ਅਸ਼ਵਨੀ ਗਰਗ/ਸੁਭਾਸ਼ ਚੰਦਰ
ਸਮਾਣਾ/ਰਾਮਨਗਰ, 7 ਜੁਲਾਈ
ਪਟਿਆਲਾ ਜ਼ਿਲ੍ਹੇ ਦੇ ਹਲਕਾ ਸਮਾਣਾ ਦੇ ਪਿੰਡ ਦੋਦੜਾ ਦਾ ਵਸਨੀਕ ਅਤੇ ਭਾਰਤੀ ਫ਼ੌਜ ਦਾ ਜਵਾਨ ਨਾਇਕ ਰਾਜਵਿੰਦਰ ਸਿੰਘ (29) ਅੱਜ ਜੰਮੂ-ਕਸ਼ਮੀਰ ਦੇ ਜ਼ਿਲ੍ਹੇ ਪੁਲਵਾਮਾ ਵਿੱਚ ਅਤਿਵਾਦੀਆਂ ਨਾਲ ਹੋਏ ਮੁਕਾਬਲੇ ਵਿੱਚ ਸ਼ਹਾਦਤ ਦਾ ਜਾਮ ਪੀ ਗਿਆ। ਜਿਉਂ ਹੀ ਉਸ ਦੇ ਸ਼ਹੀਦ ਹੋਣ ਦੀ ਖ਼ਬਰ ਪਿੰਡ ਪੁੱਜੀ, ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।
ਸ਼ਹੀਦ ਜਵਾਨ ਦੇ ਪਿਤਾ ਅਵਤਾਰ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਉਸ ਦੇ ਪੁੱਤਰ ਨੇ ਆਪਣੀ ਜਾਨ ਦੇਸ਼ ਦੇ ਲੇਖੇ ਲਾਈ ਹੈ, ਜਿਸ ਦਾ ਉਨ੍ਹਾਂ ਨੂੰ ਮਾਣ ਹੈ। ਉਨ੍ਹਾਂ ਦੱਸਿਆ ਕਿ ਭਾਰਤੀ ਫ਼ੌਜ ਨੇ ਅੱਜ ਪਰਿਵਾਰ ਨੂੰ ਫੋਨ ਰਾਹੀਂ ਰਾਜਵਿੰਦਰ ਦੇ ਸ਼ਹੀਦ ਹੋਣ ਸਬੰਧੀ ਜਾਣਕਾਰੀ ਦਿੱਤੀ।
ਉਸ ਦੀ ਮਾਤਾ ਮਹਿੰਦਰ ਕੌਰ ਅਤੇ ਵੱਡੇ ਭਰਾ ਬਲਵੰਤ ਸਿੰਘ ਨੇ ਰੋਂਦਿਆਂ ਦੱਸਿਆ ਕਿ ਰਾਜਵਿੰਦਰ ਨੇ ਸੋਮਵਾਰ ਸ਼ਾਮ ਨੂੰ ਪਰਿਵਾਰ ਨਾਲ ਫੋਨ ’ਤੇ ਗੱਲ ਕੀਤੀ ਸੀ ਅਤੇ ਫੌਜ ਦੇ ਅਧਿਕਾਰੀਆਂ ਨੇ ਅੱਜ ਉਸ ਦੇ ਸ਼ਹੀਦ ਹੋਣ ਸਬੰਧੀ ਸੂਚਿਤ ਕੀਤਾ। ਸਰਪੰਚ ਪਰਮਜੀਤ ਕੌਰ ਅਤੇ ਨਿਰਭੈ ਸਿੰਘ ਸਣੇ ਪਿੰਡ ਦੇ ਲੋਕਾਂ ਅਤੇ ਹੋਰ ਰਿਸ਼ਤੇਦਾਰ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਨ੍ਹਾਂ ਦੇ ਘਰ ਪੁੱਜੇ।
ਭਾਰਤੀ ਫ਼ੌਜ ਦੇ ਸੂਤਰਾਂ ਮੁਤਾਬਕ, ਜੰਮੂ ਕਸ਼ਮੀਰ ਦੇ ਪੁਲਵਾਮਾ ਖੇਤਰ ਵਿੱਚ ਅੱਜ ਸੁਵੱਖਤੇ ਪਿੰਡ ਗੁਸੂ ਵਿੱਚ ਅਤਿਵਾਦੀਆਂ ਨਾਲ ਮੁਕਾਬਲੇ ਦੌਰਾਨ ਨਾਇਕ ਰਾਜਵਿੰਦਰ ਸਿੰਘ ਨੂੰ ਗੋਲੀ ਲੱਗੀ ਸੀ। ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਸ਼ਹੀਦ ਨਾਇਕ ਰਾਜਵਿੰਦਰ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ।
ਪੁਲਵਾਮਾ ਮੁਕਾਬਲੇ ’ਚ ਫ਼ੌਜੀ ਜਵਾਨ ਸ਼ਹੀਦ, ਦਹਿਸ਼ਤਗਰਦ ਹਲਾਕ
ਸ੍ਰੀਨਗਰ: ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਹੋਏ ਇਕ ਮੁਕਾਬਲੇ ਵਿੱਚ ਫੌਜ ਨੇ ਇਕ ਦਹਿਸ਼ਤਗਰਦ ਨੂੰ ਮਾਰ ਮੁਕਾਇਆ ਜਦੋਂ ਕਿ ਇਸ ਪੂਰੀ ਕਾਰਵਾਈ ਦੌਰਾਨ ਸੁਰੱਖਿਆ ਬਲਾਂ ਦਾ ਇਕ ਜਵਾਨ ਸ਼ਹੀਦ ਤੇ ਦੂਜਾ ਜ਼ਖ਼ਮੀ ਹੋ ਗਿਆ। ਰਿਪੋਰਟਾਂ ਮੁਤਾਬਕ ਪੁਲੀਸ ਤੇ ਥਲ ਸੈਨਾ ਦੀ 53ਵੀਂ ਰਾਸ਼ਟਰੀ ਰਾਈਫ਼ਲਜ਼ ਦੀ ਸਾਂਝੀ ਟੀਮ ਨੇ ਸੂਹ ਦੇ ਅਧਾਰ ’ਤੇ ਪੁਲਵਾਮਾ ਦੇ ਗੁਸੂ ਖੇਤਰ ਨੂੰ ਘੇਰਾ ਪਾ ਕੇ ਤਲਾਸ਼ੀ ਮੁਹਿੰਮ ਵਿੱਢੀ ਤਾਂ ਇਕ ਥਾਂ ਲੁਕੇ ਦਹਿਸ਼ਤਗਰਦਾਂ ਨੇ ਖੋਜੀ ਟੀਮ ’ਤੇ ਫਾਇਰਿੰਗ ਕਰ ਦਿੱਤੀ। ਦੁਵੱਲੀ ਗੋਲੀਬਾਰੀ ’ਚ ਇਕ ਫੌਜੀ ਤੇ ਇਕ ਪੁਲੀਸ ਕਰਮੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਦੌਰਾਨ ਕੌਮੀ ਜਾਂਚ ਏਜੰਸੀ ਨੇ ਪਿਛਲੇ ਸਾਲ ਚੋਣਾਂ ਤੋਂ ਪਹਿਲਾਂ ਪੁਲਵਾਮਾ ਵਿਚ ਸੁਰੱਖਿਆ ਦਸਤਿਆਂ ’ਤੇ ਕੀਤੇ ਹਮਲੇ ਦੀ ਸਾਜਿਸ਼ ਦੇ ਸਬੰਧ ਵਿਚ ਬਿਲਾਲ ਅਹਿਮਦ ਕੂਚੇ ਵਾਸੀ ਕਾਕਪੋਰਾ ਨੂੰ ਗ੍ਰਿਫ਼ਤਾਰ ਕੀਤਾ ਹੈ। -ਪੀਟੀਆਈ
ਮੁੱਖ ਮੰਤਰੀ ਵੱਲੋਂ ਪਰਿਵਾਰ ਨੂੰ 50 ਲੱੱਖ ਰੁਪਏ ਦੇਣ ਦਾ ਐਲਾਨ
ਪਟਿਆਲਾ (ਸਰਬਜੀਤ ਸਿੰਘ ਭੰਗੂ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਵਿੱਚ ਮੁਕਾਬਲੇ ਦੌਰਾਨ ਸ਼ਹੀਦ ਹੋਏ ਨਾਇਕ ਰਾਜਵਿੰਦਰ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਦਾ ਐਕਸ ਗ੍ਰੇਸ਼ੀਆ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਸ਼ਹੀਦ ਰਾਜਵਿੰਦਰ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟਾਉਂਦਿਆਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵਿਸ਼ਵਾਸ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਹਰ ਸੰਭਵ ਮਦਦ ਅਤੇ ਸਹਿਯੋਗ ਦੇਵੇਗੀ।