ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਆਕਸੀਜਨ ਕੰਸਨਟਰੇਟਰਾਂ ਦੀ ਕਥਿਤ ਕਾਲਾਬਾਜ਼ਾਰੀ ਦੇ ਮਾਮਲੇ ’ਚ ਨਵਨੀਤ ਕਾਲੜਾ ਦੀ ਅਗਾਊਂ ਜ਼ਮਾਨਤ ਦੀ ਅਪੀਲ ਨੂੰ ਅੱਜ ਨਕਾਰ ਦਿੱਤਾ ਅਤੇ ਰਾਹਤ ਨਾ ਦੇਣ ਸਬੰਧੀ ਹੇਠਲੀ ਅਦਾਲਤ ਦੇ ਕਾਰਨਾਂ ਨਾਲ ਸਹਿਮਤੀ ਜ਼ਾਹਿਰ ਕੀਤੀ। ਸੈਸ਼ਨ ਅਦਾਲਤ ਨੇ ਬੀਤੇ ਦਿਨ ਕਾਲੜਾ ਦੀ ਅਗਾਊਂ ਜ਼ਮਾਨਤ ਅਰਜ਼ੀ ਖਾਰਜ ਕਰਦਿਆਂ ਕਿਹਾ ਸੀ ਕਿ ਉਸ ਖ਼ਿਲਾਫ਼ ਲੱਗੇ ਦੋਸ਼ ਗੰਭੀਰ ਹਨ ਅਤੇ ਪੂਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਉਸ ਨੂੰ ਹਿਰਾਸਤ ’ਚ ਲੈ ਕੇ ਪੁੱਛ-ਪੜਤਾਲ ਕੀਤੇ ਜਾਣ ਦੀ ਲੋੜ ਹੈ। ਜਸਟਿਸ ਸੁਬਰਾਮਨੀਅਮ ਪ੍ਰਸਾਦ ਨੇ ਕੇਸ ਦੀ ਅਗਲੀ ਸੁਣਵਾਈ 18 ਮਈ ਨੂੰ ਤੈਅ ਕਰਦਿਆਂ ਕਿਹਾ, ‘ਮੈਂ ਹੇਠਲੀ ਅਦਾਲਤ ਵੱਲੋਂ ਦਿੱਤੇ ਗਏ ਕਾਰਨਾਂ ਨਾਲ ਸਹਿਮਤ ਹਾਂ ਤੇ ਫਿਲਹਾਲ ਕਿਸੇ ਵੀ ਤਰ੍ਹਾਂ ਦੀ ਅੰਤਰਿਮ ਰਾਹਤ ਨਾ ਦੇਣ ਲਈ ਮੇਰੇ ਕੋਲ ਵੈਧ ਆਧਾਰ ਹੈ।’ -ਪੀਟੀਆਈ