ਕੰਗਨਾ ਰਣੌਤ ਨੇ ਸੂਬੇ ਦੀ ਭਲਾਈ ਲਈ ਹਵਨ ਕੀਤਾ, ਕਿਹਾ ਕੇਂਦਰ ਨੇ ਹਿਮਾਚਲ ਨੂੰ 10,000 ਕਰੋੜ ਰੁਪਏ ਦੀ ਸਹਾਇਤਾ ਦਿੱਤੀ
ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਅੱਜ ਮੰਡੀ ਸ਼ਹਿਰ ਦੇ ਸਿੱਧਕਾਲੀ ਮੰਦਰ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਸੂਬੇ ਅਤੇ ਦੇਸ਼ ਦੀ ਭਲਾਈ ਲਈ ਹਵਨ ਕੀਤਾ। ਇਹ ਧਾਰਮਿਕ ਰਸਮ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਸ਼ਾਂਤੀ, ਖੁਸ਼ਹਾਲੀ ਅਤੇ ਕੁਦਰਤੀ ਆਫ਼ਤਾਂ ਤੋਂ ਬਚਾਅ ਨੂੰ ਉਤਸ਼ਾਹਿਤ ਕਰਨ ਦੀ ਪਹਿਲਕਦਮੀ ਦੇ ਹਿੱਸੇ ਵਜੋਂ ਕੀਤੀ ਗਈ ਸੀ।
ਇਸ ਸਮਾਗਮ ਵਿੱਚ ਵਿਰੋਧੀ ਧਿਰ ਦੇ ਨੇਤਾ ਜੈ ਰਾਮ ਠਾਕੁਰ ਵੀ ਮੌਜੂਦ ਸਨ, ਜਿਨ੍ਹਾਂ ਨੇ ਹਵਨ ਵਿੱਚ ਹਿੱਸਾ ਲਿਆ। ਭਾਜਪਾ ਨੇ ਕਿਹਾ ਕਿ ਇਹ ਰਸਮ ਹਿਮਾਚਲ ਪ੍ਰਦੇਸ਼ ਅਤੇ ਰਾਸ਼ਟਰ ਲਈ ਬ੍ਰਹਮ ਅਸ਼ੀਰਵਾਦ ਲੈਣ ਦੇ ਮੰਤਵ ਨਾਲ ਆਯੋਜਿਤ ਕੀਤੀ ਗਈ ਸੀ।
ਮੀਡੀਆ ਨਾਲ ਗੱਲ ਕਰਦੇ ਹੋਏ ਕੰਗਨਾ ਰਣੌਤ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਨੇ ਹੁਣ ਤੱਕ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਲਗਪਗ 10,000 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਹੈ। ਉਨ੍ਹਾਂ ਨੇ ਖਾਸ ਤੌਰ 'ਤੇ ਕੁਦਰਤੀ ਆਫ਼ਤਾਂ ਦੇ ਸਮੇਂ ਸੂਬੇ ਦੀ ਸਹਾਇਤਾ ਕਰਨ ਲਈ ਕੇਂਦਰ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ।
ਜਦੋਂ ਉਨ੍ਹਾਂ ਨੂੰ ਹਾਲ ਹੀ ਵਿੱਚ ਮਾਨਸੂਨ ਕਾਰਨ ਆਏ ਹੜ੍ਹਾਂ ਦੌਰਾਨ ਉਨ੍ਹਾਂ ਦੇ ਸੰਸਦੀ ਹਲਕੇ ਮੰਡੀ ਦੇ ਪ੍ਰਭਾਵਿਤ ਇਲਾਕਿਆਂ ਵਿੱਚੋਂ ਗੈਰਹਾਜ਼ਰ ਰਹਿਣ ਬਾਰੇ ਸਵਾਲ ਕੀਤਾ ਗਿਆ, ਤਾਂ ਕੰਗਨਾ ਨੇ ਜਵਾਬ ਦਿੱਤਾ ਕਿ ਉਹ ਕੌਮੀ ਪੱਧਰ 'ਤੇ ਲੋਕ ਸੇਵਾ ਵਿੱਚ ਲੱਗੀ ਹੋਈ ਸੀ।
ਉਨ੍ਹਾਂ ਨੇ ਕਿਹਾ, ‘‘ਮੈਂ ਲਗਾਤਾਰ ਆਪਣੇ ਹਲਕੇ ਦੀ ਭਲਾਈ ਲਈ ਕੰਮ ਕਰ ਰਹੀ ਸੀ। ਦਿੱਲੀ ਵਿੱਚ, ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਅਤੇ ਕਈ ਹੋਰ ਕੇਂਦਰੀ ਮੰਤਰੀਆਂ ਨੂੰ ਮਿਲੀ, ਤਾਂ ਜੋ ਹੜ੍ਹ ਪ੍ਰਭਾਵਿਤ ਲੋਕਾਂ, ਖਾਸ ਕਰਕੇ ਮੰਡੀ ਖੇਤਰ ਦੇ ਲੋਕਾਂ ਲਈ ਵਿੱਤੀ ਰਾਹਤ ਦੀ ਮੰਗ ਕੀਤੀ ਜਾ ਸਕੇ।’’
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਦੇ ਮੌਕੇ 'ਤੇ ਕੰਗਨਾ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ, "ਮੋਦੀ ਹੈ ਤਾਂ ਮੁਮਕਿਨ ਹੈ।"