ਭੋਪਾਲ: ਕਾਂਗਰਸ ਦੀ ਮੱਧ ਪ੍ਰਦੇਸ਼ ਇਕਾਈ ਦੇ ਪ੍ਰਧਾਨ ਕਮਲ ਨਾਥ ਅਤੇ ਪਾਰਟੀ ਦੇ ਸੀਨੀਅਰ ਆਗੂ ਦਿਗਵਿਜੈ ਸਿੰਘ ਨੇ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਐਲਾਨ ਦਾ ਸੁਆਗਤ ਕਰਦਿਆਂ ਕਿਹਾ ਕਿ ਇਹ ਕਿਸਾਨਾਂ ਦੇ ਕਰੜੇ ਸੰਘਰਸ਼ ਦੀ ਜਿੱਤ ਹੈ। ਕਮਲ ਨਾਥ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਿਛਲੇ ਵਰ੍ਹੇ ਸਤੰਬਰ ਵਿੱਚ ਸੰਸਦ ’ਚ ਪਾਸ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਇੱਕ ਸਾਲ ਤੋਂ ਵੱਧ ਸਮੇਂ ਤੋਂ ਦੇਸ਼ ਭਰ ਦੇ ਲੱਖਾਂ ਕਿਸਾਨ ਸੜਕਾਂ ’ਤੇ ਅੰਦੋਲਨ ਕਰ ਰਹੇ ਸਨ ਤੇ ਸਰਕਾਰ ਤੋਂ ਇਨ੍ਹਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੀਂਹ, ਠੰਢ ਅਤੇ ਬਹੁਤ ਜ਼ਿਆਦਾ ਗਰਮੀ ਵਿੱਚ ਵੀ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਕਿਸਾਨ ਸੜਕਾਂ ’ਤੇ ਡਟੇ ਰਹੇ। ਇਸ ਦੌਰਾਨ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਰਾਜ ਸਭਾ ਮੈਂਬਰ ਦਿਗਵਿਜੈ ਸਿੰਘ ਨੇ ਟਵੀਟ ਕਰਦਿਆਂ ਲਿਖਿਆ,‘ਮੋਦੀ ਜੀ ਨੂੰ ਧੰਨਵਾਦ। ਦੇਰ ਆਏ, ਦਰੁਸਤ ਆਏ। ਜੀਤ ਗਿਆ ਭਾਈ, ਜੀਤ ਗਿਆ, ਕਿਸਾਨ ਅੰਦੋਲਨ ਜੀਤ ਗਿਆ।’ -ਪੀਟੀਆਈ