ਨਵੀਂ ਦਿੱਲੀ: ਸੁਪਰੀਮ ਕੋਰਟ ਦੇ ਜੱਜ ਜਸਟਿਸ ਐੱਲ ਨਾਗੇਸ਼ਵਰ ਰਾਓ ਨੇ ਪੱਤਰਕਾਰ ਤਰੁਣ ਤੇਜਪਾਲ ਦੀ ਅਰਜ਼ੀ ’ਤੇ ਸੁਣਵਾਈ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ ਹੈ। ਜਸਟਿਸ ਰਾਓ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਕੇਸ ਤੋਂ ਲਾਂਭੇ ਕਰਦੇ ਹਨ ਕਿਉਂਕਿ 2016 ’ਚ ਉਹ ਇਸੇ ਮਾਮਲੇ ’ਚ ਗੋਆ ਸਰਕਾਰ ਵੱਲੋਂ ਪੇਸ਼ ਹੋਏ ਸਨ। ਉਨ੍ਹਾਂ ਇਸ ਕੇਸ ਨੂੰ ਕਿਸੇ ਹੋਰ ਅਦਾਲਤ ਅੱਗੇ ਅਗਲੇ ਹਫ਼ਤੇ ਸੂਚੀਬੱਧ ਕਰਨ ਲਈ ਕਿਹਾ। ਤੇਜਪਾਲ ਵੱਲੋਂ ਕੇਸ ਦੀ ਸੁਣਵਾਈ ਦੀ ਰਿਕਾਰਡਿੰਗ ਕਰਾਉਣ ਦੀ ਮੰਗ ਵਾਲੀ ਅਰਜ਼ੀ ਬੰਬੇ ਹਾਈ ਕੋਰਟ ਦੇ ਗੋਆ ਬੈਂਚ ਨੇ ਪਿਛਲੇ ਸਾਲ 24 ਨਵੰਬਰ ਨੂੰ ਖਾਰਜ ਕਰ ਦਿੱਤੀ ਸੀ। -ਪੀਟੀਆਈ