਤ ਦੇਖੇ, ਜਿਥੇ ਉਨ੍ਹਾਂ ਨੇ ਗੁਰੂ ਸਾਹਿਬ ਦੇ ਸਨਮੁਖ ਅਰਦਾਸ ਕੀਤੀ। ਉਨ੍ਹਾਂ ਅਰਦਾਸ ਕਰਦਿਆਂ ਕਿਹਾ ਕਿ ਅੱਜ ਦੇ ਦਿਨ ਗੁਰੂ ਨਾਨਕ ਦੇਵ ਜੀ ਕਰਤਾਰਪੁਰ ਸਾਹਿਬ ਦੀ ਧਰਤੀ ’ਤੇ ਜੋਤਿ ਜੋਤਿ ਸਮਾਏ ਸਨ ਅਤੇ ਇਸ ਦਿਨ ਦਨੀਆ ਭਰ ਦੀ ਸਿੱਖ ਸੰਗਤ ਕਰਤਾਰਪੁਰ ਸਾਹਿਬ ਦੇ ਪਾਵਨ ਅਸਥਾਨ ਦੇ ਦਰਸ਼ਨਾਂ ਦੀ ਤਾਂਘ ਰੱਖਦੀ ਹੈ। ਪਰ ਅੱਜ ਬਣੇ ਹੋਏ ਹਾਲਾਤ ਦੇ ਮੱਦੇਨਜ਼ਰ ਚੜ੍ਹਦੇ ਪੰਜਾਬ ਵਾਲੇ ਪਾਸਿਓਂ ਸ਼ਰਧਾਲੂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੋਂ ਵਾਂਝੇ ਹਨ।
ਜਥੇਦਾਰ ਨੇ ਕਿਹਾ ਕਿ ਸਮੁੱਚੇ ਖ਼ਾਲਸਾ ਪੰਥ ਦੀਆਂ ਭਾਵਨਾਵਾਂ ਅਨੁਸਾਰ ਕਰਤਾਰਪੁਰ ਸਾਹਿਬ ਲਾਂਘੇ ਨੇੜੇ ਅਰਦਾਸ ਕੀਤੀ ਗਈ ਹੈ ਕਿ ਇਹ ਲਾਂਘਾ ਜਲਦ ਖੁੱਲ੍ਹੇ, ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਸਮੇਤ ਜਿਹੜੇ ਵੀ ਗੁਰਧਾਮਾਂ ਤੋਂ ਪੰਥ ਨੂੰ ਵਿਛੋੜਿਆ ਗਿਆ ਹੈ, ਉਨ੍ਹਾਂ ਦੇ ਖੁੱਲ੍ਹੇ ਦਰਸ਼ਨ ਦੀਦਾਰ ਤੇ ਸੇਵਾ ਸੰਭਾਲ ਸਿੱਖ ਕਰ ਸਕਣ।
ਸ਼ਰਧਾਲੂਆਂ ਦੀ ਸੁਰੱਖਿਆ ਯਕੀਨੀ ਬਣਾਉਨਾ ਕੇਂਦਰ ਦੀ ਜਿੰਮੇਵਾਰੀ: ਨੀਲ ਗਰਗ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੁਰੱਖਿਆ ਦਾ ਹਵਾਲਾ ਦੇ ਕੇ ਸਿੱਖਾਂ ਦੀ ਆਸਥਾ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ, ਨਾ ਕਿ ਸੂਬਾ ਸਰਕਾਰ ਦੀ। ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਨੂੰ ਹੁਣ ਤੋਂ ਸ਼ਰਾਰਤ ਦੀ ਸੂਚਨਾ ਪ੍ਰਾਪਤ ਹੋ ਰਹੀ ਹੈ ਤਾਂ ਕੇਂਦਰੀ ਵਿਦੇਸ਼ ਮੰਤਰਾਲਾ ਕੌਮਾਂਤਰੀ ਪੱਧਰ ’ਤੇ ਗੱਲ ਕਰਕੇ ਸ਼ਰਧਾਲੂਆਂ ਦੀ ਸੁਰੱਖਿਆ ਯਕੀਨੀ ਬਣਾਵੇ।
ਸੁਰੱਖਿਆ ਕਾਰਨ ਸੰਗਤ ਨੂੰ ਪਾਕਿਸਤਾਨ ਜਾਣ ਤੋਂ ਰੋਕਿਆ: ਭਾਜਪਾ
ਚੰਡੀਗੜ੍ਹ (ਆਤਿਸ਼ ਗੁਪਤਾ): ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਵੰਬਰ ਵਿੱਚ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਪਾਕਿਸਤਾਨ ਜਾਣ ਤੋਂ ਰੋਕਣ ’ਤੇ ਕੇਂਦਰ ਸਰਕਾਰ ਦੀ ਕੀਤੀ ਗਈ ਘੇਰਾਬੰਦੀ ਮਗਰੋਂ ਅੱਜ ਭਾਜਪਾ ਨੇ ਮੋੜਵਾਂ ਜਵਾਬ ਦਿੱਤਾ ਹੈ। ਭਾਜਪਾ ਦੇ ਕੌਮੀ ਬੁਲਾਰੇ ਆਰ ਪੀ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੁਰੱਖਿਆ ਕਾਰਨਾਂ ਕਰਕੇ ਸਿੱਖ ਸ਼ਰਧਾਲੂਆਂ ਨੂੰ ਨਵੰਬਰ ਮਹੀਨੇ ਗੁਰਪੁਰਬ ਮੌਕੇ ਪਾਕਿਸਤਾਨ ਸਥਿਤ ਨਨਕਾਣਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਜਾਣ ਤੋਂ ਰੋਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਸਿੱਖ ਸ਼ਰਧਾਲੂਆਂ ਨਾਲ ਕੋਈ ਸ਼ਰਾਰਤ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ, ਇਸ ਕਰਕੇ ਕੇਂਦਰ ਸਰਕਾਰ ਨੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਪ੍ਰਵਾਨਗੀ ਦੇਣ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਚੁਣੌਤੀ ਦੇਣ ਦਾ ਕੰਮ ਕਰ ਰਹੇ ਹਨ। ਜੇ ਉਹ ਇੰਨੇ ਹੀ ਫਿਕਰਮੰਦ ਹਨ ਤਾਂ ਪਾਕਿਸਤਾਨ ਜਾਣ ਵਾਲੇ ਜਥੇ ਦੀ ਸੁਰੱਖਿਆ ਨੂੰ ਲੈ ਕੇ ਲਿਖਤੀ ਹਾਮੀ ਭਰਨ।